ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਭਾਰਤ ਅਤੇ ਅਮਰੀਕਾ ਵਿਚਾਲੇ ਹੋਏ ਅੰਤਰਿਮ ਵਪਾਰ ਸਮਝੌਤੇ ਦਾ ਕਿਸਾਨਾਂ ’ਤੇ ਕੋਈ ਮਾੜਾ ਅਸਰ ਨਹੀਂ ਪਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਦੀਆਂ ਮੁੱਖ ਫ਼ਸਲਾਂ ਜਿਵੇਂ ਕਣਕ, ਝੋਨਾ, ਮੱਕੀ ਅਤੇ ਗੰਨਾ ਇਸ ਸਮਝੌਤੇ ਦੇ ਦਾਇਰੇ ਤੋਂ ਬਾਹਰ ਰੱਖੀਆਂ ਗਈਆਂ ਹਨ।
ਜਾਖੜ ਨੇ ਕਿਹਾ ਕਿ ਇਹ ਡੀਲ ਭਾਰਤੀ ਅਰਥਵਿਵਸਥਾ ਨੂੰ ਮਜਬੂਤ ਕਰੇਗੀ, ਜਿਸ ਨਾਲ ਨਵੇਂ ਕਾਰਖਾਨੇ ਲੱਗਣਗੇ ਅਤੇ ਕਿਸਾਨਾਂ ਦੇ ਬੱਚਿਆਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ। ਉਨ੍ਹਾਂ ਕਿਸਾਨ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਕੋਈ ਸ਼ੰਕਾ ਹੈ, ਤਾਂ ਉਹ ਅੰਦੋਲਨ ਦੀ ਬਜਾਏ ਗੱਲਬਾਤ ਦਾ ਰਸਤਾ ਚੁਣਨ।
ਉਨ੍ਹਾਂ ਨੇ ਉਨ੍ਹਾਂ ਨੂੰ ਵਿਚਾਰ-ਵਟਾਂਦਰੇ ਲਈ ਸੱਦਾ ਦਿੱਤਾ, ਭਰੋਸਾ ਦਿਵਾਇਆ ਕਿ ਜੇਕਰ ਕੋਈ ਕਿਸਾਨ ਸੰਗਠਨ ਮਹਿਸੂਸ ਕਰਦਾ ਹੈ ਕਿ ਇਹ ਸਮਝੌਤਾ ਪੰਜਾਬ ਦੇ ਕਿਸਾਨਾਂ ਨੂੰ ਪ੍ਰਭਾਵਿਤ ਕਰੇਗਾ, ਤਾਂ ਉਨ੍ਹਾਂ ਨੂੰ ਗੱਲਬਾਤ ਲਈ ਅੱਗੇ ਆਉਣਾ ਚਾਹੀਦਾ ਹੈ, ਅਤੇ ਉਨ੍ਹਾਂ ਦੀਆਂ ਸਾਰੀਆਂ ਚਿੰਤਾਵਾਂ ਨੂੰ ਦੂਰ ਕੀਤਾ ਜਾਵੇਗਾ।
ਸੂਬਾ ਭਾਜਪਾ ਪ੍ਰਧਾਨ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕਿਸਾਨਾਂ ਨੂੰ ਪੰਜਾਬ ਦੀ ਖੇਤੀਬਾੜੀ ਨੀਤੀ ਲਾਗੂ ਕਰਵਾਉਣ ਲਈ ਪ੍ਰਦਰਸ਼ਨ ਕਰਨਾ ਚਾਹੀਦਾ ਹੈ, ਜਿਸ ਦਾ ਵਾਅਦਾ ਕਰਕੇ ਸਰਕਾਰ ਮੁੱਕਰ ਗਈ ਹੈ।
ਉਨ੍ਹਾਂ ਦੋਸ਼ ਲਾਇਆ ਕਿ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਦਤਰ ਹੋ ਚੁੱਕੀ ਹੈ ਅਤੇ ਨਸ਼ਾ ਨੌਜਵਾਨੀ ਨੂੰ ਬਰਬਾਦ ਕਰ ਰਿਹਾ ਹੈ। ਜਾਖੜ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜਿੱਥੇ ਅਮਰੀਕੀ ਰਾਸ਼ਟਰਪਤੀ ਆਪਣੇ ਦੇਸ਼ ਨੂੰ ਮਹਾਨ ਬਣਾਉਣ ਦੀ ਗੱਲ ਕਰ ਰਹੇ ਹਨ, ਉੱਥੇ ਪ੍ਰਧਾਨ ਮੰਤਰੀ ਮੋਦੀ ਨੇ ਇਸ ਸਮਝੌਤੇ ਰਾਹੀਂ ਭਾਰਤ ਦੇ ਕੌਮੀਂ ਹਿੱਤਾਂ ਨੂੰ ਸੁਰੱਖਿਅਤ ਰੱਖਦਿਆਂ ਦੇਸ਼ ਨੂੰ ਅੱਗੇ ਵਧਾਉਣ ਦੀ ਨੀਤੀ ਅਪਣਾਈ ਹੈ।







