Shimla car accident: ਸ਼ਿਮਲਾ ਦੇ ਨੇੜੇ ਇੱਕ ਕਾਰ (CH 01 CY 1933) ਦੇ ਖਾਈ ਵਿੱਚ ਡਿੱਗਣ ਕਾਰਨ ਚੰਡੀਗੜ੍ਹ ਦੇ ਰਹਿਣ ਵਾਲੇ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ਦੀ ਪਛਾਣ ਗੁਰਮੀਤ ਸਿੰਘ ਅਤੇ ਬਾਰਾ ਸਿੰਘ ਵਜੋਂ ਹੋਈ ਹੈ ਜੋ ਚੰਡੀਗੜ੍ਹ ਦੇ ਮਲੋਆ ਇਲਾਕੇ ਦੇ ਰਹਿਣ ਵਾਲੇ ਸਨ।
ਪੁਲੀਸ ਅਨੁਸਾਰ ਇਹ ਹਾਦਸਾ ਸੋਮਵਾਰ ਰਾਤ ਨੂੰ ਸਮਰਹਿੱਲ ਵਿੱਚ ਐਮ.ਆਈ. ਰੂਮ (MI room) ਨੇੜੇ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਜਦੋਂ ਡਰਾਈਵਰ ਕਾਰ ਨੂੰ ਪਿੱਛੇ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ ਤਾਂ ਗੱਡੀ ਤੋਂ ਕੰਟਰੋਲ ਖੋ ਬੈਠਾ ਅਤੇ ਕਾਰ ਸਿੱਧੀ ਖੱਡ ਵਿੱਚ ਜਾ ਡਿੱਗੀ। ਹਾਦਸਾ ਇੰਨਾ ਭਿਆਨਕ ਸੀ ਕਿ ਦੋਵਾਂ ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਸੂਚਨਾ ਮਿਲਦੇ ਹੀ ਪੁਲੀਸ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਖੱਡ ਵਿੱਚੋਂ ਲਾਸ਼ਾਂ ਨੂੰ ਬਾਹਰ ਕੱਢਿਆ। ਲਾਸ਼ਾਂ ਨੂੰ ਪੋਸਟਮਾਰਟਮ ਲਈ ਇੰਦਰਾ ਗਾਂਧੀ ਮੈਡੀਕਲ ਕਾਲਜ (IGMC) ਭੇਜਿਆ ਗਿਆ, ਜਿਸ ਤੋਂ ਬਾਅਦ ਉਨ੍ਹਾਂ ਨੂੰ ਅੰਤਿਮ ਸੰਸਕਾਰ ਲਈ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤਾ ਗਿਆ। ਸ਼ਿਮਲਾ ਦੇ ਐਸ.ਐਸ.ਪੀ. ਗੌਰਵ ਸਿੰਘ ਨੇ ਮਾਮਲੇ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਪੁਲੀਸ ਨੇ ਕੇਸ ਦਰਜ ਕਰ ਲਿਆ ਹੈ ਅਤੇ ਹਾਦਸੇ ਦੇ ਕਾਰਨਾਂ ਦੀ ਜਾਂਚ ਜਾਰੀ ਹੈ।






