ਆਪਣੀਆਂ ਮੰਗਾਂ ਮਨਾਉਣ ਲਈ 2600 ਅਪ੍ਰੈਂਟਿਸਿਪ ਲਾਈਨਮੈਨ ਯੂਨੀਅਨ ਦਾ ਸੰਘਰਸ਼ ਹੋਰ ਤੇਜ਼ ਹੋ ਗਿਆ। ਯੂਨੀਅਨ ਵੱਲੋਂ ਪਾਵਰਕਾਮ ਦੇ ਮੁੱਖ ਦਫ਼ਤਰ ਸਾਹਮਣੇ ਲੱਗੇ ਪੱਕੇ ਮੋਰਚੇ ਦੇ ਕੁਝ ਨੌਜਵਾਨ ਪਟਿਆਲਾ ਸੰਗਰੂਰ ਰੋਡ ‘ਤੇ ਗੁਰਦੁਆਰਾ ਪਰਮੇਸ਼ਵਰ ਦੁਆਰ ਅੱਗੇ ਅਚਾਨਕ ਉੱਚੇ ਬਿਜਲੀ ਟਾਵਰ ‘ਤੇ ਚੜ੍ਹ ਗਏ, ਜਿਸ ਕਾਰਨ ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਭਾਜੜਾਂ ਪੈ ਗਈਆਂ।
ਮੌਕੇ ‘ਤੇ ਤਾਇਨਾਤ ਪੁਲਿਸ ਅਧਿਕਾਰੀਆਂ ਤੇ ਪ੍ਰਸ਼ਾਸਨਿਕ ਟੀਮਾਂ ਨੇ ਨੌਜਵਾਨਾਂ ਨੂੰ ਹੇਠਾਂ ਉਤਾਰਨ ਲਈ ਮਨਾਉਣ ਦੀ ਕੋਸ਼ਿਸ਼ ਕੀਤੀ। ਟਾਵਰ ‘ਤੇ ਚੜ੍ਹੇ ਨੌਜਵਾਨਾਂ ਨੇ ਕਿਹਾ ਕਿ ਜਦੋਂ ਤਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ, ਉਹ ਆਪਣਾ ਸੰਘਰਸ਼ ਜਾਰੀ ਰੱਖਣਗੇ।
ਯੂਨੀਅਨ ਆਗੂਆਂ ਨੇ ਦੱਸਿਆ ਕਿ ਪਾਵਰਕਾਮ ਦੇ ਮੁੱਖ ਦਫ਼ਤਰ ਸਾਹਮਣੇ ਉਨ੍ਹਾਂ ਦਾ ਪੱਕਾ ਮੋਰਚਾ ਤੇ ਮਰਨ ਵਰਤ ਕਈ ਦਿਨਾਂ ਤੋਂ ਜਾਰੀ ਹੈ, ਪਰ ਸਰਕਾਰ ਅਤੇ ਪਾਵਰਕਾਮ ਮੈਨੇਜਮੈਟ ਵੱਲੋਂ ਬੇਰੁਜ਼ਗਾਰ ਨੌਜਵਾਨਾਂ ਦੀਆਂ ਜਾਇਜ਼ ਮੰਗਾਂ ਨੂੰ ਅਣਡਿੱਠਾ ਕੀਤਾ ਜਾ ਰਿਹਾ ਹੈ।






