ਦਿੱਲੀ ਦੀ ਇੱਕ ਅਦਾਲਤ ਨੇ ਮੰਗਲਵਾਰ ਨੂੰ ਕਸ਼ਮੀਰੀ ਵੱਖਵਾਦੀ ਅਤੇ ਦੁਖਤਰਾਨ-ਏ-ਮਿਲਤ ਦੀ ਮੁਖੀ ਆਸੀਆ ਅੰਦਰਾਬੀ ਨੂੰ ਯੂ.ਏ.ਪੀ.ਏ. (UAPA) ਕੇਸ ਵਿੱਚ ਦੋਸ਼ੀ ਕਰਾਰ ਦਿੰਦੇ ਹੋਏ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਵਧੀਕ ਸੈਸ਼ਨ ਜੱਜ ਚੰਦਰ ਜੀਤ ਸਿੰਘ ਨੇ ਸਜ਼ਾ ਦੀ ਮਿਆਦ ‘ਤੇ ਬਹਿਸ ਪੂਰੀ ਹੋਣ ਤੋਂ ਬਾਅਦ ਇਹ ਫੈਸਲਾ ਸੁਣਾਇਆ। ਅਦਾਲਤ ਨੇ ਅੰਦਰਾਬੀ ਦੀਆਂ ਦੋ ਸਾਥਣਾਂ, ਸੋਫੀ ਫਹਿਮੀਦਾ ਅਤੇ ਨਾਹਿਦਾ ਨਸਰੀਨ ਨੂੰ ਵੀ ਇਸੇ ਮਾਮਲੇ ਵਿੱਚ 30-30 ਸਾਲ ਦੀ ਕੈਦ ਦੀ ਸਜ਼ਾ ਦਿੱਤੀ ਹੈ।
ਇਸ ਤੋਂ ਪਹਿਲਾਂ 14 ਜਨਵਰੀ ਨੂੰ, ਅੰਦਰਾਬੀ, ਫਹਿਮੀਦਾ ਅਤੇ ਨਸਰੀਨ ਨੂੰ ਯੂ.ਏ.ਪੀ.ਏ. ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਅੱਤਵਾਦੀ ਸੰਗਠਨ ਦਾ ਮੈਂਬਰ ਹੋਣ ਅਤੇ ਅੱਤਵਾਦ ਨੂੰ ਸਮਰਥਨ ਦੇਣ ਦੇ ਦੋਸ਼ਾਂ ਵਿੱਚ ਦੋਸ਼ੀ ਠਹਿਰਾਇਆ ਗਿਆ ਸੀ।
ਇਸ ਤੋਂ ਇਲਾਵਾ, ਉਹਨਾਂ ਨੂੰ ਭਾਰਤੀ ਦੰਡਾਵਲੀ (IPC) ਦੀਆਂ ਧਾਰਾਵਾਂ ਜਿਵੇਂ ਕਿ ਵੱਖ-ਵੱਖ ਸਮੂਹਾਂ ਵਿਚਕਾਰ ਦੁਸ਼ਮਣੀ ਵਧਾਉਣ, ਰਾਸ਼ਟਰੀ ਅਖੰਡਤਾ ਦੇ ਖਿਲਾਫ ਬਿਆਨਬਾਜ਼ੀ ਕਰਨ, ਅਪਰਾਧਿਕ ਸਾਜ਼ਿਸ਼ ਅਤੇ ਦੇਸ਼ ਵਿਰੁੱਧ ਜੰਗ ਛੇੜਨ ਦੀ ਸਾਜ਼ਿਸ਼ ਰਚਣ ਲਈ ਵੀ ਦੋਸ਼ੀ ਪਾਇਆ ਗਿਆ ਸੀ।
ਰਾਸ਼ਟਰੀ ਜਾਂਚ ਏਜੰਸੀ (NIA) ਨੇ ਅੰਦਰਾਬੀ ਲਈ ਉਮਰ ਕੈਦ ਦੀ ਮੰਗ ਕੀਤੀ ਸੀ, ਇਹ ਕਹਿੰਦੇ ਹੋਏ ਕਿ ਉਸ ਨੇ ਭਾਰਤ ਵਿਰੁੱਧ ਜੰਗ ਛੇੜੀ ਸੀ ਅਤੇ ਦੇਸ਼ ਵਿਰੁੱਧ ਸਾਜ਼ਿਸ਼ ਰਚਣ ਵਾਲਿਆਂ ਨੂੰ ਸਖ਼ਤ ਸੁਨੇਹਾ ਦੇਣਾ ਜ਼ਰੂਰੀ ਹੈ।





