Moga Teacher Suspended: ਪੰਜਾਬ ਸਰਕਾਰ ਵੱਲੋਂ ਸਕੂਲੀ ਵਿਦਿਆਰਥਣਾਂ ਨਾਲ ਗ਼ਲਤ ਵਿਹਾਰ ਅਤੇ ਧਮਕੀਆਂ ਦੇਣ ਦੇ ਇਲਜ਼ਾਮਾਂ ਤਹਿਤ ਮੋਗਾ ਦੇ ਪਿੰਡ ਮੋਠਾਂਵਾਲੀ ਦੇ ਸਰਕਾਰੀ ਮਿਡਲ ਸਕੂਲ ਵਿੱਚ ਤਾਇਨਾਤ ਸਮਾਜਿਕ ਸਿੱਖਿਆ ਅਧਿਆਪਕ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਨਿਰਦੇਸ਼ਾਂ ’ਤੇ ਸਕੂਲੀ ਵਿਦਿਆਰਥਣਾਂ ਦੀ ਸ਼ਿਕਾਇਤ ਦੀ ਮੁੱਢਲੀ ਜਾਂਚ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਮੋਗਾ ਨੇ ਕੀਤੀ। ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਇਸ ਮੁੱਢਲੀ ਰਿਪੋਰਟ ਦੇ ਆਧਾਰ ’ਤੇ ਅਧਿਆਪਕ ਨੂੰ ਮੁਅੱਤਲ ਕਰ ਦਿੱਤਾ ਹੈ।
ਪਿੰਡ ਮੋਠਾਂਵਾਲੀ ਦੇ ਸਰਕਾਰੀ ਸਕੂਲ ਦੀਆਂ ਛੇਵੀਂ ਤੇ ਅੱਠਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ ਦੋਸ਼ ਲਗਾਏ ਸਨ ਕਿ ਉਕਤ ਅਧਿਆਪਕ ਨੇ ਉਨ੍ਹਾਂ ਨਾਲ ਗ਼ਲਤ ਹਰਕਤ ਕੀਤੀ ਅਤੇ ਇਸ ਤੋਂ ਇਲਾਵਾ ਇਸ ਅਧਿਆਪਕ ਨੇ ਉਨ੍ਹਾਂ ਨੂੰ ਧਮਕੀ ਵੀ ਦਿੱਤੀ ਕਿ ਜੇਕਰ ਇਸ ਹਰਕਤ ਦੀ ਬਾਹਰ ਭਾਫ਼ ਕੱਢੀ ਤਾਂ ਉਨ੍ਹਾਂ ਨੂੰ ਫ਼ੇਲ੍ਹ ਕਰ ਦਿੱਤਾ ਜਾਵੇਗਾ। ਮੁਅੱਤਲੀ ਦੌਰਾਨ ਮੁਲਜ਼ਮ ਨੂੰ ਸੇਵਾ ਨਿਯਮਾਂ ਅਨੁਸਾਰ ਗੁਜ਼ਾਰਾ ਭੱਤਾ ਮਿਲੇਗਾ। ਮੁਅੱਤਲੀ ਦੌਰਾਨ ਇਹ ਅਧਿਆਪਕ ਦਫ਼ਤਰ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ) ਮੋਗਾ ’ਚ ਤਾਇਨਾਤ ਰਹੇਗਾ।
ਸਿੱਖਿਆ ਵਿਭਾਗ ਦੇ ਅਗਲੇ ਹੁਕਮਾਂ ਤੱਕ ਅਧਿਆਪਕ ਦੀ ਹਾਜ਼ਰੀ ਡੀ ਈ ਓ ਦਫ਼ਤਰ ਮੋਗਾ ’ਚ ਲੱਗੇਗੀ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਹਰ ਬੱਚੇ ਦੀ ਸੁਰੱਖਿਆ ਅਤੇ ਤੰਦਰੁਸਤੀ ਨੂੰ ਆਪਣੀ ਪ੍ਰਮੁੱਖ ਤਰਜੀਹ ਦੱਸਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਹਰੇਕ ਵਿਦਿਆਰਥੀ ਦੀ ਸੁਰੱਖਿਆ, ਮਾਣ-ਸਨਮਾਨ ਅਤੇ ਮਾਨਸਿਕ ਸਿਹਤ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ। ਪੰਜਾਬ ਸਰਕਾਰ ਵੱਲੋਂ ਬੱਚਿਆਂ ਨੂੰ ਧਮਕਾਉਣ ਜਾਂ ਨੁਕਸਾਨ ਪਹੁੰਚਾਉਣ ਲਈ ਆਪਣੇ ਅਹੁਦੇ ਦੀ ਦੁਰਵਰਤੋਂ ਕਰਨ ਵਾਲੇ ਕਿਸੇ ਵੀ ਅਧਿਆਪਕ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਸਿੱਖਿਆ ਮੰਤਰੀ ਬੈਂਸ ਨੇ ਦੱਸਿਆ ਕਿ ਉਪਰੋਕਤ ਮਾਮਲੇ ਦੀ ਸਮਾਂਬੱਧ ਰੈਗੂਲਰ ਜਾਂਚ ਦੇ ਹੁਕਮ ਦਿੱਤੇ ਗਏ ਹਨ ਅਤੇ ਦੋਸ਼ ਸਾਬਤ ਹੋਣ ’ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਸੁਰੱਖਿਆ ਨਾਲ ਸਬੰਧਿਤ ਕਿਸੇ ਵੀ ਸ਼ਿਕਾਇਤ ਨਾਲ ਤੁਰੰਤ ਅਤੇ ਸਖ਼ਤੀ ਨਾਲ ਨਜਿੱਠਿਆ ਜਾਵੇਗਾ।






