Punjab Budget Session: ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਸੁਖਪਾਲ ਸਿੰਘ ਖਹਿਰਾ ਦੀ ਸੋਸ਼ਲ ਮੀਡੀਆ ਪੋਸਟ ਨੂੰ ਲੈ ਕੇ ਵਿਵਾਦ ਹੋਰ ਗੰਭੀਰ ਹੋ ਗਿਆ ਹੈ। 20 ਮਿੰਟ ਦੀ ਮੁਲਤਵੀ ਤੋਂ ਬਾਅਦ ਜਦੋਂ ਸਦਨ ਦੀ ਕਾਰਵਾਈ ਦੁਬਾਰਾ ਸ਼ੁਰੂ ਹੋਈ, ਤਾਂ ਸੁਖਪਾਲ ਖਹਿਰਾ ਵੱਲੋਂ ਮਾਫ਼ੀ ਨਾ ਮੰਗਣ ਕਾਰਨ ਮਾਹੌਲ ਮੁੜ ਗਰਮਾ ਗਿਆ। ਇਸ ਮੁੱਦੇ ’ਤੇ ਸੱਤਾਧਾਰੀ ਪਾਰਟੀ ਅਤੇ ਵਿਰੋਧੀ ਧਿਰ ਦੇ ਵਿਧਾਇਕ ਇਕ-ਦੂਜੇ ਦੇ ਖਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਸਪੀਕਰ ਦੀ ਕੁਰਸੀ ਦੇ ਬਿਲਕੁਲ ਸਾਹਮਣੇ ਆ ਗਏ, ਜਿਸ ਕਾਰਨ ਸਦਨ ਵਿੱਚ ਭਾਰੀ ਅਫਰਾ-ਤਫਰੀ ਮਚ ਗਈ।
ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸਪੀਕਰ ਪਾਸੋਂ ਮੰਗ ਕੀਤੀ ਕਿ ਲੋਕਤੰਤਰੀ ਮਰਿਆਦਾ ਅਨੁਸਾਰ ਸੁਖਪਾਲ ਖਹਿਰਾ ਨੂੰ ਆਪਣਾ ਪੱਖ ਰੱਖਣ ਦਾ ਮੌਕਾ ਦਿੱਤਾ ਜਾਵੇ। ਹਾਲਾਂਕਿ, ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇਸ ਮੰਗ ਨੂੰ ਸਿਰੇ ਤੋਂ ਖਾਰਜ ਕਰਦਿਆਂ ਸਪੱਸ਼ਟ ਕੀਤਾ ਕਿ ਜਿੰਨੀ ਦੇਰ ਖਹਿਰਾ ਔਰਤਾਂ ਵਿਰੁੱਧ ਕੀਤੀ ਗਈ ਟਿੱਪਣੀ ਲਈ ਸਦਨ ਵਿੱਚ ਬਿਨਾਂ ਸ਼ਰਤ ਮੁਆਫ਼ੀ ਨਹੀਂ ਮੰਗਦੇ, ਉਨ੍ਹਾਂ ਨੂੰ ਬੋਲਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਜਿਸ ਤੋਂ ਬਾਅਦ ਕਾਂਗਰਸੀ ਵਿਧਾਇਕ ਸਦਨ ਵਿੱਚੋਂ ਵਾਕਆਊਟ ਕਰ ਗਏ।






