ਮਹਿਲ ਕਲਾਂ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ‘ਲੋਕ ਮਿਲਣੀ’ ਦੌਰਾਨ ਉਸ ਵੇਲੇ ਵਿਵਾਦ ਖੜ੍ਹਾ ਹੋ ਗਿਆ, ਜਦੋਂ ਭਾਰਤੀ ਕਿਸਾਨ ਯੂਨੀਅਨ (ਏਕਤਾ) ਸਿੱਧੂਪੁਰ ਦੇ ਸੈਂਕੜੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਨੂੰ ਪੁਲੀਸ ਪ੍ਰਸ਼ਾਸਨ ਨੇ ਮੁੱਖ ਮੰਤਰੀ ਤੱਕ ਪਹੁੰਚਣ ਤੋਂ ਪਹਿਲਾਂ ਹੀ ਰਸਤੇ ਵਿੱਚ ਰੋਕ ਲਿਆ। ਜਥੇਬੰਦੀ ਨੇ ਦੋਸ਼ ਲਾਇਆ ਕਿ ਸਰਕਾਰ ਦੇ ਇਸ਼ਾਰੇ ’ਤੇ ਪੁਲੀਸ ਵੱਲੋਂ ਉਨ੍ਹਾਂ ਦੀ ਖੇਤਾਂ ਵਿੱਚ ਘੇਰਾਬੰਦੀ ਕੀਤੀ ਗਈ ਅਤੇ ਹਿਰਾਸਤ ਵਿੱਚ ਲੈਣ ਦੀ ਕੋਸ਼ਿਸ਼ ਕੀਤੀ ਗਈ।
ਇਸ ਮੌਕੇ ਜ਼ਿਲ੍ਹਾ ਆਗੂ ਕਰਨੈਲ ਸਿੰਘ ਗਾਂਧੀ ਦੀ ਅਗਵਾਈ ਹੇਠ ਕਿਸਾਨ ਤੇ ਮਜ਼ਦੂਰ ਫ਼ਸਲਾਂ ਦੀ ਐਮ.ਐਸ.ਪੀ. ਦੀ ਕਾਨੂੰਨੀ ਗਾਰੰਟੀ ਅਤੇ ਹੋਰ ਭੱਖਦੀਆਂ ਮੰਗਾਂ ਸਬੰਧੀ ਮੁੱਖ ਮੰਤਰੀ ਨੂੰ ਮੰਗ ਪੱਤਰ ਦੇਣ ਲਈ ਕਾਫ਼ਲੇ ਦੇ ਰੂਪ ਵਿੱਚ ਨਿਕਲੇ ਸਨ। ਕਿਸਾਨ ਆਗੂਆਂ ਮੁਤਾਬਕ ਪੁਲੀਸ ਫੋਰਸ ਨੇ ਉਨ੍ਹਾਂ ਨੂੰ ਘੇਰ ਲਿਆ। ਪੁਲੀਸ ਦੀ ਇਸ ਕਾਰਵਾਈ ਦੇ ਵਿਰੋਧ ਵਿੱਚ ਕਿਸਾਨ ਕੱਦੂ ਕੀਤੇ ਅਤੇ ਲੱਗੇ ਹੋਏ ਝੋਨੇ ਦੇ ਖੇਤਾਂ ਵਿੱਚ ਹੀ ਡਟ ਗਏ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਰੋਸ ਪ੍ਰਗਟਾਇਆ।
ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਬਲਾਕ ਪ੍ਰਧਾਨ ਜਗਪਾਲ ਸਿੰਘ ਸਹਿਜੜਾ ਨੇ ਕਿਹਾ ਕਿ ਇੱਕ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਖ਼ੁਦ ਨੂੰ ਕਿਸਾਨਾਂ ਦੇ ਹਮਾਇਤੀ ਅਖਵਾਉਂਦੇ ਹਨ, ਪਰ ਦੂਜੇ ਪਾਸੇ ਜਦੋਂ ਕਿਸਾਨ ਆਪਣੇ ਹੱਕਾਂ ਲਈ ਸ਼ਾਂਤਮਈ ਢੰਗ ਨਾਲ ਮਿਲਣ ਜਾਂਦੇ ਹਨ ਤਾਂ ਪੁਲੀਸ ਦੀ ਮਦਦ ਨਾਲ ਉਨ੍ਹਾਂ ਦੀ ਆਵਾਜ਼ ਨੂੰ ਦਬਾਇਆ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਇਹ ਲੋਕਤੰਤਰ ਦਾ ਘਾਣ ਹੈ ਅਤੇ ਸਰਕਾਰ ਦਾ ਦੋਹਰਾ ਚਿਹਰਾ ਬੇਨਕਾਬ ਕਰਦਾ ਹੈ। ਪਿੰਡਾਂ ਦੇ ਦੌਰਿਆਂ ਦੌਰਾਨ ਅਜਿਹਾ ਦਹਿਸ਼ਤ ਦਾ ਮਾਹੌਲ ਪਹਿਲਾਂ ਕਦੇ ਨਹੀਂ ਦੇਖਿਆ ਗਿਆ।
ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਸਰਕਾਰ ਦੀਆਂ ਅਜਿਹੀਆਂ ਧੱਕੇਸ਼ਾਹੀਆਂ ਅੱਗੇ ਉਹ ਝੁਕਣਗੇ ਨਹੀਂ। ਫ਼ਸਲਾਂ ‘ਤੇ ਕਾਨੂੰਨੀ ਐਮ.ਐਸ.ਪੀ., ਕਿਸਾਨਾਂ-ਮਜ਼ਦੂਰਾਂ ਦੀ ਕਰਜ਼ਾ ਮੁਆਫ਼ੀ ਅਤੇ ਹੋਰ ਜਨਤਕ ਮੁੱਦਿਆਂ ਨੂੰ ਲੈ ਕੇ ਜਥੇਬੰਦੀ ਦਾ ਸੰਘਰਸ਼ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਮਜ਼ਬੂਤੀ ਨਾਲ ਜਾਰੀ ਰਹੇਗਾ।




