ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ 400 ਕਰੋੜ ਰੁਪਏ ਦੀ ਲਾਗਤ ਨਾਲ 38649 ਆਧੁਨਿਕ ਕੰਪਿਊਟਰ ਸਥਾਪਤ ਕੀਤੇ ਜਾਣਗੇ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਕੂਲਾਂ ਵਿੱਚ ਪੁਰਾਣੇ ਕੰਪਿਊਟਰ ਲੱਗੇ ਹੋਏ ਸਨ, ਜਿੱਥੇ ਬੱਚਿਆਂ ਨੂੰ ਕੁਝ ਸਿੱਖਣ ਨੂੰ ਨਹੀਂ ਮਿਲ ਰਿਹਾ ਸੀ। ਇਸ ਲਈ ਸੂਬਾ ਸਰਕਾਰ ਵੱਲੋਂ 5000 ਤੋਂ ਵੱਧ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਆਧੁਨਿਕ ਕੰਪਿਊਟਰ ਸਥਾਪਤ ਕੀਤੇ ਜਾਣਗੇ।
ਇਸ ਤੋਂ ਇਲਾਵਾ ਸੂਬੇ ਦੇ 3700 ਦੇ ਕਰੀਬ ਸਕੂਲਾਂ ਵਿੱਚ ਇੰਟਰੈਕਟਿਵ ਪੈਨਲ ਲਗਾਏ ਜਾਣਗੇ। ਹਰਜੋਤ ਬੈਂਸ ਨੇ ਕਿਹਾ ਕਿ ਸੰਗਰੂਰ ਤੇ ਰੋਪੜ ਵਿੱਚ ਅੱਜ ਕੰਪਿਊਟਰ ਲੱਗਣੇ ਸ਼ੁਰੂ ਹੋ ਗਏ ਹਨ ਅਤੇ ਬਾਕੀ ਜ਼ਿਲ੍ਹਿਆਂ ਵਿੱਚ 20 ਮਾਰਚ ਤੱਕ ਕੰਪਿਊਟਰ ਲਗਾਏ ਜਾਣਗੇ।
ਉਹਨਾਂ ਕਿਹਾ ਸਰਕਾਰੀ ਸਕੂਲਾਂ ਵਿੱਚ ਕੰਪਿਊਟਰ ਲਗਾਉਣ ਸਮੇਂ ਪਿੰਡ ਦੇ ਸਰਪੰਚ, ਮੋਹਤਬਰ ਵਿਅਕਤੀਆਂ ਅਤੇ ਬੱਚਿਆਂ ਦੇ ਮਾਪਿਆਂ ਨੂੰ ਸੱਦਿਆ ਜਾਵੇਗਾ। ਇਸ ਤੋਂ ਇਲਾਵਾ ਸਕੂਲ ਤੇ ਬੁਨਿਆਦੀ ਢਾਂਚੇ ਨੂੰ ਵੀ ਮਜ਼ਬੂਤ ਕੀਤਾ ਜਾ ਰਿਹਾ ਹੈ।






