ਅੰਮ੍ਰਿਤਸਰ : ਪਿਛਲੇ ਲਗਪਗ ਇੱਕ ਸਾਲ ਤੋਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਦੇ ਮਾਮਲਿਆਂ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਸਬ-ਕਮੇਟੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ 13 ਮਾਰਚ ਤੱਕ ਮੁਲਾਕਾਤ ਦਾ ਸਮਾਂ ਦੇਣ ਲਈ ਆਖਿਆ ਹੈ।
ਪੰਜ ਮੈਂਬਰੀ ਸਬ-ਕਮੇਟੀ ਦੀ ਇਕੱਤਰਤਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਗੁਰਬਖ਼ਸ਼ ਸਿੰਘ ਖ਼ਾਲਸਾ ਦੀ ਅਗਵਾਈ ਵਿੱਚ ਹੋਈ। ਇਕੱਤਰਤਾ ਵਿੱਚ ਸਬ-ਕਮੇਟੀ ਦੇ ਮੈਂਬਰ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਜਿੰਦਰ ਸਿੰਘ ਮਹਿਤਾ, ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸਿੱਖ ਚਿੰਤਕ ਅਜਮੇਰ ਸਿੰਘ ਅਤੇ ਡਾ. ਸੁਖਪ੍ਰੀਤ ਸਿੰਘ ਉੱਦੋਕੇ ਹਾਜ਼ਰ ਸਨ। ਲਗਭਗ 3 ਘੰਟੇ ਚੱਲੀ ਇਕੱਤਰਤਾ ਵਿੱਚ ਡਿਬਰੂਗੜ੍ਹ ਅਤੇ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹਾਂ ਅੰਦਰ ਨਜ਼ਰਬੰਦ ਸਿੰਘਾਂ ਦੇ ਮਾਮਲਿਆਂ ਸਬੰਧੀ ਦੀਰਘ ਵਿਚਾਰ-ਵਟਾਂਦਰਾ ਕੀਤਾ ਗਿਆ।
ਇਕੱਤਰਤਾ ਉਪਰੰਤ ਮੀਡੀਆ ਨਾਲ ਗੱਲ ਕਰਦਿਆ ਗੁਰਬਖ਼ਸ਼ ਸਿੰਘ ਖ਼ਾਲਸਾ ਨੇ ਕਿਹਾ ਕਿ ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਸਿੰਘਾਂ ਦੇ ਮਨੁੱਖੀ ਅਧਿਕਾਰਾਂ ਦੇ ਘਾਣ ਅਤੇ ਰਚੀਆਂ ਜਾ ਰਹੀਆਂ ਸਾਜ਼ਿਸ਼ਾਂ ਕਾਰਨ ਪੈਦਾ ਹੋਏ ਹਾਲਾਤ ਕਾਰਨ ਅੰਮ੍ਰਿਤਪਾਲ ਸਿੰਘ ਅਤੇ ਸਾਥੀ ਸਿੰਘਾਂ ਨੂੰ ਡਿਬਰੂਗੜ੍ਹ ਜੇਲ੍ਹ ਅਤੇ ਕੇਂਦਰੀ ਜੇਲ੍ਹ ਅੰਮ੍ਰਿਤਸਰ ਵਿੱਚ ਭੁੱਖ ਹੜਤਾਲ ਲਈ ਮਜਬੂਰ ਹੋਣਾ ਪਿਆ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਵਿਖੇ ਨਜ਼ਰਬੰਦ ਸਿੰਘਾਂ ਦੇ ਪਰਿਵਾਰ ਵੀ ਭੁੱਖ ਹੜਤਾਲ ‘ਤੇ ਬੈਠੇ ਹਨ ਪਰੰਤੂ ਸਰਕਾਰ ਵੱਲੋਂ ਇਸ ਪ੍ਰਤੀ ਨਕਾਰਾਤਮਕ ਰਵੱਈਆ ਅਖਤਿਆਰ ਕੀਤਾ ਹੋਣ ਕਾਰਨ ਸਿੱਖ ਸੰਗਤਾਂ ਵਿੱਚ ਭਾਰੀ ਰੋਸ ਹੈ।
ਖ਼ਾਲਸਾ ਨੇ ਕਿਹਾ ਕਿ ਇਕੱਤਰਤਾ ਵਿੱਚ ਇਸ ਮਾਮਲੇ ਸਬੰਧੀ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੂੰ 13 ਮਾਰਚ 2024 ਤੱਕ ਸਮਾਂ ਦੇਣ ਲਈ ਆਖਿਆ ਗਿਆ ਹੈ ਤਾਂ ਜੋ ਨਜ਼ਰਬੰਦ ਸਿੰਘਾਂ ਦੀਆਂ ਮੰਗਾਂ ਨੂੰ ਪੂਰਾ ਕਰਵਾਉਣ ਲਈ ਗੱਲਬਾਤ ਕੀਤੀ ਜਾ ਸਕੇ। ਉਨ੍ਹਾਂ ਕਿਹਾ ਜੇਕਰ ਮੁੱਖ ਮੰਤਰੀ ਪੰਜਾਬ ਵੱਲੋਂ 13 ਮਾਰਚ 2024 ਤੱਕ ਸਮਾਂ ਨਹੀਂ ਦਿੱਤਾ ਜਾਂਦਾ ਜਾਂ ਸਮਾਂ ਦੇ ਕੇ ਵੀ ਮਸਲੇ ਦੇ ਹੱਲ ਵਾਸਤੇ ਕੋਈ ਸਾਰਥਕ ਹੁੰਗਾਰਾ ਨਹੀਂ ਭਰਿਆ ਜਾਂਦਾ ਤਾਂ ਅਗਲੇ ਪ੍ਰੋਗਰਾਮ ਬਾਰੇ ਵਿਚਾਰ ਕਰਨ ਵਾਸਤੇ 14 ਮਾਰਚ ਨੂੰ ਸਬ-ਕਮੇਟੀ ਦੀ ਇਕੱਤਰਤਾ 2 ਵਜੇ ਇਕੱਤਰਤਾ ਹਾਲ ਦਫ਼ਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਖੇ ਰੱਖ ਲਈ ਗਈ ਹੈ।






