ਚੋਣ ਕਮਿਸ਼ਨ ਨੇ ਵੀਰਵਾਰ ਨੂੰ ਪੱਛਮੀ ਬੰਗਾਲ ਦੇ ਮੁੱਖ ਚੋਣ ਅਧਿਕਾਰੀ (ਸੀਈਓ) ਦੇ ਉਸ ਪ੍ਰਸਤਾਵ ਨੂੰ ਰੱਦ ਕਰ ਦਿੱਤਾ ਹੈ ਜਿਸ ਵਿੱਚ ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਗਹਿਨ ਨਜ਼ਰਸਾਨੀ (SIR) ਦੌਰਾਨ ਤਸਦੀਕ ਲਈ ਦਸਵੀਂ ਜਮਾਤ (ਮਾਧਿਅਮਿਕ) ਦੇ ਐਡਮਿਟ ਕਾਰਡ ਨੂੰ ਇੱਕ ਵੈਧ ਦਸਤਾਵੇਜ਼ ਵਜੋਂ ਸਵੀਕਾਰ ਕਰਨ ਦੀ ਮੰਗ ਕੀਤੀ ਗਈ ਸੀ।
ਰਾਜ ਦੇ ਸੀਈਓ ਨੂੰ ਭੇਜੇ ਇੱਕ ਸੰਦੇਸ਼ ਵਿੱਚ ਚੋਣ ਕਮਿਸ਼ਨ ਨੇ ਸਪੱਸ਼ਟ ਕੀਤਾ ਕਿ ਇਸ ਪ੍ਰਸਤਾਵ ਦੀ ਘੋਖ ਕਰਨ ਤੋਂ ਬਾਅਦ ਇਹ ਪਾਇਆ ਗਿਆ ਕਿ ਮਾਧਿਅਮਿਕ ਐਡਮਿਟ ਕਾਰਡ ਇਸ ਪ੍ਰਕਿਰਿਆ ਲਈ ਨਿਰਧਾਰਿਤ ਪ੍ਰਵਾਨਿਤ ਦਸਤਾਵੇਜ਼ਾਂ ਦੀ ਸੂਚੀ ਵਿੱਚ ਸ਼ਾਮਲ ਨਹੀਂ ਹੈ। ਕਮਿਸ਼ਨ ਨੇ ਨੋਟ ਕੀਤਾ ਕਿ 27 ਅਕਤੂਬਰ 2025 ਨੂੰ ਜਾਰੀ ਕੀਤੇ ਗਏ ਨਿਰਦੇਸ਼ਾਂ ਅਨੁਸਾਰ ਵੀ ਪੱਛਮੀ ਬੰਗਾਲ ਵਿੱਚ ਇਸ ਦਸਤਾਵੇਜ਼ ਨੂੰ ਤਸਦੀਕ ਦੇ ਉਦੇਸ਼ਾਂ ਲਈ ਮਾਨਤਾ ਨਹੀਂ ਦਿੱਤੀ ਗਈ ਹੈ।
ਇਸ ਲਈ ਕਮਿਸ਼ਨ ਨੇ ਫੈਸਲਾ ਸੁਣਾਇਆ ਕਿ ਮਾਧਿਅਮਿਕ ਐਡਮਿਟ ਕਾਰਡ ਨੂੰ ਵੈਧ ਦਸਤਾਵੇਜ਼ ਵਜੋਂ ਸਵੀਕਾਰ ਕਰਨ ਦਾ ਪ੍ਰਸਤਾਵ ਪ੍ਰਵਾਨ ਨਹੀਂ ਕੀਤਾ ਜਾ ਸਕਦਾ ਅਤੇ ਚੋਣ ਪੈਨਲ ਵੱਲੋਂ ਇਸ ਸਬੰਧੀ ਜਾਣਕਾਰੀ ਰਾਜ ਦੇ ਅਧਿਕਾਰੀਆਂ ਨੂੰ ਦੇ ਦਿੱਤੀ ਗਈ ਹੈ।







