ਰੂਪਨਗਰ :ਐਤਵਾਰ ਨੂੰ ਰੂਪਨਗਰ ਨਾਲ ਲੰਘਦੇ ਸਤਲੁੱਜ ਦਰਿਆ ਵਿਚ ਹੋ ਰਹੀ ਮਾਈਨਿੰਗ ਨੂੰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਫੇਸਬੁੱਕ ਤੇ ਲਾਈਵ ਹੋ ਕੇ ਪੋਲ ਖੋਲ ਦਿੱਤੀ ਹੈ। ਚੰਨੀ ਨੇ ਫੇਸਬੁੱਕ ’ਤੇ ਲਾਈਵ ਹੋ ਕੇ ਦੋ ਜ਼ਿਲ੍ਹਿਆਂ ਦੇ ਅਧਿਕਾਰੀਆਂ ਨੂੰ ਭਾਜੜਾ ਪਾ ਦਿੱਤੀਆਂ।
ਜਾਣਕਾਰੀ ਅਨੁਸਾਰ ਚੰਨੀ ਜਲੰਧਰ ਵਿਖੇ ਇੱਕ ਸਮਾਗਮ ਵਿਚ ਸ਼ਾਮਲ ਹੋਣ ਲਈ ਜਦੋਂ ਰੂਪਨਗਰ ਵਿਖੇ ਸਤਲੁੱਜ ਦਰਿਆ ’ਤੇ ਬਣੇ ਪੁਲ ਤੋਂ ਲੰਘ ਰਹੇ ਸੀ ਤਾਂ ਸਤਲੁਜ ਦਰਿਆ ਵਿੱਚ ਪੋਕਲੇਨ ਅਤੇ ਜੇਸੀਬੀ ਮਸ਼ੀਨਾਂ ਨਾਲ ਦਰਿਆ ਵਿੱਚੋਂ ਖਣਨ ਸਮੱਗਰੀ ਦੇ ਭਾਰੀ ਗਿਣਤੀ ਵਿੱਚ ਟਿੱਪਰ ਭਰਦੇ ਹੋਏ ਵੇਖੇ ਤਾਂ ਉਨ੍ਹਾਂ ਆਪਣੇ ਫੇਸਬੁੱਕ ਪੇਜ ’ਤੇ ਲਾਈਵ ਹੋ ਕੇ ਪੰਜਾਬ ਸਰਕਾਰ ਦੀ ਕਾਫੀ ਨੁਕਤਾਚੀਨੀ ਕੀਤੀ। ਚੰਨੀ ਨੇ ਕਿਹਾ ਕਿ ਸਤਲੁਜ ਦਰਿਆ ’ਚੋਂ ਗੈਰ ਕਾਨੂੰਨੀ ਤੌਰ ’ਤੇ ਖਣਨ ਕੀਤਾ ਜਾ ਰਿਹਾ ਹੈ ਅਤੇ ਸਤਲੁਜ ਦਰਿਆ ਦੇ ਵਹਿੰਦੇ ਪਾਣੀ ਵਿੱਚੋਂ ਖਣਨ ਕਰਨ ਲਈ ਜੇਸੀਬੀ ਤੇ ਪੋਕਲੇਨ ਮਸ਼ੀਨਾਂ ਦੀ ਵਰਤੋਂ ਕੀਤੀ ਜਾ ਰਹੀ ਹੈ, ਜਦੋਂਕਿ ਮੁੱਖ ਮੰਤਰੀ ਪੰਜਾਬ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਨਾਜਾਇਜ਼ ਖਣਨ ਨਹੀਂ ਕੀਤਾ ਜਾ ਰਿਹਾ ਤੇ ਸਾਡੇ ਰਾਜ ਵਿੱਚ ਰੇਤਾ ਸਾਢੇ ਪੰਜ ਰੁਪਏ ਪ੍ਰਤੀ ਫੁੱਟ ਦੇ ਹਿਸਾਬ ਨਾਲ ਮਿਲੇਗਾ ਤੇ ਲੇਬਰ ਦੀ ਮਦਦ ਨਾਲ ਟਰਾਲੀਆਂ ਵਿੱਚ ਭਰਿਆ ਜਾਵੇਗਾ। ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਦੇ ਦਾਅਵਿਆਂ ਦੇ ਉਲਟ ਦਰਿਆ ਵਿੱਚੋਂ ਰੇਤਾ ਭਰਨ ਲਈ ਜੇਸੀਬੀ ਤੇ ਪੋਕਲੇਨ ਮਸ਼ੀਨਾਂ ਰਾਹੀਂ ਟਿੱਪਰਾਂ ਵਿੱਚ ਭਰਿਆ ਜਾ ਰਿਹਾ ਹੈ।
ਇਸ ਸਬੰਧੀ ਸ਼ਹੀਦ ਭਗਤ ਸਿੰਘ ਨਗਰ ਨਵਾਂਸ਼ਹਿਰ ਦੇ ਡਿਪਟੀ ਕਮਿਸ਼ਨਰ ਨਵਜੋਤਪਾਲ ਸਿੰਘ ਰੰਧਾਵਾ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਦੱਸਿਆ ਕਿ ਜਿਸ ਜਗ੍ਹਾ ਖਣਨ ਕੀਤਾ ਜਾ ਰਿਹਾ ਹੈ, ਉਹ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੀ ਰੈਲ ਬਰਾਮਦ ਸਾਈਟ ਹੈ ਅਤੇ ਇਹ ਸਾਈਟ ਕਮਰਸ਼ੀਅਲ ਹੋਣ ਕਾਰਨ ਇੱਥੇ ਮਸ਼ੀਨਰੀ ਦੀ ਵਰਤੋਂ ਕੀਤੀ ਜਾ ਸਕਦੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਜ਼ਿਲ੍ਹੇ ਦੀਆਂ ਪਬਲਿਕ ਸਾਈਟਸ ’ਤੇ ਰੇਤਾ 5 ਰੁਪਏ 50 ਪੈਸੇ ਪ੍ਰਤੀ ਫੁੱਟ ਦੇ ਹਿਸਾਬ ਨਾਲ ਹੀ ਵੇਚਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਜ਼ਿਲ੍ਹੇ ਦੇ ਖਣਨ ਵਿਭਾਗ ਦੇ ਅਧਿਕਾਰੀਆਂ ਦੀ ਟੀਮ ਨੂੰ ਮੌਕੇ ’ਤੇ ਚੈਕਿੰਗ ਲਈ ਭੇਜ ਦਿੱਤਾ ਗਿਆ ਹੈ ਅਤੇ ਜੇਕਰ ਕਿਧਰੇ ਕੋਈ ਖਾਮੀ ਪਾਈ ਗਈ ਤਾਂ ਸਖਤ ਕਾਰਵਾਈ ਕੀਤੀ ਜਾਵੇਗੀ।






