ਚਮਕੌਰ ਸਾਹਿਬ ਦੀ ਧਰਤੀ ’ਤੇ ਚੱਲ ਰਹੇ ਤਿੰਨ ਰੋਜ਼ਾ ਸ਼ਹੀਦੀ ਜੋੜ ਮੇਲ ਦੇ ਅੱਜ ਅੰਤਿਮ ਦਿਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਗੜ੍ਹੀ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ ਅਤੇ ਇਸ ਦੇ ਨਾਲ ਹੀ ਨਿਹੰਗ ਸਿੰਘਾਂ ਨੇ ਵੀ ਮਹੱਲਾ ਕੱਢਿਆ, ਜਿਸ ਮਗਰੋਂ ਤਿੰਨ ਰੋਜ਼ਾ ਸ਼ਹੀਦੀ ਸਮਾਗਮ ਸਮਾਪਤ ਹੋਇਆ। ਸ੍ਰੀ ਗੁਰੂ ਗੋਬਿੰਦ ਸਿੰਘ ਦੇ ਵੱਡੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ ਤੇ ਬਾਬਾ ਜੁਝਾਰ ਸਿੰਘ, ਤਿੰਨ ਪਿਆਰਿਆਂ ਅਤੇ ਹੋਰ ਮਹਾਨ ਸ਼ਹੀਦ ਸਿੰਘਾਂ ਨੂੰ ਸਮਰਪਿਤ ਸਜਾਇਆ ਗਿਆ ਅਲੌਕਿਕ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਹੇਠ ਰਵਾਨਾ ਕੀਤਾ ਗਿਆ। ਇਸ ਨਗਰ ਕੀਰਤਨ ਦੇ ਰਵਾਨਾ ਹੋਣ ਦੀ ਅਰਦਾਸ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਗੜਗੱਜ ਵਲੋਂ ਕੀਤੀ ਗਈ। ਇਹ ਨਗਰ ਕੀਰਤਨ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ, ਗੁਰਦੁਆਰਾ ਸ੍ਰੀ ਦਮਦਮਾ ਸਾਹਿਬ, ਗੁਰਦੁਆਰਾ ਸ੍ਰੀ ਰਣਜੀਤਗੜ੍ਹ ਸਾਹਿਬ ਅਤੇ ਗੁਰਦੁਆਰਾ ਸ੍ਰੀ ਤਾੜੀ ਸਾਹਿਬ ਸਮੇਤ ਹੋਰ ਗੁਰਧਾਮਾਂ ਵਿੱਚ ਨਤਮਸਤਕ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਪਹੁੰਚ ਕੇ ਸੰਪੰਨ ਹੋਇਆ। ਨਗਰ ਕੀਰਤਨ ਦੌਰਾਨ ਮੀਰੀ ਪੀਰੀ ਅਖਾੜਾ ਅਤੇ ਅਕਾਲ ਅਕੈਡਮੀ ਦੇ ਸਿੰਘਾਂ ਨੇ ਗਤਕੇ ਦੇ ਜੌਹਰ ਵਿਖਾਏ।
ਨਗਰ ਕੀਰਤਨ ਦੀ ਆਰੰਭਤਾ ਸਮੇਂ ਸ਼੍ਰੋਮਣੀ ਕਮੇਟੀ ਮੈਂਬਰ ਪਰਮਜੀਤ ਸਿੰਘ ਲੱਖੇਵਾਲ, ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਮੈਨੇਜਰ ਭਾਈ ਗੁਰਮੁੱਖ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਹਰਮੋਹਣ ਸਿੰਘ ਸੰਧੂ, ਸਮਾਜ ਸੇਵੀ ਅਮਨਦੀਪ ਸਿੰਘ ਮਾਂਗਟ, ਸਾਬਕਾ ਵਿਧਾਇਕ ਹਰਜਿੰਦਰ ਸਿੰਘ ਚੰਦੂਮਾਜਰਾ, ਬਲਦੇਵ ਸਿੰਘ ਹਾਫਿਜ਼ਾਬਾਦ, ਬਾਈ ਪਰਮਿੰਦਰ ਸਿੰਘ ਸੇਖੋਂ ਅਤੇ ਪ੍ਰਿੰਸੀਪਲ ਕਿਰਨਜੋਤ ਕੌਰ ਖੰਗੂੜਾ ਸਮੇਤ ਕਈ ਧਾਰਮਿਕ, ਸਮਾਜਿਕ ਅਤੇ ਸਿਆਸੀ ਸ਼ਖਸੀਅਤਾਂ ਸ਼ਾਮਲ ਸਨ। ਜੋੜ ਮੇਲ ਦੇ ਤਿੰਨ ਦਿਨਾਂ ਦੀ ਨਿਗਰਾਨੀ ਜ਼ਿਲ੍ਹਾ ਪੁਲੀਸ ਮੁਖੀ ਗੁਰਲੀਨ ਸਿੰਘ ਖੁਰਾਣਾ ਤੇ ਐਸਡੀਐਮ ਅਮਰੀਕ ਸਿੰਘ ਸਿੱਧੂ ਦੀ ਅਗਵਾਈ ਹੇਠ ਕੀਤੀ ਗਈ, ਜਦੋਂ ਕਿ ਐੱਸਪੀ (ਐੱਚ) ਅਰਵਿੰਦ ਮੀਨਾ ਆਈ ਪੀਐੱਸ, ਡੀਐਸਪੀ ਮਨਜੀਤ ਸਿੰਘ ਔਲਖ ਅਤੇ ਥਾਣਾ ਮੁਖੀ ਇੰਸਪੈਕਟਰ ਗੁਰਪ੍ਰੀਤ ਸਿੰਘ ਨੇ ਪੁਲੀਸ ਮੁਲਾਜ਼ਮਾਂ ਸਮੇਤ ਨਿਹੰਗ ਸਿੰਘਾਂ ਵਲੋਂ ਕੱਢੇ ਗਏ ਮਹੱਲੇ ਦੀ ਨਿਗਰਾਨੀ ਕੀਤੀ। ਜ਼ਿਕਰਯੋਗ ਹੈ ਕਿ ਮੇਨ ਸੜਕ ’ਤੇ ਲਗਾਏ ਗਏ ਲੰਗਰਾਂ ਕਾਰਨ ਆਵਾਜਾਈ ਬਹੁਤ ਪ੍ਰਭਾਵਿਤ ਹੋਈ ਜਿਸ ਕਾਰਨ ਸੰਗਤ ਨੂੰ ਗੁਰਧਾਮਾਂ ਵਿੱਚ ਜਾਣ ਲਈ ਬਹੁਤ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।







