ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਭਾਰੀ ਹੰਗਾਮੇ ਕਾਰਨ ਸਦਨ ਦੀ ਕਾਰਵਾਈ ਮੰਗਲਵਾਰ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ। ਵਿਰੋਧੀ ਸੰਸਦ ਮੈਂਬਰ ਭਾਰਤ-ਅਮਰੀਕਾ ਅੰਤਰਿਮ ਵਪਾਰ ਢਾਂਚੇ (India-US trade framework) ’ਤੇ ਚਰਚਾ ਦੀ ਮੰਗ ਕਰ ਰਹੇ ਸਨ। ਸਦਨ ਦੀ ਕਾਰਵਾਈ ਸੋਮਵਾਰ ਨੂੰ ਸਵੇਰੇ 11 ਵਜੇ ਸ਼ੁਰੂ ਹੋਣ ਤੋਂ ਬਾਅਦ ਤਿੰਨ ਵਾਰ ਮੁਲਤਵੀ ਹੋਈ ਅਤੇ ਅੰਤ ਵਿੱਚ ਦੁਪਹਿਰ 2 ਵਜੇ ਇਸ ਨੂੰ ਅਗਲੇ ਦਿਨ ਤੱਕ ਤਕ ਰੋਕ ਦਿੱਤਾ ਗਿਆ।
ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਨਿੱਜੀ ਤੌਰ ’ਤੇ ਭਰੋਸਾ ਦਿੱਤਾ ਗਿਆ ਸੀ ਕਿ ਬਜਟ ’ਤੇ ਚਰਚਾ ਸ਼ੁਰੂ ਹੋਣ ਤੋਂ ਪਹਿਲਾਂ ਉਨ੍ਹਾਂ ਨੂੰ ਆਪਣੀ ਗੱਲ ਰੱਖਣ ਦਾ ਮੌਕਾ ਮਿਲੇਗਾ ਪਰ ਹੁਣ ਸਦਨ ਦੇ ਚੇਅਰਮੈਨ ਆਪਣੇ ਵਾਅਦੇ ਤੋਂ ਪਿੱਛੇ ਹਟ ਰਹੇ ਹਨ। ਦੂਜੇ ਪਾਸੇ, ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ ਨੇ ਇਨ੍ਹਾਂ ਦਾਅਵਿਆਂ ਨੂੰ ਸਿਰੇ ਤੋਂ ਖਾਰਜ ਕਰਦਿਆਂ ਕਿਹਾ ਕਿ ਅਜਿਹਾ ਕੋਈ ਭਰੋਸਾ ਨਹੀਂ ਦਿੱਤਾ ਗਿਆ ਸੀ ਅਤੇ ਰਾਹੁਲ ਗਾਂਧੀ ਦੇ ਸ਼ਬਦ ਸੌ ਫੀਸਦੀ ਝੂਠੇ ਹਨ।
ਚੇਅਰ ’ਤੇ ਬੈਠੇ ਸੰਸਦ ਮੈਂਬਰ ਸੰਧਿਆ ਰਾਏ ਨੇ ਕਿਹਾ ਕਿ ਉਨ੍ਹਾਂ ਨੂੰ ਰਾਹੁਲ ਗਾਂਧੀ ਵੱਲੋਂ ਕੋਈ ਨੋਟਿਸ ਨਹੀਂ ਮਿਲਿਆ ਹੈ ਅਤੇ ਬਿਨਾਂ ਨੋਟਿਸ ਕਿਸੇ ਵੀ ਮੁੱਦੇ ‘ਤੇ ਚਰਚਾ ਨਹੀਂ ਕੀਤੀ ਜਾ ਸਕਦੀ। ਇਸ ਦੌਰਾਨ ਕਾਂਗਰਸੀ ਆਗੂ ਸ਼ਸ਼ੀ ਥਰੂਰ ਨੇ ਵੀ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਨੂੰ ਬੋਲਣ ਦਾ ਮੌਕਾ ਦੇਣਾ ਸੰਸਦੀ ਪਰੰਪਰਾ ਹੈ। ਇਸ ਤੋਂ ਇਲਾਵਾ ਕਾਂਗਰਸ ਦੀਆਂ ਮਹਿਲਾ ਸੰਸਦ ਮੈਂਬਰਾਂ ਨੇ ਸਪੀਕਰ ਓਮ ਬਿਰਲਾ ਨੂੰ ਪੱਤਰ ਲਿਖ ਕੇ ਦੋਸ਼ ਲਾਇਆ ਕਿ ਉਨ੍ਹਾਂ ਵਿਰੁੱਧ ਬੇਬੁਨਿਆਦ ਅਤੇ ਅਪਮਾਨਜਨਕ ਦਾਅਵੇ ਕੀਤੇ ਜਾ ਰਹੇ ਹਨ। ਵਿਰੋਧੀ ਧਿਰ ਦੇ ਲਗਾਤਾਰ ਨਾਅਰੇਬਾਜ਼ੀ ਕਾਰਨ ਬਜਟ ’ਤੇ ਹੋਣ ਵਾਲੀ ਚਰਚਾ ਸ਼ੁਰੂ ਨਹੀਂ ਹੋ ਸਕੀ।







