12 ਫਰਵਰੀ ਨੂੰ ਜੈਤੋ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਜੇਲ੍ਹ ਵਿਚ ਮੌਤ ਹੋਣ ਉਪਰੰਤ ਉਸ ਦੇ ਪਰਿਵਾਰਕ ਮੈਂਬਰਾਂ ਵੱਲੋਂ ਪੁਲਿਸ ’ਤੇ ਗੰਭੀਰ ਦੋਸ਼ ਲਾਏ ਹਨ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਅਨੁਸਾਰ ਉਸ ਦੀ ਮੌਤ ਪੁਲਿਸ ਵੱਲੋਂ ਕਥਿਤ ਤੌਰ ’ਤੇ ਕੁੱਟਮਾਰ ਕਰਨ ਨਾਲ ਹੋਈ ਹੈ ਜਦਕਿ ਪੁਲਿਸ ਨੇ ਦੋਸ਼ਾਂ ਨੂੰ ਨਕਾਰਦਿਆਂ ਉਸ ਦੀ ਮੌਤ ਕਿਸੇ ਬਿਮਾਰੀ ਕਾਰਨ ਹੋਈ ਦੱਸੀ ਜਾ ਰਹੀ ਹੈ। ਫਿਲਹਾਲ ਪੁਲਿਸ ਵੱਲੋਂ ਪੋਸਟਮਾਰਟਮ ਰਿਪੋਰਟ ਦੀ ਉਡੀਕ ਕੀਤੀ ਜਾ ਰਹੀ ਹੈ।
ਇਸ ਸਬੰਧੀ ਸਥਾਨਕ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਦੇ ਪੋਸਟਮਾਰਟਮ ਵਿਭਾਗ ’ਚ ਪਹੁੰਚੇ ਮ੍ਰਿਤਕ ਮਨਜਿੰਦਰ ਸਿੰਘ ਦੇ ਪਿਤਾ ਬਲਜਿੰਦਰ ਸਿੰਘ, ਭੈਣ ਗਗਨਦੀਪ ਕੌਰ ਅਤੇ ਮਾਂ ਨੇ ਜੈਤੋ ਪੁਲਿਸ ’ਤੇ ਗੰਭੀਰ ਦੋਸ਼ ਲਾਏ। ਉਨ੍ਹਾਂ ਦੋਸ਼ ਲਾਇਆ ਕਿ ਪੁਲਿਸ ਵੱਲੋਂ ਉਨ੍ਹਾਂ ਦੇ ਪੁੱਤਰ ਨੂੰ ਕਥਿਤ ਤੌਰ ’ਤੇ ਗਲਤ ਮਾਮਲੇ ਵਿਚ ਫਸਾਇਆ ਤੇ ਉਸ ਦੀ ਵਹਿਸ਼ੀ ਢੰਗ ਨਾਲ ਕੁੱਟਮਾਰ ਕੀਤੀ ਗਈ। ਇੰਨਾ ਹੀ ਨਹੀਂ, ਪੁਲਿਸ ਨੇ ਉਨ੍ਹਾਂ ਦੇ ਪੁੱਤਰ ਦੀ ਗ੍ਰਿਫ਼ਤਾਰੀ ਬਾਰੇ ਪਰਿਵਾਰ ਨੂੰ ਕੋਈ ਜਾਣਕਾਰੀ ਨਹੀਂ ਦਿੱਤੀ ਅਤੇ ਜਦੋਂ ਉਨ੍ਹਾਂ ਨੂੰ ਪਤਾ ਲੱਗਾ ਤਾਂ ਪੁਲਿਸ ਉਸ ਨੂੰ ਫਰੀਦਕੋਟ ਜੇਲ੍ਹ ਵਿਚ ਛੱਡ ਕੇ ਜਾ ਚੁੱਕੀ ਸੀ।
ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਨੂੰ ਆਪਣੇ ਪੁੱਤਰ ਦੇ ਜੇਲ੍ਹ ਵਿਚ ਹੋਣ ਬਾਰੇ ਪਤਾ ਲੱਗਾ ਤਾਂ ਉਹ ਕੱਲ੍ਹ ਉਸ ਨੂੰ ਮਿਲਣ ਫਰੀਦਕੋਟ ਜੇਲ੍ਹ ਗਏ ਜਿੱਥੋਂ ਉਨ੍ਹਾਂ ਨੂੰ ਪਤਾ ਲੱਗਾ ਕਿ ਉਹ ਸਿਵਲ ਹਸਪਤਾਲ ’ਚ ਦਾਖਲ ਹੈ। ਜਦੋਂ ਉਹ ਸਿਵਲ ਹਸਪਤਾਲ ਪੁੱਜੇ ਤਾਂ ਉਨ੍ਹਾਂ ਨੂੰ ਦੱਸਿਆ ਗਿਆ ਕਿ ਉਹ ਤਾਂ ਜੀਜੀਐੱਸਐੱਮਸੀਐੱਚ ’ਚ ਦਾਖ਼ਲ ਹੈ ਅਤੇ ਜਦੋਂ ਉਹ ਉਥੇ ਪੁੱਜੇ ਤਾਂ ਪਤਾ ਲੱਗਾ ਕਿ ਉਸ ਦੀ ਤਾਂ ਮੌਤ ਹੋ ਚੁੱਕੀ ਹੈ ਅਤੇ ਲਾਸ਼ ਮੁਰਦਾਘਰ ਵਿਚ ਰੱਖੀ ਹੋਈ ਹੈ। ਉਨ੍ਹਾਂ ਪੁਲਿਸ ’ਤੇ ਦੋਸ਼ ਲਾਉਂਦਿਆਂ ਕਿਹਾ ਕਿ ਪੁਲਿਸ ਵੱਲੋਂ ਕੀਤੀ ਗਈ ਕੁੱਟਮਾਰ ਕਾਰਨ ਉਨ੍ਹਾਂ ਦੇ ਪੁੱਤਰ ਦੀ ਮੌਤ ਹੋਈ ਹੈ। ਪਰਿਵਾਰ ਦਾ ਦੋਸ਼ ਹੈ ਕਿ ਮਈ, 2022 ’ਚ ਕੁਝ ਲੜਕਿਆਂ ਨੇ ਮਨਜਿੰਦਰ ਦੀ ਜੰਮ ਕੇ ਕੁੱਟਮਾਰ ਕੀਤੀ ਜਿਸ ਦਾ ਵੀਡੀਓ ਵੀ ਵਾਇਰਲ ਹੋਇਆ ਪਰ ਪੁਲਿਸ ਨੇ ਉਸ ਸਮੇਂ ਕੋਈ ਕਾਰਵਾਈ ਨਹੀਂ ਕੀਤੀ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਖਦਸ਼ਾ ਹੈ ਕਿ ਉਨ੍ਹਾਂ ਦੀ ਪੁੱਤਰ ਦੀ ਮੌਤ ਦਾ ਉਸ ਮਾਮਲੇ ਨਾਲ ਕੋਈ ਨਾ ਕੋਈ ਕੁਨੈਕਸ਼ਨ ਜ਼ਰੂਰ ਹੈ। ਇਸ ਲਈ ਉਨ੍ਹਾਂ ਨੇ ਇਸ ਮਾਮਲੇ ਦੀ ਜਾਂਚ ਦੀ ਮੰਗ ਕਰਦਿਆਂ ਉਨ੍ਹਾਂ ਨੂੰ ਇਨਸਾਫ ਦੇਣ ਦੀ ਮੰਗ ਕੀਤੀ ਸੀ।
ਇਸ ਪੂਰੇ ਮਾਮਲੇ ’ਤੇ ਜਦੋਂ ਐੱਸਪੀ (ਡੀ) ਜਸਮੀਤ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਪਰਿਵਾਰ ਵੱਲੋਂ ਲਗਾਏ ਜਾ ਰਹੇ ਸਾਰੇ ਦੋਸ਼ ਝੂਠੇ ਅਤੇ ਬੇਬੁਨਿਆਦ ਹਨ। ਉਨ੍ਹਾਂ ਦੱਸਿਆ ਕਿ ਇਸ ਲੜਕੇ ਨੂੰ ਤਿੰਨ ਹੋਰ ਸਾਥੀਆਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਨ੍ਹਾਂ ਕੋਲੋਂ ਨਾਜਾਇਜ਼ ਹਥਿਆਰ ਬਰਾਮਦ ਕੀਤੇ ਗਏ ਸਨ। ਪੁਲਿਸ ਰਿਮਾਂਡ ਖਤਮ ਹੋਣ ਤੋਂ ਬਾਅਦ 15 ਫਰਵਰੀ ਨੂੰ ਉਸ ਨੂੰ ਫ਼ਰੀਦਕੋਟ ਜੇਲ੍ਹ ਭੇਜ ਦਿੱਤਾ ਗਿਆ ਸੀ। ਉਨ੍ਹਾਂ ਦੱਸਿਆ ਕਿ 25 ਫਰਵਰੀ ਨੂੰ ਜੇਲ੍ਹ ਦੇ ਅੰਦਰ ਉਸ ਦੀ ਤਬੀਅਤ ਖਰਾਬ ਹੋ ਗਈ ਅਤੇ ਉਸ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਮ੍ਰਿਤਕ ਗੰਭੀਰ ਬਿਮਾਰੀਆਂ ਦਾ ਸ਼ਿਕਾਰ ਸੀ ਅਤੇ ਉਸ ਦੀ ਮੌਤ ਦਾ ਕਾਰਨ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਪਤਾ ਚੱਲੇਗਾ। ਪਹਿਲਾਂ ਕੀਤੀ ਗਈ ਕੁੱਟਮਾਰ ਦੇ ਮਾਮਲੇ ਵਿਚ ਉਨ੍ਹਾਂ ਕਿਹਾ ਕਿ ਇਸ ਸਬੰਧੀ ਜੈਤੋ ਪੁਲਿਸ ਨੇ ਅਪਰਾਧਿਕ ਧਾਰਾ 307 ਤਹਿਤ ਮਾਮਲਾ ਦਰਜ ਕੀਤਾ ਸੀ ਜਿਸ ਵਿਚ 5 ਲੋਕਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਖ਼ਿਲਾਫ਼ ਚਾਲਾਨ ਪੇਸ਼ ਕੀਤਾ ਜਾ ਚੁੱਕਾ ਹੈ ਜਦਕਿ 2 ਹੋਰਨਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਕੇ ਜੇਲ੍ਹ ਭੇਜ ਦਿੱਤਾ ਗਿਆ ਹੈ।






