ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਥਾਣਾ ਸਦਰ ਦੇ ਸਹਾਇਕ ਸਬ- ਇੰਸਪੈਕਟਰ ਸਤਰੂਪ ਸਿੰਘ ਅਤੇ ਐੱਸਐੱਚਓ, ਥਾਣਾ ਸਾਈਬਰ ਕ੍ਰਾਈਮ ਬਠਿੰਡਾ ਦੇ ਰੀਡਰ ਨੂੰ ਇੱਕ ਲੱਖ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਪੁੱਤਰ ਵਿਰੁੱਧ ਥਾਣਾ ਸਾਈਬਰ ਕ੍ਰਾਈਮ, ਬਠਿੰਡਾ ਵਿਖੇ ਕੇਸ ਦਰਜ ਕੀਤਾ ਗਿਆ ਸੀ। ਇਸ ਸਬੰਧ ਵਿੱਚ ਮੁਲਜ਼ਮ ਏਐੱਸਆਈ ਸਤਰੂਪ ਸਿੰਘ ਅਤੇ ਐਸ. ਐਚ. ਓ. ਦੇ ਰੀਡਰ ਗੁਰਚਰਨ ਸਿੰਘ, ਨੇ ਸ਼ਿਕਾਇਤਕਰਤਾ ਤੋਂ ਇਸ ਕੇਸ ਵਿੱਚ ਉਸ ਦੇ ਪੁੱਤਰ ਨੂੰ ਗ੍ਰਿਫ਼ਤਾਰ ਨਾ ਕਰਨ, ਜ਼ਮਾਨਤ ਕਰਵਾਉਣ ਵਿੱਚ ਮਦਦ ਕਰਨ ਅਤੇ ਦੂਜੀ ਧਿਰ ਨਾਲ ਸਮਝੌਤਾ ਕਰਵਉਣ ਲਈ 1 ਲੱਖ ਰੁਪਏ ਰਿਸ਼ਵਤ ਮੰਗੀ ।
ਗੈਰ-ਕਾਨੂੰਨੀ ਰਿਸ਼ਵਤ ਦੇਣ ਤੋਂ ਇਨਕਾਰੀ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਫਲਾਇੰਗ ਸਕੁਐਡ-1 ਐਸਏਐਸ ਨਗਰ ਕੋਲ ਪਹੁੰਚ ਕੀਤੀ। ਉਸਦੀ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਇੱਕ ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਦੋਸ਼ੀਆਂ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ।
ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਐੱਸਏਐੱਸ ਨਗਰ ਵਿਖੇ ਇਨ੍ਹਾਂ ਦੋਸ਼ੀਆਂ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।=






