ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਨੇ ਬੁੱਧਵਾਰ ਨੂੰ ਕਾਂਗਰਸੀ ਵਰਕਰਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਾਰੇ ਗਿੱਲੇ ਸ਼ਿਕਵੇ ਦੂਰ ਕਰਕੇ ਸੂਬੇ ਅੰਦਰ ਪਾਰਟੀ ਦੀ ਸਰਕਾਰ ਦੀ ਕਾਇਮੀ ਲਈ ਜੁੱਟ ਜਾਣ। ਇੱਥੇ ਥਾਪਰ ਨਰਸਿੰਗ ਹੋਮ ਦੇ ਮੀਟਿੰਗ ਹਾਲ ਵਿੱਚ ਜ਼ਿਲ੍ਹਾ ਕਾਂਗਰਸ ਕਮੇਟੀ ਵੱਲੋਂ ਆਯੋਜਿਤ ਇੱਕ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਬਘੇਲ ਨੇ ਕਿਹਾ ਹੈ ਕਿ ਕਾਂਗਰਸ ਇੱਕ ਅਨੁਸ਼ਾਸਨਬੱਧ ਪਾਰਟੀ ਹੈ, ਇਸ ਲਈ ਵਰਕਰਾਂ ਨੂੰ ਜ਼ਾਬਤੇ ਵਿੱਚ ਰਹਿ ਕੇ ਆਪਣੀ ਗੱਲ ਕਹਿਣੀ ਅਤੇ ਕਰਨੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਉਹ ਕਾਂਗਰਸ ਹਾਈਕਮਾਨ ਦਾ ਸੁਨੇਹਾ ਲੈ ਕੇ ਸੂਬੇ ਦੇ ਵੱਖ-ਵੱਖ ਖੇਤਰਾਂ ਵਿੱਚ ਵਰਕਰਾਂ ਕੋਲ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਰਕਰਾਂ ਵਿੱਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੂਰਾ ਉਤਸ਼ਾਹ ਦੇਖਣ ਨੂੰ ਮਿਲਿਆ ਹੈ। ਬਘੇਲ ਨੇ ਕਿਹਾ ਕਿ ਸੂਬੇ ਦੇ ਹਰੇਕ ਬੂਥ ਉੱਤੇ ਕਾਂਗਰਸ ਨੂੰ ਪੂਰੀ ਤਰ੍ਹਾਂ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਆਗੂ ਜਾਂ ਵਰਕਰ ਨੂੰ ਕੋਈ ਨਾਰਾਜ਼ਗੀ ਜਾਂ ਗਿਲਾ-ਸ਼ਿਕਵਾ ਹੈ, ਉਸ ਨੂੰ ਦੂਰ ਕੀਤਾ ਜਾਵੇਗਾ ਅਤੇ ਸਭ ਨੂੰ ਨਾਲ ਲੈ ਕੇ ਚੱਲਿਆ ਜਾਵੇਗਾ।
ਇਸ ਮੌਕੇ ਬੋਲਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਨਾ ਜ਼ਿਲ੍ਹੇ ਅੰਦਰ ਅਤੇ ਨਾ ਹੀ ਸੂਬੇ ਅੰਦਰ ਪਾਰਟੀ ਵਿੱਚ ਕੋਈ ਫੁੱਟ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੂਰੀ ਕਾਂਗਰਸ ਪਾਰਟੀ ਇਕਜੁੱਟ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਦੀ ਕੋਈ ਨਾਰਾਜ਼ਗੀ ਹੋਈ ਤਾਂ ਮਿਲ ਬੈਠ ਕੇ ਦੂਰ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਅਨੁਸ਼ਾਸਨ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਇਸ ਮੌਕੇ ਸਾਬਕਾ ਮੰਤਰੀ ਡਾਕਟਰ ਮਾਲਤੀ ਥਾਪਰ, ਸਹਾਇਕ ਇੰਚਾਰਜ ਰਵਿੰਦਰ ਡਾਲਵੀ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਹਰੀ ਸਿੰਘ ਖਾਈ, ਸੀਨੀਅਰ ਆਗੂ ਮੈਡਮ ਮਾਲਵਿਕਾ ਦੇਵੀ, ਸਾਬਕਾ ਚੇਅਰਮੈਨ ਵਿਨੋਦ ਬਾਂਸਲ, ਇੰਦਰਜੀਤ ਸਿੰਘ, ਪਰਮਿੰਦਰ ਸਿੰਘ ਡਿੰਪਲ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ।






