ਸ਼ੰਭੂ ਬੈਰੀਅਰ ‘ਤੇ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਬੁੱਧਵਾਰ ਨੂੰ 11 ਵਜੇ ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਵੱਲ ਕੂਚ ਕਰਨ ਦੇ ਕੀਤੇ ਗਏ ਐਲਾਨ ਤੋਂ ਬਾਅਦ ਨੌਜਵਾਨਾਂ ਨੇ ਟਰੈਕਟਰਾਂ, ਪਾਣੀ ਦੀਆਂ ਟੈਂਕੀਆਂ, ਜੇਸੀਬੀ ਮਸ਼ੀਨਾਂ ਤੇ ਹੋਰ ਸਾਜ਼ੋ-ਸਾਮਾਨ ਦੇ ਨਾਲ ਬੈਰੀਅਰ ਨੇੜੇ ਮੋਰਚਾ ਸੰਭਾਲ ਲਿਆ ਹੈ, ਉੱਥੇ ਹੀ ਦੂਜੇ ਪਾਸੇ ਹਰਿਆਣਾ ਪੁਲਿਸ ਪ੍ਰਸ਼ਾਸਨ ਵੱਲੋਂ ਵੀ ਸੀਮੈਂਟ ਦੇ ਪਿੱਲਰਾਂ ਤਾਰਾਂ ਦੇ ਨਾਲ ਬੈਰੀਕੇਡਿੰਗ ਵਧਾ ਦਿੱਤੀ ਗਈ ਹੈ।
ਜਾਣਕਾਰੀ ਅਨੁਸਾਰ ਸ਼ੰਭੂ ਬੈਰੀਅਰ ਨੇੜੇ ਮੋਰਚਾ ਸੰਭਾਲ ਰਹੇ ਕਿਸਾਨਾਂ ਤੇ ਨੌਜਵਾਨਾਂ ਨੇ ਕਿਸਾਨ ਏਕਤਾ ਜ਼ਿੰਦਾਬਾਦ ਦੇ ਨਾਅਰੇ ਲਗਾਉਂਦਿਆਂ ਕਿਹਾ ਕਿ ਉਹ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਗਏ 11 ਵਜੇ ਤਕ ਦੇ ਸਮੇਂ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਵੱਲੋਂ ਹਰਿਆਣਾ ਪੁਲਿਸ ਪ੍ਰਸ਼ਾਸਨ ਵੱਲੋਂ ਲਗਾਈ ਗਈ ਬੈਰੀਕੇਡਿੰਗ ਨੂੰ ਹਟਾਉਣਾ 15 ਮਿੰਟ ਦਾ ਕੰਮ ਹੈ। ਇਸ ਤੋਂ ਪਹਿਲਾਂ ਵੀ ਪਿਛਲੇ ਅੰਦੋਲਨ ਦੌਰਾਨ ਜਦੋਂ ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਵੱਲ ਕੂਚ ਕੀਤਾ ਗਿਆ ਸੀ। ਉਸ ਸਮੇਂ ਵੀ ਹਰਿਆਣਾ ਪੁਲਿਸ ਪ੍ਰਸ਼ਾਸਨ ਵੱਲੋਂ ਨੈਸ਼ਨਲ ਹਾਈਵੇ ‘ਤੇ ਬੈਰੀਕੇਡਿੰਗ ਕੀਤੀ ਹੋਈ ਸੀ। ਉਸ ਸਮੇਂ ਵੀ ਸੀਮੈਂਟ ਦੇ ਪਿੱਲਰਾਂ ਤੇ ਤਾਰਾਂ ਨੂੰ ਹਟਾਉਣ ਲਈ ਥੋੜ੍ਹੀ ਹੀ ਸਮਾਂ ਲੱਗਿਆ ਸੀ। ਖ਼ਬਰ ਲਿਖੇ ਜਾਣ ਤਕ ਕਿਸਾਨਾਂ ਤੇ ਨੌਜਵਾਨਾਂ ਵੱਲੋਂ ਬੈਰੀਅਰ ਨੇੜੇ ਟਰੈਕਟਰ, ਅਥਰੂ ਗੈਸ ਦੇ ਗੋਲਿਆਂ ਤੋਂ ਬਚਾਅ ਦੇ ਲਈ ਗਿੱਲੀਆਂ ਬੋਰੀਆਂ ਪਾਣੀ ਦੀਆਂ ਟੈਂਕੀਆਂ, ਜੇਸੀਬੀ ਮਸ਼ੀਨਾਂ ਤੇ ਹੋਰ ਸਾਜ਼ੋ-ਸਾਮਾਨ ਪੂਰਾ ਤਿਆਰ ਕਰ ਲਿਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਮੌਕੇ ਦੇ ਹਿਸਾਬ ਨਾਲ ਪੋਰਕਲੇਨ ਮਸ਼ੀਨ ਦੀ ਵਰਤੋਂ ਵੀ ਕੀਤੀ ਜਾ ਸਕਦੀ ਹੈ।






