ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਚੰਡੀਗੜ੍ਹ ਦੇ ਸੈਕਟਰ 39 ਦੀ ਅਨਾਜ ਮੰਡੀ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਮਹਾਂ-ਰੋਸ-ਰੈਲੀ ਵਿੱਚ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਦਾ ਖ਼ੂਬ ਪਿੱਟ-ਸਿਆਪਾ ਕੀਤਾ ਜਾ ਰਿਹਾ ਹੈ।
ਅਨਾਜ ਮੰਡੀ ਤੋਂ ਪੰਜਾਬ ਵਿਧਾਨ ਸਭਾ ਵੱਲ ਮਾਰਚ ਕਰਦਿਆਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ’ਤੇ ਪੁਲੀਸ ਵੱਲੋਂ ਤਿੰਨ ਵਾਰ ਪਾਣੀ ਦੀਆਂ ਬੁਛਾੜਾਂ (Water Cannons) ਮਾਰੀਆਂ ਗਈਆਂ ਅਤੇ ਸਖ਼ਤੀ ਵਿਖਾਈ ਗਈ। ਇਸ ਸਭ ਦੇ ਬਾਵਜੂਦ ਪ੍ਰਦਰਸ਼ਨਕਾਰੀ ਮੌਕੇ ’ਤੇ ਡਟੇ ਰਹੇ ਅਤੇ ਉਨ੍ਹਾਂ ਆਪਣੀਆਂ ਮੰਗਾਂ ਨੂੰ ਲੈ ਕੇ ਜ਼ੋਰਦਾਰ ਪ੍ਰਦਰਸ਼ਨ ਕੀਤਾ।
ਅਨਾਜ ਮੰਡੀ ਦੇ ਸ਼ੈੱਡ ਦੇ ਅੰਦਰ-ਬਾਹਰ ਤੋਂ ਇਲਾਵਾ ਮੁਹਾਲੀ ਅਤੇ ਸੈਕਟਰ 39, 40 ਅਤੇ ਨੇੜਲੇ ਸੈਕਟਰਾਂ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਭਾਰੀ ਆਵਾਜਾਈ ਲੱਗੀ ਹੋਈ ਹੈ।
“ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ” ਅਤੇ “ਸਾਂਝਾ ਮੁਲਾਜ਼ਮ ਮੰਚ” ਦੇ ਆਗੂਆਂ- ਕਨਵੀਨਰ ਕਰਮ ਸਿੰਘ ਧਨੋਆ, ਸਤੀਸ਼ ਰਾਣਾ ਅਤੇ ਸਾਂਝਾ ਮੰਚ ਦੇ ਮੁੱਖ ਕਨਵੀਨਰ ਗੁਰਨਾਮ ਸਿੰਘ ਵਿਰਕ, ਕੋਆਰਡੀਨੇਟਰ ਸੁਖਚੈਨ ਸਿੰਘ ਖਹਿਰਾ, ਸੁਸ਼ੀਲ ਕੁਮਾਰ ਫ਼ੌਜੀ, ਸਾਹਿਲ ਸ਼ਰਮਾ, ਅਲਕਾ ਚੋਪੜਾ, ਦਵਿੰਦਰ ਸਿੰਘ ਬੈਨੀਪਾਲ, ਡੀ.ਟੀ.ਐੱਫ. (DTF) ਤੋਂ ਦਿਗਵਿਜੇਪਾਲ ਸ਼ਰਮਾ, ਵਿਕਰਮਦੇਵ ਸਿੰਘ, ਰਘਵੀਰ ਸਿੰਘ ਬੈਨੀਪਾਲ, ਅਮਿਤ ਕਟੋਚ, ਮਨਪ੍ਰੀਤ ਸਿੰਘ, ਹਰਨੇਕ ਸਿੰਘ, ਹਰਚਰਨ ਸਿੰਘ, ਕੁਲਵੰਤ ਸਿੰਘ, ਸਿਕੰਦਰ ਸਿੰਘ, ਕਮਲਪ੍ਰੀਤ ਸਿੰਘ ਆਦਿ ਸਮੇਤ ਡਰਾਫਟਸਮੈਨ ਐਸੋਸੀਏਸ਼ਨ ਤੋਂ ਰਾਜਿੰਦਰ ਕੁਮਾਰ ਨੇ ਆਖਿਆ ਕਿ ਪੰਜਾਬ ਸਰਕਾਰ ਦੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਪ੍ਰਤੀ ਨੀਤੀ ਅਤੇ ਨੀਅਤ ਸਾਫ਼ ਨਹੀਂ ਹੈ। ਸਰਕਾਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਕੀਤੇ ਵਾਅਦਿਆਂ ਤੋਂ ਮੁਕਰ ਚੁੱਕੀ ਹੈ, ਜਿਸ ਤੋਂ ਪ੍ਰੇਸ਼ਾਨ ਹੋ ਕੇ ਇਹ ਮਹਾਂ-ਰੈਲੀ ਕਰਨੀ ਪੈ ਰਹੀ ਹੈ ਤਾਂ ਜੋ ਸਰਕਾਰ ਦੀ ਪੋਲ ਖੋਲ੍ਹੀ ਜਾ ਸਕੇ।
ਬੁਲਾਰਿਆਂ ਨੇ ਐਲਾਨ ਕੀਤਾ ਕਿ ਪੰਜਾਬ ਵਿਧਾਨ ਸਭਾ ਵੱਲ ਪੈਦਲ ਮਾਰਚ ਕੀਤਾ ਜਾ ਰਿਹਾ ਹੈ ਤਾਂ ਜੋ ‘ਆਪ’ ਸਰਕਾਰ ਦੀਆਂ ਜੜ੍ਹਾਂ ਹਿਲਾਈਆਂ ਜਾ ਸਕਣ ਅਤੇ ਫ਼ੈਸਲਾਕੁੰਨ ਲੜਾਈ ਲੜੀ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਮਹਾਂ-ਰੈਲੀ ਸਿਰਫ਼ ਇੱਕ ਇਕੱਠ ਨਹੀਂ, ਸਗੋਂ ਆਪਣੇ ਹੱਕਾਂ, ਸਵੈ-ਮਾਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਪ੍ਰਤੀ ਸਾਂਝੀ ਵਚਨਬੱਧਤਾ ਦਾ ਪ੍ਰਤੀਕ ਹੈ।






