ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਅਤੇ ਕਿਸਾਨ ਮਜ਼ਦੂਰ ਮੋਰਚੇ ਦੀ ਅਗਵਾਈ ’ਚ 13 ਫਰਵਰੀ ਤੋਂ ਚੱਲ ਰਿਹਾ ਕਿਸਾਨ ਅੰਦੋਲਨ ਬੁੱਧਵਾਰ ਨੂੰ 23ਵੇਂ ਦਿਨ ਵੀ ਜਾਰੀ ਰਿਹਾ।
ਕਰਨਾਟਕ, ਕੇਰਲ, ਤਾਮਿਲਨਾਡੂ, ਆਂਧਰਾ ਪ੍ਰਦੇਸ਼, ਤੇਲੰਗਾਨਾ ਅਤੇ ਮਹਾਰਾਸ਼ਟਰ ਤੋਂ ਹੀ ਲੋਕ ਰੇਲਗੱਡੀ ਰਾਹੀਂ ਨਿੱਕਲੇ ਹਨ ਪਰ ਹੁਣ ਜੰਤਰ-ਮੰਤਰ ’ਤੇ ਸਰਕਾਰ ਨੇ ਧਾਰਾ 144 ਲਾਈ ਹੋਈ ਹੈ। ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਭਾਜਪਾ ਸਰਕਾਰ ਤੋਂ ਪੁੱਛਿਆ ਕਿ ਜਿਹੜੇ ਲੋਕ ਰੇਲ ਗੱਡੀਆਂ ਦੇ ਰਾਹੀਂ ਦਿੱਲੀ ਜਾਣਾ ਚਾਹੁੰਦੇ ਹਨ ਉਨ੍ਹਾਂ ਨੂੰ ਭਾਜਪਾ ਦਿੱਲੀ ਜਾਣ ਦੀ ਇਜਾਜ਼ਤ ਕਿਉਂ ਨਹੀਂ ਦੇ ਰਹੀ। ਇਸ ਤੋਂ 2 ਗੱਲਾਂ ਸਾਫ ਹਨ ਕਿ ਇੱਕ ਪਾਸੇ ਕਿਸਾਨਾਂ ਨੂੰ ਦਿੱਲੀ ਨਹੀਂ ਆਉਣ ਦੇਣਾ ਚਾਹੁੰਦੀ ਅਤੇ ਦੂਜੇ ਪਾਸੇ ਕਿਸਾਨ ਅੰਦੋਲਨ-2 ਸਿਰਫ ਪੰਜਾਬ ਹੀ ਨਹੀ ਸਗੋਂ ਪੂਰੇ ਭਾਰਤ ’ਚ ਫੈਲ ਚੁੱਕਾ ਹੈ।
ਮੋਰਚੇ ਨੇ ਕਿਹਾ ਕਿ ਜਦੋਂ ਅਸੀ ਐਲਾਨ ਕੀਤਾ ਸੀ ਕਿ ਕਿਸਾਨ ਸੰਭੂ ਅਤੇ ਖਨੋਰੀ, ਬਾਰਡਰਾਂ ਤੱਕ ਉਦੋਂ ਤੱਕ ਬੈਠਣਗੇ ਜਦੋਂ ਤੱਕ ਸਰਕਾਰ ਰਸਤਾ ਨਹੀਂ ਖੋਲ੍ਹ ਦਿੰਦੀ ਅਤੇ ਦਿੱਲੀ ਜਾਣ ਦੀ ਇਜਾਜ਼ਤ ਨਹੀਂ ਦਿੰਦੀ। ਜਿਹੜੇ ਲੋਕ ਦਿੱਲੀ ਪਹੁੰਚਣਾ ਚਾਹੁੰਦੇ ਹਨ ਉਨ੍ਹਾਂ ਨੂੰ ਰੋਕਣਾ ਸਰਕਾਰ ਦੀ ਗਲਤ ਇੱਛਾ ਨੂੰ ਦਰਸਾਉਂਦਾ ਹੈ। ਦਿੱਲੀ ਅਤੇ ਹਰਿਆਣਾ ਦੇ ਵਪਾਰੀਆਂ ਨੂੰ ਹਰਿਆਣਾ ਅਤੇ ਦਿੱਲੀ ਰਾਜਮਾਰਗ ਬੰਦ ਦਾ ਹਵਾਲਾ ਦੇ ਕੇ ਪਰੇਸ਼ਾਨ ਕਿਉਂ ਕੀਤਾ ਜਾ ਰਿਹਾ ਹੈ। ਇਸ ਕਾਰਨ ਵਪਾਰੀਆਂ ਅਤੇ ਆਮ ਲੋਕਾਂ ਨੂੰ ਭਾਰੀ ਨੁਕਸਾਨ ਝੱਲਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ 10 ਮਾਰਚ ਨੂੰ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਅਤੇ ਕਿਸਾਨ ਮਜ਼ਦੂਰ ਮੋਰਚਾ ਪੰਜਾਬ ਅਤੇ ਪੰਜਾਬ ਦੇ 23 ਜ਼ਿਲ੍ਹਿਆਂ ਸਣੇ ਪੂਰੇ ਭਾਰਤ ਅੰਦਰ ਦੁਪਹਿਰ 12 ਤੋਂ ਸ਼ਾਮ 4 ਵਜੇ ਤੱਕ ਸਾਰੀਆਂ ਰੇਲ ਗੱਡੀਆਂ ਰੋਕ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
ਖਾਪ ਪੰਚਾਇਤਾਂ ਦੀ ਕਿਸਾਨ ਅੰਦੋਲਨ ਨੂੰ ਹਮਾਇਤ : ਬਲਹਾਰਾ
ਇਸ ਮੌਕੇ ਕਿਸਾਨ ਆਗੂ ਅਸ਼ੋਕ ਬਲਹਾਰਾ ਨੇ ਕਿਹਾ ਕਿ ਹਰਿਆਣਾ ਦੇ ਰੋਹਤਕ ਵਿੱਚ ਅੱਜ ਸਮੂਹ ਖਾਪ ਪੰਚਾਇਤਾਂ ਵੱਲੋਂ ਕਿਸਾਨ ਅੰਦੋਲਨ-2 ਨੂੰ ਪੂਰਾ ਸਮਰਥਨ ਦਿੱਤਾ ਜਾ ਰਿਹਾ ਹੈ। ਪੰਚਾਇਤਾਂ ਨੇ ਸਰਕਾਰ ਨੂੰ ੁਚਿਤਾਵਨੀ ਦਿੱਤੀ ਹੈ ਕਿ 16 ਮਾਰਚ ਤੱਕ ਜੇਕਰ ਕਿਸਾਨਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਨੇ ਹਰਿਆਣਾ ਸਰਕਾਰ ਦੇ ਖਿਲਾਫ ਆਪਣੀਆਂ ਮੰਗਾਂ ਮਨਵਾਉਣ ਦੇ ਲਈ ਸਾਰੇ ਜ਼ਿਲ੍ਹਿਆਂ ’ਚ ਮੋਰਚੇ ਲਗਾਉਣ ਦਾ ਐਲਾਨ ਕੀਤਾ।






