ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਅੱਜ ਸਥਾਨਕ ਹੋਟਲ ਹੈੱਡ ਕੁਆਰਟਰ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਸਮਾਜ ਸੇਵਕ ਲੱਖਾ ਸਿਧਾਣਾ ਨੂੰ ਲੋਕ ਸਭਾ ਹਲਕਾ ਬਠਿੰਡਾ ਤੋਂ ਉਮੀਦਵਾਰ ਐਲਾਨਿਆ ਹੈ।
ਇਸ ਮੌਕੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਦੱਸਿਆ ਕਿ ਉਨ੍ਹਾਂ ਦੀ ਪਾਰਟੀ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਜੰਮੂ-ਕਸ਼ਮੀਰ ਤੋਂ ਲੋਕ ਸਭਾ ਦੀ ਚੋਣ ਲੜ ਰਹੀ ਹੈ। ਸਮਾਜ ਸੇਵਕ ਲੱਖਾ ਸਿਧਾਣਾ ਨੂੰ ਉਨ੍ਹਾਂ ਦੀਆਂ ਪੰਜਾਬ ਦੇ ਲੋਕਾਂ ਅਤੇ ਪੰਜਾਬੀ ਮਾਂ ਬੋਲੀ ਦੀ ਸੇਵਾ ਨੂੰ ਮੁੱਖ ਰੱਖਦਿਆਂ ਲੋਕ ਸਭਾ ਹਲਕਾ ਬਠਿੰਡਾ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਜਾ ਰਿਹਾ ਹੈ।
ਪਾਰਟੀ ਵੱਲੋਂ ਹੁਣ ਤੱਕ ਐਲਾਨੇ ਗਏ ਉਮੀਦਵਾਰ
ਲੋਕ ਸਭਾ ਹਲਕਾ ਸੰਗਰੂਰ ਤੋਂ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ, ਪਟਿਆਲਾ ਤੋਂ ਪ੍ਰੋ. ਮਹਿੰਦਰਪਾਲ ਸਿੰਘ, ਲੁਧਿਆਣਾ ਤੋਂ ਅੰਮ੍ਰਿਤਪਾਲ ਸਿੰਘ ਛੰਦੜਾ, ਫਰੀਦਕੋਟ ਤੋਂ ਬਲਦੇਵ ਸਿੰਘ ਗਗੜਾ, ਸ੍ਰੀ ਆਨੰਦਪੁਰ ਸਾਹਿਬ ਤੋਂ ਇੰਜੀਨੀਅਰ ਕੁਸ਼ਲਪਾਲ ਸਿੰਘ ਮਾਨ, ਅੰਮ੍ਰਿਤਸਰ ਤੋਂ ਈਮਾਨ ਸਿੰਘ ਮਾਨ, ਖਡੂਰ ਸਾਹਿਬ ਤੋਂ ਹਰਪਾਲ ਸਿੰਘ ਬਲੇਰ ਅਤੇ ਫਿਰੋਜ਼ਪੁਰ ਤੋਂ ਭੁਪਿੰਦਰ ਸਿੰਘ ਭੁੱਲਰ ਨੂੰ ਪਾਰਟੀ ਵੱਲੋਂ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ।





