ਪੰਜਾਬ ਵਿਧਾਨ ਸਭਾ ਦੇ ਸਦਨ ਵਿੱਚ ਕੇਂਦਰ ਸਰਕਾਰ ਅਤੇ ਭਾਜਪਾ ਸ਼ਾਸਿਤ ਸੂਬਿਆਂ ਅਧੀਨ ਸਰਕਾਰੀ ਪ੍ਰੀਖਿਆਵਾਂ ਵਿੱਚ ਹੋ ਰਹੇ ਪੇਪਰ ਲੀਕ, ਭਰਤੀ ਘੁਟਾਲਿਆਂ ਅਤੇ ਸ਼ਾਂਤੀਪੂਰਨ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ‘ਤੇ ਪੁਲੀਸ ਵੱਲੋਂ ਕੀਤੇ ਗਏ ਲਾਠੀਚਾਰਜ ਤੇ ਜ਼ਬਰਦਸਤੀ ਗ੍ਰਿਫ਼ਤਾਰੀਆਂ ਦੇ ਵਿਰੁੱਧ ਇੱਕ ਅਹਿਮ ਮਤਾ ਪੇਸ਼ ਕੀਤਾ ਗਿਆ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮਤਾ ਪੇਸ਼ ਕਰਦਿਆਂ ਕਿਹਾ ਕਿ ਪਿਛਲੇ ਇੱਕ ਦਹਾਕੇ ਦੌਰਾਨ 70 ਤੋਂ ਵੱਧ ਵੱਡੇ ਪ੍ਰੀਖਿਆ ਘੁਟਾਲੇ, ਪੇਪਰ ਲੀਕ ਅਤੇ ਡਿਜੀਟਲ ਹੈਕਿੰਗ ਦੇ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਦੇਸ਼ ਦੇ ਲੱਖਾਂ ਨੌਜਵਾਨਾਂ ਦਾ ਭਵਿੱਖ ਖ਼ਤਰੇ ਵਿੱਚ ਪੈ ਗਿਆ ਹੈ ਅਤੇ ਸਰਕਾਰੀ ਪ੍ਰੀਖਿਆ ਪ੍ਰਣਾਲੀ ਤੋਂ ਲੋਕਾਂ ਦਾ ਵਿਸ਼ਵਾਸ ਉੱਠ ਰਿਹਾ ਹੈ।
ਸੋਨਮ ਵਾਂਗਚੁਕ ਨੂੰ ਹਿਰਾਸਤ ਵਿੱਚ ਲੈਣ ਦੀ ਸਖ਼ਤ ਨਿੰਦਾ
ਉਨ੍ਹਾਂ ਪ੍ਰਸਿੱਧ ਵਾਤਾਵਰਣ ਪ੍ਰੇਮੀ ਅਤੇ ਸਿੱਖਿਆ ਸੁਧਾਰਕ ਸੋਨਮ ਵਾਂਗਚੁਕ ਨੂੰ ਮਨਮਾਨੇ ਢੰਗ ਨਾਲ ਹਿਰਾਸਤ ਵਿੱਚ ਲੈਣ ਅਤੇ ਬਦਨਾਮ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ। ਉਹ ਪ੍ਰੀਖਿਆ ਪ੍ਰਣਾਲੀ ਵਿੱਚ ਜਵਾਬਦੇਹੀ ਦੀ ਮੰਗ ਕਰ ਰਹੇ ਵਿਦਿਆਰਥੀਆਂ ਦੇ ਸਮਰਥਨ ਵਿੱਚ ਆਏ ਸਨ।
ਪ੍ਰਦਰਸ਼ਨਕਾਰੀਆਂ ‘ਤੇ ਪੁਲੀਸ ਜ਼ੁਲਮ ਅਤੇ ਹਥਿਆਰਾਂ ਦੀ ਵਰਤੋਂ
ਚੀਮਾ ਨੇ ਸਦਨ ਵਿੱਚ ਚਿੰਤਾ ਜਤਾਈ ਕਿ ਸ਼ਾਂਤੀਪੂਰਨ ਪ੍ਰਦਰਸ਼ਨਕਾਰੀਆਂ, ਨਾਬਾਲਗਾਂ ਅਤੇ ਲੜਕੀਆਂ ਵਿਰੁੱਧ ਪੈਲੇਟ ਗੰਨ, ਅੱਥਰੂ ਗੈਸ ਅਤੇ ਬਿਹਾਰ ਵਰਗੇ ਸੂਬਿਆਂ ਵਿੱਚ ਏ.ਕੇ.-47 ਰਾਈਫਲਾਂ ਤੱਕ ਦੀ ਵਰਤੋਂ ਕੀਤੀ ਗਈ। ਇਸ ਤੋਂ ਇਲਾਵਾ ਉਨ੍ਹਾਂ ‘ਤੇ ਸਖ਼ਤ ਧਾਰਾਵਾਂ ਤਹਿਤ ਮਾਮਲੇ ਦਰਜ ਕੀਤੇ ਗਏ।
ਕੇਂਦਰ ਸਰਕਾਰ ਨੂੰ ਮਾਮਲੇ ਰੱਦ ਕਰਨ ਅਤੇ ਸੁਧਾਰ ਕਰਨ ਦੀ ਅਪੀਲ
ਚੀਮਾ ਨੇ ਮਤਾ ਪੇਸ਼ ਕਰਦਿਆਂ ਮੰਗ ਕੀਤੀ ਕਿ ਸ਼ਾਂਤੀਪੂਰਨ ਪ੍ਰਦਰਸ਼ਨਕਾਰੀਆਂ ਅਤੇ ਵਿਦਿਆਰਥੀਆਂ ਵਿਰੁੱਧ ਦਰਜ ਕੀਤੇ ਗਏ ਸਾਰੇ ਗੈਰ-ਵਾਜਬ ਫੌਜਦਾਰੀ ਕੇਸ ਤੁਰੰਤ ਰੱਦ ਕੀਤੇ ਜਾਣ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਨੈਸ਼ਨਲ ਟੈਸਟਿੰਗ ਏਜੰਸੀ ਵਰਗੀਆਂ ਸੰਸਥਾਵਾਂ ਦਾ ਵਿਕੇਂਦਰੀਕਰਨ ਅਤੇ ਸੁਧਾਰ ਕੀਤਾ ਜਾਵੇ ਅਤੇ ਪੇਪਰ ਲੀਕ ਕਰਨ ਵਾਲੇ ਗਰੋਹਾਂ ਵਿਰੁੱਧ ਮਿਸਾਲੀ ਕਾਰਵਾਈ ਕੀਤੀ ਜਾਵੇ।
ਜ਼ਖ਼ਮੀ ਵਿਦਿਆਰਥੀਆਂ ਲਈ ਮੁਆਵਜ਼ੇ ਅਤੇ ਮਤੇ ਦੀਆਂ ਕਾਪੀਆਂ ਭੇਜਣ ਦੀ ਸਿਫ਼ਾਰਿਸ਼
ਸ਼ਮਤੇ ਵਿੱਚ ਮੰਗ ਕੀਤੀ ਗਈ ਕਿ ਪ੍ਰਦਰਸ਼ਨਾਂ ਦੌਰਾਨ ਜ਼ਖ਼ਮੀ ਹੋਏ ਵਿਦਿਆਰਥੀਆਂ ਨੂੰ ਉਚਿਤ ਇਲਾਜ, ਪੁਨਰਵਾਸ ਅਤੇ ਆਰਥਿਕ ਮੁਆਵਜ਼ਾ ਦਿੱਤਾ ਜਾਵੇ। ਮਤੇ ਦੀਆਂ ਕਾਪੀਆਂ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ, ਸਿੱਖਿਆ ਮੰਤਰਾਲੇ ਅਤੇ ਪ੍ਰਧਾਨ ਮੰਤਰੀ ਦਫ਼ਤਰ ਨੂੰ ਭੇਜਣ ਦੀ ਸਿਫ਼ਾਰਸ਼ ਕੀਤੀ ਗਈ ਤਾਂ ਜੋ ਪੰਜਾਬ ਵਿਧਾਨ ਸਭਾ ਦਾ ਸੁਨੇਹਾ ਕੇਂਦਰ ਤੱਕ ਪਹੁੰਚਾਇਆ ਜਾ ਸਕੇ।






