ਪੰਜਾਬ ਅਤੇ ਹਰਿਆਣਾ ਹਾਈਕੋਰਟ ਤੇ ਪੰਚਕੂਲਾ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਅੱਜ ਇੱਕ ਈਮੇਲ ਪ੍ਰਾਪਤ ਹੋਈ, ਜਿਸ ਵਿੱਚ ਕੰਪਲੈਕਸ ’ਚ ਬੰਬ ਰੱਖੇ ਹੋਣ ਦੀ ਧਮਕੀ ਦਿੱਤੀ ਗਈ। ਈਮੇਲ ਮਿਲਣ ਮਗਰੋਂ ਅਦਾਲਤ ਪ੍ਰਸ਼ਾਸਨ ਨੇ ਤੁਰੰਤ ਚੰਡੀਗੜ੍ਹ ਪੁਲੀਸ ਨੂੰ ਸੂਚਿਤ ਕੀਤਾ ਤੇ ਕੰਪਲੈਕਸ ਦੀ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।
ਸੂਚਨਾ ਮਿਲਦਿਆਂ ਹੀ ਪੁਲੀਸ ਨੇ ਬੰਬ ਨਕਾਰਾ ਦਸਤੇ ਅਤੇ ਹੋਰ ਸੁਰੱਖਿਆ ਦਸਤੇ ਤਾਇਨਾਤ ਕਰ ਦਿੱਤੇ।
ਇਹ ਪਤਾ ਲੱਗਿਆ ਹੈ ਕਿ ਇਹ ਧਮਕੀ ਦੁਪਹਿਰ ਵੇਲੇ ਮਿਲੀ ਜਿਸ ਤੋਂ ਬਾਅਦ ਪੰਜਾਬ ਤੇ ਹਰਿਆਣਾ ਹਾਈ ਕੋਰਟ ਦਾ ਗੇਟ ਨੰਬਰ ਇਕ ਬੰਦ ਕਰ ਦਿੱਤਾ ਗਿਆ ਤੇ ਵਕੀਲਾਂ ਤੇ ਸਟਾਫ ਨੂੰ ਬਾਹਰ ਕੱਢ ਦਿੱਤਾ ਗਿਆ। ਇਹ ਵੀ ਪਤਾ ਲੱਗਿਆ ਹੈ ਕਿ ਪੁਲੀਸ ਵਲੋਂ ਸਾਰੇ ਖੇਤਰ ਦੀ ਤਲਾਸ਼ੀ ਲਈ ਗਈ ਤੇ ਹਾਲੇ ਤਕ ਕੁਝ ਵੀ ਸ਼ੱਕੀ ਚੀਜ਼ ਬਰਾਮਦ ਨਹੀਂ ਹੋਈ। ਦੂਜੇ ਪਾਸੇ ਪੁਲੀਸ ਨੇ ਧਮਕੀ ਦੇਣ ਵਾਲੇ ਦਾ ਖੁਰਾ ਖੋਜ ਲੱਭਣ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪੁਲੀਸ ਨੇ ਦੱਸਿਆ ਕਿ ਇਲਾਕੇ ਵਿੱਚ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕਰਦਿਆਂ ਵੱਡੇ ਪੱਧਰ ’ਤੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਸਥਿਤੀ ਦੀ ਗੰਭੀਰਤਾ ਨੂੰ ਦੇਖਦੇ ਹੋਏ Bomb Disposal Squad ਅਤੇ Sniffer Dogs ਦੀਆਂ ਟੀਮਾਂ ਨੂੰ ਤਾਇਨਾਤ ਕੀਤਾ ਗਿਆ ਹੈ।
ਪੁਲੀਸ ਅਧਿਕਾਰੀਆਂ ਅਨੁਸਾਰ ਸੂਚਨਾ ਮਿਲਣ ਤੋਂ ਬਾਅਦ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਅਤੇ ਹਰ ਕੋਨੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਅਤੇ ਅਫਵਾਹਾਂ ਤੋਂ ਬਚਣ ਦੀ ਅਪੀਲ ਕੀਤੀ ਗਈ ਹੈ। ਫਿਲਹਾਲ ਆਪਰੇਸ਼ਨ ਜਾਰੀ ਹੈ ਅਤੇ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਪਿਛਲੇ ਸਾਲ ਦੋ ਵਾਰ ਅਜਿਹੀ ਧਮਕੀ ਮਿਲੀ ਸੀ ਪਰ ਉਦੋਂ ਤਲਾਸ਼ੀ ਦੌਰਾਨ ਕੋਈ ਵੀ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ ਸੀ।







