ਵਿਰੋਧੀ ਪਾਰਟੀਆਂ ਦੀ ਨਾਅਰੇਬਾਜ਼ੀ ਦਰਮਿਆਨ ਲੋਕ ਸਭਾ ਨੇ ਬੁੱਧਵਾਰ ਨੂੰ ਐਂਟੀ-ਪੇਪਰ ਲੀਕ ਕਾਨੂੰਨ ਵਿੱਚ ਸੋਧ ਕਰਨ ਲਈ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ਵਿੱਚ 10 ਸਾਲ ਤੱਕ ਦੀ ਕੈਦ ਅਤੇ 50 ਲੱਖ ਰੁਪਏ ਤੱਕ ਦੇ ਜੁਰਮਾਨੇ ਦੀ ਸਖ਼ਤ ਸਜ਼ਾ ਦੀ ਵਿਵਸਥਾ ਹੈ।
ਕੌਕਰੋਚ ਜਨਤਾ ਪਾਰਟੀ ਦੀ ਅਗਵਾਈ ਹੇਠ ਹੋਏ ਵੱਡੇ ਪੱਧਰ ‘ਤੇ ਵਿਦਿਆਰਥੀ ਵਿਰੋਧ ਪ੍ਰਦਰਸ਼ਨਾਂ ਕਾਰਨ ਧਰਮੇਂਦਰ ਪ੍ਰਧਾਨ ਨੂੰ ਸਿੱਖਿਆ ਮੰਤਰੀ ਵਜੋਂ ਅਸਤੀਫ਼ਾ ਦੇਣ ਲਈ ਮਜਬੂਰ ਹੋਣ ਦੇ ਕੁਝ ਦਿਨਾਂ ਬਾਅਦ, 27 ਜੁਲਾਈ ਨੂੰ ਕੇਂਦਰੀ ਮੰਤਰੀ ਜਿਤੇਂਦਰ ਸਿੰਘ ਵੱਲੋਂ ਸਖ਼ਤ ਸਜ਼ਾ ਵਾਲਾ ਪਬਲਿਕ ਐਗਜ਼ਾਮੀਨੇਸ਼ਨ (ਪ੍ਰੀਵੈਂਸ਼ਨ ਆਫ਼ ਅਨਫੇਅਰ ਮੀਨਜ਼) ਅਮੈਂਡਮੈਂਟ (ਸੋਧ) ਬਿੱਲ, 2026 ਸਦਨ ਵਿੱਚ ਪੇਸ਼ ਕੀਤਾ ਗਿਆ ਸੀ।
ਲੋਕ ਸਭਾ ਵਿੱਚ ਬੋਲਦਿਆਂ ਜਿਤੇਂਦਰ ਸਿੰਘ ਨੇ ਕਿਹਾ ਕਿ ਸਰਕਾਰ ਨੇ ਨੀਟ ਪੇਪਰ ਲੀਕ ਮਾਮਲੇ ਵਿੱਚ ਤੇਜ਼ੀ ਨਾਲ ਕਾਰਵਾਈ ਕੀਤੀ ਹੈ ਅਤੇ 2024 ਵਿੱਚ ਐਂਟੀ-ਪੇਪਰ ਲੀਕ ਕਾਨੂੰਨ ਲਾਗੂ ਹੋਣ ਤੋਂ ਬਾਅਦ ਹੁਣ ਤੱਕ 52 ਐੱਫ਼ ਆਈ ਆਰ ਦਰਜ ਕੀਤੀਆਂ ਜਾ ਚੁੱਕੀਆਂ ਹਨ।
ਉਨ੍ਹਾਂ ਕਿਹਾ ਕਿ ਸੋਧ ਬਿੱਲ ਇਹ ਦਰਸਾਉਂਦਾ ਹੈ ਕਿ ਸਰਕਾਰ ਤਜ਼ਰਬੇ ਤੋਂ ਸਿੱਖਣ ਲਈ ਤਿਆਰ ਸੀ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਦੱਸਿਆ ਕਿ ਪਿਛਲੇ ਕੁਝ ਸਾਲਾਂ ਦੌਰਾਨ ਪੇਪਰ ਲੀਕ ਨਾਲ ਜੁੜੀਆਂ ਘਟਨਾਵਾਂ ਕਾਰਨ ਹੋਣ ਵਾਲੀਆਂ ਖ਼ੁਦਕੁਸ਼ੀਆਂ ਦੀ ਗਿਣਤੀ ਵਿੱਚ ਵੀ ਕਮੀ ਆਈ ਹੈ।
ਉਨ੍ਹਾਂ ਨੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਦੀ ਆਲੋਚਨਾ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੰਸਦੀ ਨਿਯਮਾਂ ਅਤੇ ਸਰਕਾਰ ਦੇ ਕੰਮਕਾਜ ਬਾਰੇ ਕੋਈ ਜਾਣਕਾਰੀ ਨਹੀਂ ਹੈ।
ਬਿੱਲ ਪਾਸ ਹੋਣ ਤੋਂ ਤੁਰੰਤ ਬਾਅਦ ਲੋਕ ਸਭਾ ਦੀ ਕਾਰਵਾਈ ਦਿਨ ਭਰ ਲਈ ਮੁੱਤਲ ਕਰ ਦਿੱਤੀ ਗਈ।






