ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਆਪਣੇ ਤਜਰਬੇ ਦੇ ਅਧਾਰ ‘ਤੇ ਦਾਅਵਾ ਕੀਤਾ ਹੈ ਕਿ ਪੰਜਾਬ ਵਿੱਚ ‘ਆਪ’ ਸਰਕਾਰ ਜ਼ਿਆਦਾ ਦੇਰ ਨਹੀਂ ਟਿਕੇਗੀ ਅਤੇ ਆਉਣ ਵਾਲੇ ਦਿਨਾਂ ਵਿੱਚ ਇੱਥੇ ਰਾਸ਼ਟਰਪਤੀ ਸ਼ਾਸਨ ਲੱਗ ਸਕਦਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਨੂੰ ਆਪਣੀ ਸੱਤਾ ਜਾਣ ਦਾ ਡਰ ਸਤਾ ਰਿਹਾ ਹੈ, ਜਿਸ ਕਰਕੇ ਉਨ੍ਹਾਂ ਨੇ ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦਾ ਸਿਰਫ਼ “ਡਰਾਮਾ” ਕੀਤਾ ਹੈ।
ਉਨ੍ਹਾਂ ਕਿਹਾ ਕਿ ਇਸ ਵਿਸ਼ੇਸ਼ ਸੈਸ਼ਨ ਦੀ ਆੜ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਸਰਕਾਰ ਨੂੰ ਬਚਾਉਣ ਲਈ ਫਲੋਰ ਟੈਸਟ ਕਰਵਾਉਣ ਦੀ ਯੋਜਨਾ ਬਣਾ ਰਹੇ ਹਨ। ਰੰਧਾਵਾ ਨੇ ਦਾਅਵਾ ਕੀਤਾ ਕਿ ਮੁੱਖ ਮੰਤਰੀ ਨੂੰ ਇਸ ਗੱਲ ਦਾ ਪਤਾ ਹੈ ਕਿ ਉਨ੍ਹਾਂ ਦੇ ਕਈ ਵਿਧਾਇਕ ਭਾਜਪਾ ਦੇ ਸੰਪਰਕ ਵਿੱਚ ਹਨ ਅਤੇ ਉਹ ਕਿਸੇ ਵੀ ਵੇਲੇ ਪਾਲਾ ਬਦਲ ਸਕਦੇ ਹਨ।
ਰੰਧਾਵਾ ਨੇ ਕਿਹਾ ਕਿ ਸਰਕਾਰ ਨੂੰ ਆਪਣੀ ਸੱਤਾ ਬਚਾਉਣ ਦੀ ਬਜਾਏ ਪੰਜਾਬ ਨੂੰ ਬਚਾਉਣ ਵੱਲ ਧਿਆਨ ਦੇਣਾ ਚਾਹੀਦਾ ਹੈ ਅਤੇ ਲੋਕਾਂ ਲਈ ਮਜ਼ਬੂਤ ਸੁਰੱਖਿਆ ਪ੍ਰਬੰਧ ਯਕੀਨੀ ਬਣਾਉਣੇ ਚਾਹੀਦੇ ਹਨ। ਰਾਜਪੁਰਾ-ਸ਼ੰਭੂ ਰੇਲਵੇ ਲਾਈਨ ‘ਤੇ ਹੋਏ ਧਮਾਕੇ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਘਟਨਾ ਨੇ ਪੰਜਾਬ ਦੀ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਲਈ ਖ਼ਤਰਾ ਪੈਦਾ ਕੀਤਾ ਹੈ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਸਵਾਲ ਕੀਤਾ ਕਿ ਜਦੋਂ ਇਸ ਧਮਾਕੇ ਵਿੱਚ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਦੇ ਇੱਕ ਸਮਰਥਕ ਦਾ ਨਾਮ ਆਇਆ ਹੈ, ਤਾਂ ਹੁਣ ਸਰਕਾਰ ਦਾ ਇਸ ਬਾਰੇ ਕੀ ਕਹਿਣਾ ਹੈ।
ਰੰਧਾਵਾ ਨੇ ਮੁੱਖ ਮੰਤਰੀ ਨੂੰ ਇਹ ਸਪਸ਼ਟ ਕਰਨ ਲਈ ਕਿਹਾ ਕਿ ਅੰਮ੍ਰਿਤਪਾਲ ਸਿੰਘ ਉੱਪਰੋਂ ਐੱਨ ਐੱਸ ਏ ਕਿਉਂ ਅਤੇ ਕਿਸ ਦੀ ਸਲਾਹ ‘ਤੇ ਹਟਾਈ ਗਈ ਸੀ। ਉਨ੍ਹਾਂ ਕਿਹਾ ਕਿ ਇਸ ਤੋਂ ਤੁਰੰਤ ਬਾਅਦ ਅਜਿਹੀ ਘਟਨਾ ਵਾਪਰਨਾ ਚਿੰਤਾਜਨਕ ਅਤੇ ਖ਼ਤਰੇ ਦਾ ਸੰਕੇਤ ਹੈ। ਉਨ੍ਹਾਂ ਇਸ ਘਟਨਾ ਨੂੰ ਕੇਂਦਰੀ ਅਤੇ ਸੂਬਾਈ ਏਜੰਸੀਆਂ ਦੀ ਨਾਕਾਮੀ ਕਰਾਰ ਦਿੱਤਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਕੱਟੜਪੰਥੀਆਂ ਅਤੇ ਗੈਂਗਸਟਰਾਂ ਦਾ ਗਠਜੋੜ ਪੰਜਾਬ ਵਿੱਚ ਹਿੰਦੂ-ਸਿੱਖ ਏਕਤਾ ਲਈ ਗੰਭੀਰ ਖ਼ਤਰਾ ਹੈ ਅਤੇ ਸੂਬੇ ਨੂੰ ਬਚਾਉਣ ਲਈ ਇਸ ਨੂੰ ਤੋੜਨਾ ਲਾਜ਼ਮੀ ਹੈ।
ਉਨ੍ਹਾਂ ਇਹ ਵੀ ਮੰਗ ਕੀਤੀ ਕਿ ਕੇਂਦਰੀ ਜਾਂਚ ਏਜੰਸੀਆਂ ਬਾਪੂ ਤਰਸੇਮ ਸਿੰਘ ਅਤੇ ਧਮਾਕੇ ਵਿੱਚ ਮਾਰੇ ਗਏ ਮੁਲਜ਼ਮ ਵਿਚਕਾਰ ਕਥਿਤ ਸਬੰਧਾਂ ਦੀ ਡੂੰਘਾਈ ਨਾਲ ਜਾਂਚ ਕਰਨ। ਉਨ੍ਹਾਂ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਇੰਟਰਨੈੱਟ ‘ਤੇ ਵਾਇਰਲ ਹੋ ਰਹੀਆਂ ਤਸਵੀਰਾਂ ਦੀ ਸੱਚਾਈ ਦੀ ਜਾਂਚ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਅਜਿਹੇ ਖ਼ਤਰਿਆਂ ਨੂੰ ਰੋਕਣ ਅਤੇ ਕੱਟੜਪੰਥੀ ਅਨਸਰਾਂ ‘ਤੇ ਲਗਾਮ ਕੱਸਣ ਲਈ ਇਸ ਮਾਮਲੇ ਵਿੱਚ ਸ਼ਾਮਲ ਸਾਰੇ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।






