ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਜੇਕਰ ਅੰਮ੍ਰਿਤਪਾਲ ਸਿੰਘ ਜਾਂ ਉਨ੍ਹਾਂ ਦੇ ਕਿਸੇ ਸਾਥੀ ਨਾਲ ਅਣਹੋਣੀ ਘਟਨਾ ਵਾਪਰਦੀ ਹੈ ਤਾਂ ਉਸ ਦੀ ਜ਼ਿੰਮੇਵਾਰ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਹੋਵੇਗੀ। ਸਰਕਾਰ ਵਲੋਂ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨਾਲ ਅਣਮਨੁਖੀ ਵਤੀਰਾ ਅਖਤਿਆਰ ਕੀਤਾ ਜਾ ਰਿਹਾ ਹੈ।
ਪੱਤਰਕਾਰਾਂ ਨਾਲ ਗੱਲ ਕਰਦਿਆਂ ਜਥੇਦਾਰ ਨੇ ਕਿਹਾ ਕਿ ਸਰਕਾਰਾਂ ਦੀਆਂ ਘਟੀਆ ਨੀਤੀਆਂ ਕਾਰਨ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਸਿੰਘਾਂ ਦੀ ਨਿਜਤਾ ਨੂੰ ਖਤਮ ਕਰਨ ਦੇ ਯਤਨ ਸਰਕਾਰ ਦੀ ਬੇਸ਼ਰਮੀ ਹੈ। ਡਿਬਰੂਗੜ੍ਹ ਜ਼ੇਲ੍ਹ ਵਿਚ ਨਜ਼ਰਬੰਦ ਸਿੰਘਾਂ ਦੇ ਸਿਰ ਮੋਬਾਈਲ ਫੋਨ ਪਾਉਣੇ ਵੀ ਗਲਤ ਹਨ, ਕਿਉਂਕਿ ਇਹ ਸਰਕਾਰੀ ਫੋਨ ਹਨ ਤੇ ਜੇਕਰ ਇਨ੍ਹਾਂ ਫੋਨਾਂ ਦੀ ਜਾਂਚ ਕਰਵਾਈ ਜਾਵੇ ਤਾਂ ਇਨ੍ਹਾਂ ਦੇ ਨੰਬਰ ਸਰਕਾਰੀ ਅਧਿਕਾਰੀਆਂ ਦੇ ਹੀ ਨਿਕਲਣਗੇ। ਇਹ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਾਥੀਆਂ ’ਤੇ ਕੀਤਾ ਜਾ ਰਿਹਾ ਅਣਮਨੁੱਖੀ ਸਰਕਾਰੀ ਤਸ਼ੱਦਦ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਇਨ੍ਹਾਂ ਸਿੰਘਾਂ ’ਤੇ ਪਾਏ ਕੇਸ ਵਾਪਸ ਲਏ ਜਾਣੇ ਚਾਹੀਦੇ ਹਨ।
ਕਿਸਾਨ ਅੰਦੋਲਨ ਬਾਰੇ ਗੱਲ ਕਰਦਿਆਂ ਜਥੇਦਾਰ ਨੇ ਕਿਹਾ ਕਿ ਹਰਿਆਣਾ ਪੁਲਿਸ ਵੱਲੋਂ ਆਪਣੇ ਹੱਕਾਂ ਦੀ ਖਾਤਰ ਸ਼ੰਘਰਸ਼ ਕਰ ਰਹੇ ਪੰਜਾਬ ਦੀ ਹੱਦ ’ਤੇ ਬੈਠੇ ਕਿਸਾਨਾਂ ’ਤੇ ਅੱਥਰੂ ਗੈਸ, ਰਬੜ ਦੀਆਂ ਗੋਲੀਆਂ ਦੀ ਵਰਤੋਂ ਕਰਨ ਤੇ ਲਾਠੀਚਾਰਜ ਨੂੰ ਮੰਦਭਾਗੀ ਕਾਰਵਾਈ ਹੈ। ਕਿਸਾਨਾਂ ਦੀਆਂ ਜਾਇਜ਼ ਮੰਗਾਂ ਹਨ ਤੇ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਮਨਣੀਆਂ ਚਾਹੀਦੀਆਂ ਹਨ। ਸਤਾ ਵਿਚ ਆਉਣ ਤੋਂ ਪਹਿਲਾਂ ਸਰਕਾਰਾਂ ਨੇ ਕਿਸਾਨਾਂ ਨਾਲ ਜੋ ਵਾਅਦੇ ਕੀਤੇ ਸਨ, ਉਨ੍ਹਾਂ ਵਾਅਦਿਆਂ ਦੀ ਪੂਰਤੀ ਹੋਣੀ ਚਾਹੀਦੀ ਹੈ। ਹਰਿਆਣਾ ਪੁਲਿਸ ਵੱਲੋਂ ਸਰਹੱਦਾਂ ਸੀਲ ਕੀਤੀਆਂ ਹਨ, ਇਹ ਮੰਦਭਾਗਾ ਵਰਤਾਰਾ ਹੈ ਤੇ ਕਿਸਾਨਾਂ ਨੂੰ ਪੇ੍ਰਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਸਾਨਾਂ ਨੂੰ ਵੀ ਕਿਹਾ ਕਿ ਸਾਡੀ ਨੀਤੀ ਅਜਿਹੀ ਹੋਣੀ ਚਾਹੀਦੀ ਹੈ ਕਿ ਕਿਸੇ ਵੀ ਵਿਅਕਤੀ ਨੂੰ ਮੁਸ਼ਕਿਲ ਪੇਸ਼ ਨਾ ਆਵੇ। ਜਥੇਦਾਰ ਨੇ ਕਿਹਾ ਕਿ ਬਾਰਡਰ ਸੀਲ ਕੀਤੇ ਜਾਣ ਨੂੰ ਅਸੀ ਜਾਇਜ਼ ਨਹੀਂ ਠਹਿਰਾ ਸਕਦੇ।






