ਸੰਯੁਕਤ ਅਰਬ ਅਮੀਰਾਤ (UAE) ਦੇ ਫੁਜੈਰਾਹ ਵਿੱਚ ਹੋਏ ਹਮਲੇ, ਜਿਸ ਵਿੱਚ ਤਿੰਨ ਭਾਰਤੀ ਨਾਗਰਿਕ ਜ਼ਖ਼ਮੀ ਹੋ ਗਏ ਹਨ, ’ਤੇ ਭਾਰਤ ਨੇ ਸਖ਼ਤ ਪ੍ਰਤੀਕਿਰਿਆ ਦਿੱਤੀ ਹੈ। ਭਾਰਤ ਨੇ ਮੰਗਲਵਾਰ ਨੂੰ ਇਸ ਘਟਨਾ ਨੂੰ ‘ਨਾ-ਕਾਬਿਲੇ-ਬਰਦਾਸ਼ਤ’ (Unacceptable) ਕਰਾਰ ਦਿੱਤਾ ਅਤੇ ਖੇਤਰ ਵਿੱਚ ਵਧ ਰਹੀ ਹਿੰਸਾ ਨੂੰ ਤੁਰੰਤ ਬੰਦ ਕਰਨ ਦੀ ਅਪੀਲ ਕੀਤੀ ਹੈ।
ਭਾਰਤੀ ਵਿਦੇਸ਼ ਮੰਤਰਾਲੇ (MEA) ਨੇ ਇੱਕ ਅਧਿਕਾਰਤ ਬਿਆਨ ਜਾਰੀ ਕਰਦਿਆਂ ਕਿਹਾ ਕਿ ਭਾਰਤ ਇਸ ਨਾਜ਼ੁਕ ਸਥਿਤੀ ਨੂੰ ਸੁਲਝਾਉਣ ਲਈ ਗੱਲਬਾਤ ਅਤੇ ਕੂਟਨੀਤੀ ਦੇ ਪੱਖ ਵਿੱਚ ਹੈ। ਮੰਤਰਾਲੇ ਨੇ ਸਾਰੀਆਂ ਧਿਰਾਂ ਨੂੰ ਸੰਜਮ ਵਰਤਣ ਦੀ ਅਪੀਲ ਕੀਤੀ ਹੈ ਤਾਂ ਜੋ ਪੱਛਮੀ ਏਸ਼ੀਆ ਵਿੱਚ ਸ਼ਾਂਤੀ ਅਤੇ ਸਥਿਰਤਾ ਬਹਾਲ ਕੀਤੀ ਜਾ ਸਕੇ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ, ‘ ਫੁਜੈਰਾਹ ’ਤੇ ਹਮਲਾ, ਜਿਸ ਵਿੱਚ ਤਿੰਨ ਭਾਰਤੀ ਜ਼ਖ਼ਮੀ ਹੋਏ ਹਨ, ਬੇਹੱਦ ਮੰਦਭਾਗਾ ਹੈ। ਮਾਸੂਮ ਨਾਗਰਿਕਾਂ ਅਤੇ ਨਾਗਰਿਕ ਬੁਨਿਆਦੀ ਢਾਂਚੇ ਨੂੰ ਨਿਸ਼ਾਨਾ ਬਣਾਉਣਾ ਤੁਰੰਤ ਬੰਦ ਹੋਣਾ ਚਾਹੀਦਾ ਹੈ।”
ਭਾਰਤ ਨੇ ਕੌਮਾਂਤਰੀ ਕਾਨੂੰਨਾਂ ਅਨੁਸਾਰ ਹੋਰਮੁਜ਼ ਜਲਡਮਰੂ ਰਾਹੀਂ ਸਮੁੰਦਰੀ ਆਵਾਜਾਈ ਨੂੰ ਨਿਰਵਿਘਨ ਜਾਰੀ ਰੱਖਣ ਦੀ ਮਹੱਤਤਾ ’ਤੇ ਵੀ ਜ਼ੋਰ ਦਿੱਤਾ। ਬਿਆਨ ਵਿੱਚ ਕਿਹਾ ਗਿਆ ਕਿ ਭਾਰਤ ਅਮਨ-ਸ਼ਾਂਤੀ ਲਈ ਕੀਤੇ ਜਾਣ ਵਾਲੇ ਹਰ ਯਤਨ ਵਿੱਚ ਸਹਿਯੋਗ ਦੇਣ ਲਈ ਤਿਆਰ ਹੈ।
ਜ਼ਿਕਰਯੋਗ ਹੈ ਕਿ ਇਹ ਪ੍ਰਤੀਕਿਰਿਆ ਯੂਏਈ ਦੇ ਪੂਰਬੀ ਇਮਾਰਤ ਫੁਜੈਰਾਹ ਪੈਟਰੋਲੀਅਮ ਇੰਡਸਟਰੀਜ਼ ਜ਼ੋਨ (FOIZ) ਵਿੱਚ ਹੋਏ ਡਰੋਨ ਹਮਲੇ ਤੋਂ ਬਾਅਦ ਆਈ ਹੈ। ਇਸ ਹਮਲੇ ਕਾਰਨ ਤੇਲ ਸਹੂਲਤ ਵਿੱਚ ਭਿਆਨਕ ਅੱਗ ਲੱਗ ਗਈ ਸੀ। ਸਥਾਨਕ ਪ੍ਰਸ਼ਾਸਨ ਮੁਤਾਬਕ ਤਿੰਨੋਂ ਜ਼ਖ਼ਮੀ ਭਾਰਤੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ। ਯੂਏਈ ਦੇ ਰੱਖਿਆ ਮੰਤਰਾਲੇ ਨੇ ਦੱਸਿਆ ਕਿ ਇਰਾਨ ਵੱਲੋਂ ਕਈ ਮਿਜ਼ਾਈਲਾਂ ਅਤੇ ਡਰੋਨ ਦਾਗੇ ਗਏ ਸਨ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਨੂੰ ਰਸਤੇ ਵਿੱਚ ਹੀ ਨਸ਼ਟ ਕਰ ਦਿੱਤਾ ਗਿਆ।





