ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਹੈ ਕਿ ਜੇਕਰ 2027 ਵਿੱਚ ਉਨ੍ਹਾਂ ਦੀ ਪਾਰਟੀ ਸੱਤਾ ਵਿੱਚ ਆਉਂਦੀ ਹੈ ਤਾਂ ਸਾਬਕਾ ਸੰਸਦ ਮੈਂਬਰ ਬਲਵਿੰਦਰ ਸਿੰਘ ਭੂੰਦੜ ‘ਸੁਪਰ ਸੀਐਮ’ ਹੋਣਗੇ। ਪੰਜਾਬ ਬਚਾਓ ਰੈਲੀ ਨੂੰ ਸੰਬੋਧਨ ਕਰਦਿਆਂ ਸੁਖਬੀਰ ਨੇ ਔਖੇ ਸਮੇਂ ਵਿੱਚ ਭੂੰਦੜ ਦੀ ਵਫ਼ਾਦਾਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜਦੋਂ ਕਈ ਸੀਨੀਅਰ ਆਗੂ ਪਾਰਟੀ ਛੱਡ ਗਏ ਸਨ, ਉਦੋਂ ਭੂੰਦੜ ਸਾਹਿਬ ਅਕਾਲੀ ਦਲ ਨਾਲ ਚੱਟਾਨ ਵਾਂਗ ਖੜ੍ਹੇ ਰਹੇ।
ਸੁਖਬੀਰ ਬਾਦਲ ਨੇ ਕਿਹਾ ਕਿ ਭੂੰਦੜ ਸਾਹਿਬ ਹੀ ਇਲਾਕੇ ਦੇ ਵਿਕਾਸ ਕਾਰਜਾਂ ਦਾ ਐਲਾਨ ਕਰਨਗੇ। ਉਨ੍ਹਾਂ ਭਾਵੁਕ ਹੁੰਦਿਆਂ ਕਿਹਾ ਕਿ ਜਿਸ ਸਮੇਂ ਸੂਬਾ ਅਤੇ ਕੇਂਦਰ ਸਰਕਾਰਾਂ ਸਿੱਖ ਪੰਥ ਦੀ ਇਸ ਜਥੇਬੰਦੀ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕਰ ਰਹੀਆਂ ਸਨ, ਉਸ ਵੇਲੇ ਭੂੰਦੜ ਨੇ ਉਨ੍ਹਾਂ ਦਾ ਅਤੇ ਉਨ੍ਹਾਂ ਦੇ ਪਿਤਾ (ਪ੍ਰਕਾਸ਼ ਸਿੰਘ ਬਾਦਲ) ਦਾ ਪੂਰਾ ਸਾਥ ਦਿੱਤਾ। ਇਸ ਮੌਕੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਵੀ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਬਲਵਿੰਦਰ ਸਿੰਘ ਭੂੰਦੜ ਦੇ ਬੇਟੇ ਦਿਲਰਾਜ ਸਿੰਘ ਭੂੰਦੜ ਨੂੰ ਵਿਧਾਇਕ ਵਜੋਂ ਚੁਣ ਕੇ ਸੇਵਾ ਦਾ ਮੌਕਾ ਦੇਣ।






