ਪੰਜਾਬ ਸਕੱਤਰੇਤ, ਵੱਖ-ਵੱਖ ਹਿੰਦੂ ਮੰਦਰਾਂ ਅਤੇ ਅੰਬਾਲਾ-ਦਿੱਲੀ ਰੇਲਗੱਡੀ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਇੱਕ ਸਾਂਝੀ ਧਮਕੀ ਤੋਂ ਬਾਅਦ ਹੁਣ ਪਟਿਆਲਾ ਦੇ ਇਤਿਹਾਸਕ ਅਤੇ ਪ੍ਰਸਿੱਧ ਸ੍ਰੀ ਕਾਲੀ ਮਾਤਾ ਮੰਦਰ ਨੂੰ ਵੀ ਨਿਸ਼ਾਨਾ ਬਣਾਉਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਖ਼ੁਫ਼ੀਆ ਧਮਕੀ ਤੋਂ ਬਾਅਦ ਪੰਜਾਬ ਪੁਲਿਸ, ਖ਼ੁਫ਼ੀਆ ਵਿਭਾਗ ਅਤੇ ਹੋਰ ਕੇਂਦਰੀ ਸੁਰੱਖਿਆ ਏਜੰਸੀਆਂ ਪੂਰੀ ਤਰ੍ਹਾਂ ਚੌਕਸ ਹੋ ਗਈਆਂ ਹਨ। ਮੌਕੇ ‘ਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਪਟਿਆਲਾ ਸਿਟੀ-1 ਦੇ ਡੀ.ਐੱਸ.ਪੀ. ਸੰਜੀਵ ਸਿੰਗਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਐੱਸ.ਐੱਸ.ਪੀ. ਵਰੁਣ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੂਰੇ ਜ਼ਿਲ੍ਹੇ ਵਿੱਚ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਮਹੱਤਵਪੂਰਨ, ਇਤਿਹਾਸਕ ਅਤੇ ਸੰਵੇਦਨਸ਼ੀਲ ਧਾਰਮਿਕ ਸਥਾਨਾਂ ਦੀ ਸੁਰੱਖਿਆ ਵਿਵਸਥਾ ਦੀ ਲਗਾਤਾਰ ਅਤੇ ਨਿਯਮਤ ਸਮੀਖਿਆ ਕੀਤੀ ਜਾਂਦੀ ਹੈ।
ਮਿਲੀ ਜਾਣਕਾਰੀ ਅਨੁਸਾਰ ਇਹ ਸਾਰੀ ਸੂਚਨਾ ਇੱਕ ਕਥਿਤ ਈਮੇਲ ਰਾਹੀਂ ਪ੍ਰਾਪਤ ਹੋਈ ਹੈ। ਇਹ ਈਮੇਲ ‘ਖਾਲਿਸਤਾਨ ਨੈਸ਼ਨਲ ਆਰਮੀ’ ਦੇ ਨਾਂ ‘ਤੇ ਭੇਜੀ ਗਈ ਦੱਸੀ ਜਾ ਰਹੀ ਹੈ। ਇਸ ਧਮਕੀ ਭਰੀ ਈਮੇਲ ਵਿੱਚ ਆਪ੍ਰੇਸ਼ਨ ਬਲੂ ਸਟਾਰ ਦਾ ਬਦਲਾ ਲੈਣ ਦੀ ਗੱਲ ਕਹੀ ਗਈ ਹੈ। ਮਾਮਲੇ ਦੀ ਸੰਵੇਦਨਸ਼ੀਲਤਾ ਨੂੰ ਦੇਖਦੇ ਹੋਏ ਸੁਰੱਖਿਆ ਏਜੰਸੀਆਂ ਨੇ ਤੁਰੰਤ ਕਾਰਵਾਈ ਕਰਦਿਆਂ ਇਸ ਈਮੇਲ ਦੇ ਆਈ.ਪੀ. ਐਡਰੈੱਸ ਅਤੇ ਭੇਜਣ ਵਾਲੇ ਦੇ ਸਰੋਤ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।





