ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅਕਾਦਮਿਕ ਸਾਲ 2025-2026 ਦੀ ਅੱਠਵੀਂ ਸ਼੍ਰੇਣੀ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। ਇਸ ਸਾਲ ਅੱਠਵੀਂ ਸ਼੍ਰੇਣੀ ਦੀ ਪ੍ਰੀਖਿਆ ਵਿੱਚ ਕੁੱਲ 10422 ਸਕੂਲਾਂ ਦੇ 262966 (ਦੋ ਲੱਖ ਬਾਹਠ ਹਜ਼ਾਰ ਨੌ ਸੌ ਛਿਆਹਠ) ਪ੍ਰੀਖਿਆਰਥੀ ਪ੍ਰੀਖਿਆ ਵਿੱਚ ਅਪੀਅਰ ਹੋਏ, ਜਿਨ੍ਹਾਂ ਵਿੱਚੋਂ 253789 (ਦੋ ਲੱਖ ਤਰਵੰਜਾ ਹਜ਼ਾਰ ਸੱਤ ਸੌ ਉਣਾਨਵੇ) ਪਾਸ ਹੋਏ ਅਤੇ ਨਤੀਜੇ ਦੀ ਪਾਸ ਪ੍ਰਤੀਸ਼ਤਤਾ 96.51 ਰਹੀ। ਪਹਿਲੇ ਤਿੰਨ ਸਥਾਨਾਂ ਉੱਤੇ ਲੜਕੀਆਂ ਨੇ ਬਾਜ਼ੀ ਮਾਰੀ ਹੈ।
ਤਮੰਨਾ ਪੁੱਤਰੀ ਨਰਿੰਦਰ ਕੁਮਾਰ (ਰੋਲ ਨੰ. 8026236105) ਸਰਸਵਤੀ ਸੀਨੀਅਰ ਸੈਕੰਡਰੀ ਸਕੂਲ, ਜੈਤੋਂ (ਫਰੀਦਕੋਟ) ਨੇ 600 ਵਿੱਚੋਂ 600 ਭਾਵ 100 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਿਲ ਕੀਤਾ ਹੈ। ਜਪਨੀਤ ਕੌਰ ਪੁੱਤਰੀ ਕੁਲਦੀਪ ਸਿੰਘ (ਰੋਲ ਨੰ. 8026921281) ਸਰਕਾਰੀ ਮਿਡਲ ਸਕੂਲ, ਅੜਕਵਾਸ (ਸੰਗਰੂਰ) ਨੇ 600 ਵਿੱਚੋਂ 598 ਕੁੱਲ 99.67 ਪ੍ਰਤੀਸ਼ਤ ਅੰਕ ਪ੍ਰਾਪਤ ਦੂਜਾ ਅਤੇ ਜਸ਼ਨਦੀਪ ਕੌਰ ਪੁੱਤਰੀ ਹਰਪ੍ਰੀਤ ਸਿੰਘ (ਰੋਲ ਨੰ. 8026238728) ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ, ਕੋਟ ਸੁਖੀਆ (ਫਰੀਦਕੋਟ) ਨੇ 600 ਵਿੱਚੋਂ 598 ਕੁੱਲ 99.67 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ ਹੈ।
ਪੰਜਾਬ ਸਕੂਲ ਸਿੱਖਿਆ ਬੋਰਡ ਦੇ ਨਿਯਮਾਂ ਅਨੁਸਾਰ ਬਰਾਬਰ ਅੰਕ ਪ੍ਰਾਪਤ ਕਰਨ ’ਤੇ ਛੋਟੀ ਉਮਰ ਵਾਲੇ ਪ੍ਰੀਖਿਆਰਥੀ ਨੂੰ ਮੈਰਿਟ ਵਿੱਚ ਉੱਚ ਸਥਾਨ ਪ੍ਰਦਾਨ ਕੀਤਾ ਜਾਂਦਾ ਹੈ।
ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਦੱਸਿਆ ਕਿ ਇਸ ਵਾਰ ਬੋਰਡ ਪ੍ਰੀਖਿਆਵਾਂ ਨੂੰ ਪਹਿਲਾਂ ਨਾਲੋਂ ਵਧੇਰੇ ਸਖ਼ਤੀ ਅਤੇ ਪਾਰਦਰਸ਼ਤਾ ਨਾਲ ਕਰਵਾਇਆ ਗਿਆ ਹੈ ਅਤੇ ਭਵਿੱਖ ਵਿੱਚ ਹੋਣ ਵਾਲੀਆਂ ਬੋਰਡ ਪ੍ਰੀਖਿਆਵਾਂ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਪ੍ਰਸ਼ਨ ਪੱਤਰਾਂ ਦੀ ਗੁਣਵੱਤਾ ਵਧਾਉਣ ਦੇ ਨਾਲ ਨਾਲ ਪਾਠਕ੍ਰਮ ਵਿੱਚ ਲੋੜੀਂਦੇ ਸੁਧਾਰ ਕਰਦੇ ਹੋਏ ਕਈ ਹੋਰ ਵੀ ਉਪਰਾਲੇ ਕੀਤੇ ਜਾਣਗੇ। ਇਸ ਮੌਕੇ ਨਤੀਜੇ ਦੀ ਘੋਸ਼ਣਾ ਕਰਨ ਸਮੇਂ ਕੇਸ਼ਵ ਗੋਇਲ ਪੀ ਸੀ ਐਸ, ਸਕੱਤਰ, ਪੰਜਾਬ ਸਕੂਲ ਸਿੱਖਿਆ ਬੋਰਡ, ਲਵਿਸ਼ ਚਾਵਲਾ, ਕੰਟਰੋਲਰ (ਪ੍ਰੀਖਿਆਵਾਂ), ਸੰਦੀਪ ਵਰਮਾ ਉੱਪ-ਸਕੱਤਰ (ਅਕਾਦਮਿਕ)ਅਤੇ ਸਬੰਧਤ ਸ਼ਾਖਾ ਅਧਿਕਾਰੀ ਮੌਜੂਦ ਸਨ।






