Chandigarh and Punjab Weather: ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ ਵਿਚ ਸ਼ੁੱਕਰਵਾਰ ਅਤੇ ਸ਼ਨਿਚਰਵਾਰ ਨੂੰ ਵੱਖ-ਵੱਖ ਥਾਵਾਂ ’ਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਦੇ ਨਾਲ ਗਰਜ ਨਾਲ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਗਈ ਹੈ। ਇਸ ਦੇ ਦੂਜੇ ਪਾਸੇ ਭਾਰਤੀ ਮੌਸਮ ਵਿਭਾਗ (IMD) ਨੇ ਅਗਲੇ ਪੰਜ ਦਿਨਾਂ ਵਿੱਚ ਤਾਪਮਾਨ 4 ਤੋਂ 5 ਡਿਗਰੀ ਸੈਲਸੀਅਸ ਤੱਕ ਵਧਣ ਦੀ ਚਿਤਾਵਨੀ ਦਿੱਤੀ ਹੈ।
ਮੌਸਮ ਵਿਭਾਗ ਨੇ ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ ਵਿੱਚ ਸ਼ੁੱਕਰਵਾਰ ਅਤੇ ਸ਼ਨਿਚਰਵਾਰ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ, ਗਰਜ ਨਾਲ ਬਿਜਲੀ ਚਮਕੇਗੀ ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ (IMD) ਅਨੁਸਾਰ ਆਉਣ ਵਾਲੇ ਪੰਜ ਦਿਨਾਂ ਵਿੱਚ ਤਾਪਮਾਨ 4 ਤੋਂ 5 ਡਿਗਰੀ ਸੈਲਸੀਅਸ ਤੱਕ ਵਧ ਸਕਦਾ ਹੈ।
ਇਸ ਦੌਰਾਨ ਅੱਜ ਮੰਗਲਵਾਰ ਵਾਲੇ ਦਿਨ ਚੰਡੀਗੜ੍ਹ ਦਾ ਵੱਧ ਤੋਂ ਵੱਧ ਤਾਪਮਾਨ 35.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਕਿ ਆਮ ਨਾਲੋਂ ਜ਼ਿਆਦਾ ਹੈ। ਪੰਜਾਬ ਵਿੱਚ ਪਟਿਆਲਾ ਸਭ ਤੋਂ ਗਰਮ ਰਿਹਾ ਜਿੱਥੇ ਤਾਪਮਾਨ 37.2 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ। ਹੈਰਾਨੀ ਦੀ ਗੱਲ ਇਹ ਹੈ ਕਿ ਮੁਹਾਲੀ ਵਿੱਚ ਰਾਤ ਦਾ ਤਾਪਮਾਨ 19.8 ਡਿਗਰੀ ਸੈਲਸੀਅਸ ਰਿਹਾ ਜੋ ਪੂਰੇ ਸੂਬੇ ਵਿੱਚ ਸਭ ਤੋਂ ਗਰਮ ਰਾਤ ਸੀ। ਹਰਿਆਣਾ ਵਿੱਚ ਫਰੀਦਾਬਾਦ ਦਾ ਬੋਪਾਨੀ ਇਲਾਕਾ 39.4 ਡਿਗਰੀ ਸੈਲਸੀਅਸ ਦੇ ਨਾਲ ਸਭ ਤੋਂ ਗਰਮ ਰਿਹਾ।
ਟਰਾਈਸਿਟੀ (ਚੰਡੀਗੜ੍ਹ, ਮੁਹਾਲੀ ਅਤੇ ਪੰਚਕੂਲਾ) ਵਿੱਚ ਬੁੱਧਵਾਰ ਨੂੰ ਅਸਮਾਨ ਸਾਫ਼ ਰਹੇਗਾ ਅਤੇ ਤਾਪਮਾਨ 36 ਡਿਗਰੀ ਸੈਲਸੀਅਸ ਰਹਿਣ ਦੀ ਉਮੀਦ ਹੈ। ਵੀਰਵਾਰ ਅਤੇ ਸ਼ੁੱਕਰਵਾਰ ਨੂੰ ਬੱਦਲਵਾਈ ਹੋ ਸਕਦੀ ਹੈ। ਐਤਵਾਰ ਤੱਕ ਤਾਪਮਾਨ 38 ਡਿਗਰੀ ਸੈਲਸੀਅਸ ਤੱਕ ਪਹੁੰਚਣ ਦਾ ਅਨੁਮਾਨ ਹੈ।
ਮੌਸਮ ਵਿਭਾਗ ਦੀ ਇਸ ਚਿਤਾਵਨੀ ਨੂੰ ਦੇਖਦੇ ਹੋਏ ਲੋਕਾਂ ਨੂੰ ਚੌਕਸ ਰਹਿਣ ਦੀ ਸਲਾਹ ਦਿੱਤੀ ਗਈ ਹੈ। ਚੰਡੀਗੜ੍ਹ ਵਿੱਚ ਇਸ ਸੀਜ਼ਨ ਦੌਰਾਨ ਆਮ ਨਾਲੋਂ 178 ਫ਼ੀਸਦੀ ਵੱਧ ਮੀਂਹ ਪਹਿਲਾਂ ਹੀ ਪੈ ਚੁੱਕਾ ਹੈ।






