ਦਿੱਲੀ ਦੀ ਇੱਕ ਅਦਾਲਤ ਨੇ ਕਾਂਗਰਸ ਆਗੂ ਸੋਨੀਆ ਗਾਂਧੀ ਦੇ ਵੋਟਰ ਸੂਚੀ ਵਿੱਚ ਕਥਿਤ ਤੌਰ ’ਤੇ ਨਾਂ ਸ਼ਾਮਲ ਕਰਨ ਨਾਲ ਸਬੰਧਤ ਮਾਮਲੇ ਵਿੱਚ ਸਾਰੀਆਂ ਧਿਰਾਂ ਨੂੰ ਇੱਕ ਹਫ਼ਤੇ ਦੇ ਅੰਦਰ ਆਪਣੇ ਲਿਖਤੀ ਜਵਾਬ ਅਤੇ ਦਲੀਲਾਂ ਪੇਸ਼ ਕਰਨ ਲਈ ਕਿਹਾ ਹੈ। ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 16 ਮਈ ਲਈ ਤੈਅ ਕੀਤੀ ਹੈ। ਸੁਣਵਾਈ ਦੌਰਾਨ ਸ਼ਿਕਾਇਤਕਰਤਾ ਦੇ ਸੀਨੀਅਰ ਵਕੀਲ ਨੇ ਆਪਣੀਆਂ ਜਵਾਬੀ ਦਲੀਲਾਂ ਪੂਰੀਆਂ ਕੀਤੀਆਂ ਅਤੇ ਭਾਰਤੀ ਚੋਣ ਕਮਿਸ਼ਨ ਦੀ ਇੱਕ ਰਿਪੋਰਟ ਰਿਕਾਰਡ ’ਤੇ ਰੱਖਣ ਦੀ ਇਜਾਜ਼ਤ ਮੰਗੀ। ਦੂਜੇ ਪਾਸੇ, ਸੋਨੀਆ ਗਾਂਧੀ ਵੱਲੋਂ ਪੇਸ਼ ਹੋਏ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਉਹ ਇਸ ਸਬੰਧੀ ਕੁਝ ਹੋਰ ਅਹਿਮ ਦਲੀਲਾਂ ਪੇਸ਼ ਕਰਨਾ ਚਾਹੁੰਦੇ ਹਨ, ਜਿਸ ਤੋਂ ਬਾਅਦ ਅਦਾਲਤ ਨੇ ਲਿਖਤੀ ਦਸਤਾਵੇਜ਼ ਜਮ੍ਹਾ ਕਰਵਾਉਣ ਦੇ ਨਿਰਦੇਸ਼ ਦਿੱਤੇ।
ਜ਼ਿਕਰਯੋਗ ਹੈ ਕਿ 9 ਦਸੰਬਰ 2025 ਨੂੰ ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ਦੇ ਵਿਸ਼ੇਸ਼ ਜੱਜ (ਭ੍ਰਿਸ਼ਟਾਚਾਰ ਰੋਕੂ ਕਾਨੂੰਨ) ਵਿਸ਼ਾਲ ਗੋਗਨੇ ਨੇ ਇਸ ਨਜ਼ਰਸਾਨੀ ਪਟੀਸ਼ਨ (Revision Plea) ਦੀ ਜਾਂਚ ਕਰਨ ਲਈ ਸਹਿਮਤੀ ਜਤਾਈ ਸੀ ਅਤੇ ਸੋਨੀਆ ਗਾਂਧੀ ਤੇ ਦਿੱਲੀ ਪੁਲੀਸ ਨੂੰ ਨੋਟਿਸ ਜਾਰੀ ਕੀਤਾ ਸੀ। ਇਹ ਮਾਮਲਾ ਪਹਿਲਾਂ ਮੈਜਿਸਟਰੇਟ ਅਦਾਲਤ ਵੱਲੋਂ ਖਾਰਜ ਕਰ ਦਿੱਤਾ ਗਿਆ ਸੀ, ਜਿਸ ਨੇ ਐੱਫ.ਆਈ.ਆਰ. ਦਰਜ ਕਰਨ ਦੇ ਹੁਕਮ ਦੇਣ ਤੋਂ ਇਨਕਾਰ ਕਰਦਿਆਂ ਕਿਹਾ ਸੀ ਕਿ ਅਦਾਲਤ ਸੰਵਿਧਾਨਕ ਅਥਾਰਟੀਆਂ ਦੇ ਕੰਮ ਵਿੱਚ ਦਖ਼ਲ ਨਹੀਂ ਦੇ ਸਕਦੀ।
ਸੋਨੀਆ ਗਾਂਧੀ ਨੇ ਇਸ ਪਟੀਸ਼ਨ ਦਾ ਵਿਰੋਧ ਕਰਦਿਆਂ ਇਨ੍ਹਾਂ ਦੋਸ਼ਾਂ ਨੂੰ ‘ਸਿਆਸਤ ਤੋਂ ਪ੍ਰੇਰਿਤ’ ਅਤੇ ਬੇਬੁਨਿਆਦ ਕਰਾਰ ਦਿੱਤਾ ਹੈ। ਉਨ੍ਹਾਂ ਦੇ ਜਵਾਬ ਵਿੱਚ ਕਿਹਾ ਗਿਆ ਹੈ ਕਿ ਨਾ ਗਰਿਕਤਾ ਨਾਲ ਸਬੰਧਤ ਮੁੱਦੇ ਕੇਂਦਰ ਸਰਕਾਰ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਹਨ ਅਤੇ ਵੋਟਰ ਸੂਚੀ ਨਾਲ ਸਬੰਧਤ ਵਿਵਾਦ ਚੋਣ ਕਮਿਸ਼ਨ ਦੇ ਅਧੀਨ ਹਨ। ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਵੱਲੋਂ ਜਾਲਸਾਜ਼ੀ ਜਾਂ ਧੋਖਾਧੜੀ ਦੇ ਕੋਈ ਪੁਖ਼ਤਾ ਸਬੂਤ ਪੇਸ਼ ਨਹੀਂ ਕੀਤੇ ਗਏ ਹਨ।
ਅਦਾਲਤ ਨੇ ਹੁਣ ਦੋਵਾਂ ਧਿਰਾਂ ਦੀਆਂ ਲਿਖਤੀ ਦਲੀਲਾਂ ਦੇ ਆਧਾਰ ’ਤੇ ਅਗਲੀ ਕਾਰਵਾਈ ਤੈਅ ਕਰਨੀ ਹੈ। ਪਿਛਲੀ ਸੁਣਵਾਈ ਦੌਰਾਨ ਅਦਾਲਤ ਨੇ ਇਹ ਵੀ ਟਿੱਪਣੀ ਕੀਤੀ ਸੀ ਕਿ ਸੰਵਿਧਾਨ ਦੀ ਧਾਰਾ 329 ਚੋਣ ਮਾਮਲਿਆਂ ਵਿੱਚ ਨਿਆਂਇਕ ਦਖ਼ਲਅੰਦਾਜ਼ੀ ਨੂੰ ਸੀਮਤ ਕਰਦੀ ਹੈ।






