ਭਾਜਪਾ ਮੈਂਬਰ ਨਿਸ਼ੀਕਾਂਤ ਦੂਬੇ ਦੀ ਰਾਹੁਲ ਗਾਂਧੀ ਖ਼ਿਲਾਫ਼ ਟਿੱਪਣੀ ਤੋਂ ਬਾਅਦ ਵਿਰੋਧੀ ਧਿਰਾਂ ਨੇ ਹੰਗਾਮਾ ਕੀਤਾ ਜਿਸ ਕਾਰਨ ਲੋਕ ਸਭਾ ਦਿਨ ਭਰ ਲਈ ਮੁਲਤਵੀ ਕਰ ਦਿੱਤੀ ਗਈ।
ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਨਿਸ਼ੀਕਾਂਤ ਦੂਬੇ ਨੇ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਇੱਕ ਪੱਤਰ ਲਿਖ ਕੇ ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਸੰਸਦ ਵਿੱਚ ਕੀਤੇ ਵਿਹਾਰ ਦੀ ਜਾਂਚ ਲਈ ਇੱਕ ਵਿਸ਼ੇਸ਼ ਕਮੇਟੀ ਬਣਾਉਣ ਦੀ ਮੰਗ ਕੀਤੀ ਹੈ। ਦੂਬੇ ਨੇ ਰਾਹੁਲ ਗਾਂਧੀ ਉੱਤੇ ਗੈਰ-ਇਖਲਾਕੀ ਵਿਹਾਰ ਦੇ ਦੋਸ਼ ਲਗਾਉਂਦਿਆਂ ਕਿਹਾ ਹੈ ਕਿ ਉਹ ਦੇਸ਼ ਨੂੰ ਅੰਦਰੋਂ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਰਾਹੁਲ ਗਾਂਧੀ ਨੇ ਸਾਬਕਾ ਫੌਜ ਮੁਖੀ ਜਨਰਲ ਮਨੋਜ ਮੁਕੰਦ ਨਰਵਾਣੇ ਦੀ ਇੱਕ ਅਣਪ੍ਰਕਾਸ਼ਿਤ ਕਿਤਾਬ ਦਾ ਗਲਤ ਹਵਾਲਾ ਦੇ ਕੇ ਭਾਰਤੀ ਫੌਜ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਹੈ ਅਤੇ ਇਸ ਵਿੱਚ ਪ੍ਰਧਾਨ ਮੰਤਰੀ ਦਾ ਨਾਮ ਵੀ ਘਸੀਟਿਆ ਗਿਆ ਹੈ।
ਇਸ ਦੇ ਨਾਲ ਹੀ ਨਿਸ਼ੀਕਾਂਤ ਦੂਬੇ ਨੇ ਇਹ ਵੀ ਕਿਹਾ ਕਿ ਰਾਹੁਲ ਗਾਂਧੀ ਭਾਰਤ ਦੇ ਬੈਂਕਿੰਗ ਸਿਸਟਮ ਅਤੇ ਕਾਰਪੋਰੇਟ ਜਗਤ ਦੀ ਗਲਤ ਤਸਵੀਰ ਪੇਸ਼ ਕਰ ਰਹੇ ਹਨ ਅਤੇ ਉਹ ਜਾਰਜ ਸੋਰੋਸ ਤੇ ਫੋਰਡ ਫਾਊਂਡੇਸ਼ਨ ਵਰਗੀਆਂ ਵਿਦੇਸ਼ੀ ਸੰਸਥਾਵਾਂ ਦੇ ਪ੍ਰਭਾਵ ਹੇਠ ਕੰਮ ਕਰ ਰਹੇ ਹਨ। ਉਨ੍ਹਾਂ ਇਲਜ਼ਾਮ ਲਗਾਇਆ ਕਿ ਕਾਂਗਰਸੀ ਨੇਤਾ ਨੇ ਬਿਨਾਂ ਕਿਸੇ ਸਬੂਤ ਦੇ ਚੋਣ ਕਮਿਸ਼ਨ ਅਤੇ ਸੁਪਰੀਮ ਕੋਰਟ ਵਰਗੀਆਂ ਸੰਵਿਧਾਨਕ ਸੰਸਥਾਵਾਂ ’ਤੇ ਵੀ ਸਵਾਲ ਚੁੱਕੇ ਹਨ ਜੋ ਚਿੰਤਾਜਨਕ ਹੈ। ਦੂਬੇ ਨੇ ਸਪੀਕਰ ਨੂੰ ਅਪੀਲ ਕੀਤੀ ਹੈ ਕਿ ਰਾਹੁਲ ਗਾਂਧੀ ਦੇ ਇਨ੍ਹਾਂ ਕਦਮਾਂ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ ਅਤੇ ਉਨ੍ਹਾਂ ਨੂੰ ਲੋਕ ਸਭਾ ਦੀ ਮੈਂਬਰੀ ਤੋਂ ਤੁਰੰਤ ਬਰਖਾਸਤ ਕੀਤਾ ਜਾਣਾ ਚਾਹੀਦਾ ਹੈ।







