ਜ਼ਿਲ੍ਹੇ ਦੇ ਸਰਹੱਦੀ ਖੇਤਰ ਦੋਰਾਂਗਲਾ ਅਧੀਨ ਆਉਂਦੇ ਕਈ ਪਿੰਡਾਂ ਵਿੱਚ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਹੋ ਰਹੀ ਭਾਰੀ ਬਾਰਸ਼ ਕਾਰਨ ਲੋਕਾਂ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਲਗਾਤਾਰ ਬਰਸਾਤ ਕਾਰਨ ਨੀਵੀਂਆਂ ਥਾਵਾਂ ’ਤੇ ਪਾਣੀ ਭਰ ਗਿਆ ਹੈ, ਜਦਕਿ ਸਰਹੱਦੀ ਪਿੰਡਾਂ ਦੇ ਲੋਕਾਂ ਨੂੰ ਇੱਕ ਵਾਰ ਫਿਰ ਪਿਛਲੇ ਸਾਲ ਆਏ ਹੜ੍ਹਾਂ ਦੀ ਚਿੰਤਾ ਸਤਾਉਣ ਲੱਗ ਪਈ ਹੈ।
ਦਰਿਆਵਾਂ ਤੇ ਨਾਲਿਆਂ ‘ਚ ਉਫ਼ਾਨ; ਆਵਾਜਾਈ ਪ੍ਰਭਾਵਿਤ
ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਪਿੰਡ ਆਦੀਆਂ, ਚੌਂਤਰਾ ਅਤੇ ਸਲਾਚ ਸਮੇਤ ਹੋਰ ਇਲਾਕਿਆਂ ਵਿੱਚ ਨੌਮਣੀ ਨਾਲਿਆਂ ਦਾ ਪਾਣੀ ਉਫਾਨ ’ਤੇ ਹੈ। ਇਸ ਦੇ ਨਾਲ ਹੀ ਰਾਵੀ ਅਤੇ ਉੱਜ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਸਰਹੱਦੀ ਖੇਤਰ ਵਿੱਚ ਹਾਲਾਤ ਚਿੰਤਾਜਨਕ ਬਣਦੇ ਜਾ ਰਹੇ ਹਨ। ਕਈ ਥਾਵਾਂ ’ਤੇ ਪਾਣੀ ਸੜਕਾਂ ਤੱਕ ਪਹੁੰਚ ਗਿਆ ਹੈ, ਜਿਸ ਕਾਰਨ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ ਅਤੇ ਲੋਕਾਂ ਨੂੰ ਆਉਣ-ਜਾਣ ਵਿੱਚ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਬੀਐੱਸਐੱਫ ਪੋਸਟਾਂ ਦੇ ਰਸਤਿਆਂ ‘ਚ ਭਰਿਆ ਪਾਣੀ
ਪਿੰਡ ਆਦੀਆਂ ਵਿੱਚ ਭਾਰਤ-ਪਾਕਿਸਤਾਨ ਸਰਹੱਦ ’ਤੇ ਸਥਿਤ ਬੀਐੱਸਐੱਫ ਦੀਆਂ ਕੁਝ ਪੋਸਟਾਂ ਨੂੰ ਜਾਂਦੇ ਰਸਤਿਆਂ ’ਤੇ ਵੀ ਨੌਮਣੀ ਦਾ ਪਾਣੀ ਭਰ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਇਸ ਕਾਰਨ ਬੀਐੱਸਐੱਫ ਜਵਾਨਾਂ ਅਤੇ ਅਧਿਕਾਰੀਆਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਨਾਲਿਆਂ ਦੀ ਸਫ਼ਾਈ ਨਾ ਹੋਣ ‘ਤੇ ਲੋਕਾਂ ‘ਚ ਰੋਸ; ਪ੍ਰਸ਼ਾਸਨ ਨੇ ਦਿੱਤਾ ਭਰੋਸਾ
ਪਿੰਡ ਵਾਸੀਆਂ ਨੇ ਕਿਹਾ ਕਿ ਪਿਛਲੇ ਸਾਲ ਹੜ੍ਹਾਂ ਤੋਂ ਬਾਅਦ ਨਹਿਰਾਂ ਅਤੇ ਨੌਮਣੀ ਨਾਲਿਆਂ ਦੀ ਪੂਰੀ ਤਰ੍ਹਾਂ ਸਫ਼ਾਈ ਨਹੀਂ ਕਰਵਾਈ ਗਈ, ਜਿਸ ਕਾਰਨ ਇਸ ਵਾਰ ਵੀ ਬਰਸਾਤ ਦੌਰਾਨ ਪਾਣੀ ਦੀ ਨਿਕਾਸੀ ਪ੍ਰਭਾਵਿਤ ਹੋ ਰਹੀ ਹੈ। ਲੋਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸਰਹੱਦੀ ਖੇਤਰ ਦੇ ਹਾਲਾਤ ਦਾ ਤੁਰੰਤ ਜਾਇਜ਼ਾ ਲੈ ਕੇ ਪਾਣੀ ਦੀ ਨਿਕਾਸੀ ਦੇ ਪ੍ਰਬੰਧ ਕੀਤੇ ਜਾਣ ਤਾਂ ਜੋ ਪਿੰਡਾਂ ਨੂੰ ਹੜ੍ਹਾਂ ਦੀ ਮਾਰ ਤੋਂ ਬਚਾਇਆ ਜਾ ਸਕੇ। ਪ੍ਰਸ਼ਾਸਨ ਦਾ ਕਹਿਣਾ ਹੈ ਕਿ ਘਬਰਾਉਣ ਦੀ ਲੋੜ ਨਹੀਂ, ਕਿਸੇ ਵੀ ਹਾਲਾਤ ਨਾਲ ਨਜਿੱਠਣ ਲਈ ਸਾਰੇ ਪ੍ਰਬੰਧ ਮੁਕੰਮਲ ਹਨ।






