ਕਾਂਗਰਸ ਆਗੂ ਪ੍ਰਤਾਪ ਸਿੰਘ ਬਾਜਵਾ ਵੱਲੋਂ ਕਿਰਤੀ ਅਤੇ ਦਲਿਤ ਵਰਗ ਬਾਰੇ ਕੀਤੀ ਗਈ ਇਤਰਾਜ਼ਯੋਗ ਟਿੱਪਣੀ ਦੇ ਰੋਸ ਵਜੋਂ ਇੱਥੇ ਕਚਹਿਰੀ ਚੌਕ ਵਿਚ ਵਿਧਾਇਕ ਲਾਭ ਸਿੰਘ ਉੱਗੋਕੇ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਪ੍ਰਤਾਪ ਬਾਜਵਾ ਖ਼ਿਲਾਫ਼ ਪ੍ਰਦਰਸ਼ਨ ਕੀਤਾ।
ਇਸ ਮੌਕੇ ਐੱਮ ਐਲ ਏ ਹਲਕਾ ਭਦੌੜ ਉਗੋਕੇ ਤੋਂ ਇਲਾਵਾ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਬਰਨਾਲਾ ਪ੍ਰਧਾਨ ਪਰਮਿੰਦਰ ਸਿੰਘ ਭੰਗੂ ਸਮੇਤ ਆਮ ਆਦਮੀ ਪਾਰਟੀ ਦੇ ਅਹੁਦੇਦਾਰ, ਵਰਕਰ ਮੌਜੂਦ ਸਨ।
ਰੋਸ ਪ੍ਰਦਰਸ਼ਨ ਦੀ ਅਗਵਾਈ ਕਰਦਿਆਂ ਹਲਕਾ ਭਦੌੜ ਦੇ ਐਮ ਐਲ ਏ ਲਾਭ ਸਿੰਘ ਉਗੋਕੇ ਅਤੇ ਜ਼ਿਲ੍ਹਾ ਯੋਜਨਾ ਬੋਰਡ ਬਰਨਾਲਾ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਬਰਨਾਲਾ ਦੇ ਪ੍ਰਧਾਨ ਪਰਮਿੰਦਰ ਸਿੰਘ ਭੰਗੂ ਨੇ ਕਿਹਾ ਕਿ ਅੱਜ ਇਥੇ ਕਚਹਿਰੀ ਚੌਕ ਵਿੱਚ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੇ ਨਿਰਦੇਸ਼ ਹੇਠ ਇਕੱਠ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਾਂਗਰਸ ਪਾਰਟੀ ਦੀ ਕਿਰਤੀ ਅਤੇ ਦਲਿਤ ਵਿਰੋਧੀ ਸੋਚ ਅਤੇ ਦਲਿਤਾਂ ਅਤੇ ਮਿਹਨਤਕਸ਼ਾਂ ਦਾ ਮਜ਼ਾਕ ਉਡਾਉਣ ’ਤੇ ਕਾਂਗਰਸ ਪਾਰਟੀ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਤੁਰੰਤ ਮੁਆਫ਼ੀ ਮੰਗਣ।
ਬੁਲਾਰਿਆਂ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਆਗੂਆਂ ਦੇ ਮਨਾਂ ਵਿੱਚ ਦਲਿਤ ਅਤੇ ਪੱਛੜੇ ਵਰਗਾਂ ਲਈ ਨਫ਼ਰਤ ਭਰੀ ਹੋਈ ਹੈ। ਉਹ ਗਰੀਬਾਂ ਦੇ ਬੱਚਿਆਂ ਨੂੰ ਵਿਧਾਨ ਸਭਾ ਵਿੱਚ ਬੈਠੇ ਬਰਦਾਸ਼ਤ ਨਹੀਂ ਕਰ ਪਾ ਰਹੇ, ਇਸੇ ਲਈ ਬੌਖਲਾਹਟ ਵਿੱਚ ਆ ਕੇ ਅਜਿਹੀਆਂ ਬੇਤੁਕੀਆਂ ਬਿਆਨਬਾਜ਼ੀਆਂ ਕਰ ਰਹੇ ਹਨ।
‘ਆਪ’ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਪ੍ਰਤਾਪ ਸਿੰਘ ਬਾਜਵਾ ਨੇ ਆਪਣੇ ਸ਼ਬਦ ਵਾਪਸ ਲੈਂਦੇ ਹੋਏ ਪੰਜਾਬ ਦੇ ਕਿਰਤੀ ਵਰਗ ਤੋਂ ਤੁਰੰਤ ਮੁਆਫੀ ਨਾ ਮੰਗੀ, ਤਾਂ ਆਉਣ ਵਾਲੇ ਦਿਨਾਂ ਵਿੱਚ ਕਾਂਗਰਸ ਖ਼ਿਲਾਫ਼ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਉਨ੍ਹਾਂ ਦਾ ਥਾਂ ਥਾਂ ਘਿਰਾਓ ਵੀ ਕੀਤਾ ਜਾਵੇਗਾ।
ਇਸ ਮੌਕੇ ਇਕੱਤਰ ‘ਆਪ’ ਵਰਕਰਾਂ ਨੇ ਕਾਂਗਰਸ ਅਤੇ ਪ੍ਰਤਾਪ ਬਾਜਵਾ ਖਿਲਾਫ਼ ਨਾਅਰੇਬਾਜ਼ੀ ਕੀਤੀ।







