Sidhu Moosewala Murder Case: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਿੱਧੂ ਮੂਸੇਵਾਲਾ ਕਤਲ ਕਾਂਡ ਮਾਮਲੇ ਦੇ ਮੁਲਜ਼ਮ ਜੋਗਿੰਦਰ ਸਿੰਘ ਉਰਫ਼ ਜੋਗਾ ਦੀ ਨਿਯਮਤ ਜ਼ਮਾਨਤ ਦੀ ਅਰਜ਼ੀ ਨੂੰ ਰੱਦ ਕਰ ਦਿੱਤਾ ਹੈ। ਜੋਗਿੰਦਰ ਸਿੰਘ ਮੁੱਖ ਸਾਜ਼ਿਸ਼ਘਾੜਿਆਂ ਵਿੱਚੋਂ ਇੱਕ ਹੈ ਅਤੇ ਉਸ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ। ਜਸਟਿਸ ਜਸਜੀਤ ਸਿੰਘ ਬੇਦੀ ਦੇ ਬੈਂਚ ਅੱਗੇ ਪੇਸ਼ ਕੀਤੀ ਗਈ ਇਸ ਪਟੀਸ਼ਨ ਵਿੱਚ ਜੋਗਾ ਵੱਲੋਂ 29 ਮਈ 2022 ਨੂੰ ਮਾਨਸਾ ਦੇ ਸਿਟੀ-1 ਪੁਲੀਸ ਸਟੇਸ਼ਨ ਵਿਚ ਦਰਜ ਕੀਤੇ ਗਏ ਕਤਲ ਅਤੇ ਹੋਰ ਧਾਰਾਵਾਂ ਤਹਿਤ ਜ਼ਮਾਨਤ ਦੀ ਮੰਗ ਕੀਤੀ ਜਾ ਰਹੀ ਸੀ। ਜ਼ਿਕਰਯੋਗ ਹੈ ਕਿ ਮਾਨਸਾ ਨੇੜਲੇ ਪਿੰਡ ਜਵਾਹਰਕੇ ਵਿਚ 29 ਮਈ, 2022 ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।
ਮੁਲਜ਼ਮ ਖ਼ਿਲਾਫ਼ ਸਾਜ਼ਿਸ਼ ਰਚਣ ਅਤੇ ਸ਼ਰਨ ਦੇਣ ਦੇ ਦੋਸ਼
ਅਦਾਲਤ ਨੇ ਆਪਣੀ ਟਿੱਪਣੀ ਵਿੱਚ ਕਿਹਾ ਕਿ ਪਟੀਸ਼ਨਰ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਨੂੰ ਕਤਲ ਕਰਨ ਦੀ ਸਾਜ਼ਿਸ਼ ਵਿੱਚ ਮੁੱਖ ਸਾਜ਼ਿਸ਼ਘਾੜਿਆਂ ਵਿੱਚੋਂ ਇੱਕ ਹੈ। ਉਸ ਨੇ ਨਾ ਸਿਰਫ਼ ਹਮਲਾਵਰਾਂ ਨੂੰ ਪਨਾਹ ਦਿੱਤੀ, ਸਗੋਂ ਆਪਣੇ ਇੱਕ ਸਾਥੀ ਨੂੰ ਹਥਿਆਰ ਵੀ ਮੁਹੱਈਆ ਕਰਵਾਇਆ ਸੀ। ਬੈਂਚ ਨੇ ਇਸ ਗੱਲ ਦਾ ਵੀ ਨੋਟਿਸ ਲਿਆ ਕਿ ਨਾਮਜ਼ਦ ਹੋਣ ਤੋਂ ਬਾਅਦ ਉਹ ਫਰਾਰ ਹੋ ਗਿਆ ਸੀ ਅਤੇ ਉਸ ਨੂੰ ਭਗੌੜਾ ਵੀ ਐਲਾਨ ਦਿੱਤਾ ਗਿਆ ਸੀ। ਉਸ ਨੂੰ 26 ਜੂਨ 2023 ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਸ ਦੇ ਖ਼ਿਲਾਫ਼ ਲਗਪਗ 20 ਅਪਰਾਧਿਕ ਮਾਮਲੇ ਦਰਜ ਹਨ। ਅਦਾਲਤ ਨੇ ਮੰਨਿਆ ਕਿ ਜੇਕਰ ਉਸ ਨੂੰ ਜ਼ਮਾਨਤ ਦਿੱਤੀ ਜਾਂਦੀ ਹੈ ਤਾਂ ਉਸ ਦੇ ਸਬੂਤਾਂ ਨਾਲ ਛੇੜਛਾੜ ਕਰਨ ਜਾਂ ਗਵਾਹਾਂ ਨੂੰ ਪ੍ਰਭਾਵਿਤ ਕਰਨ ਦੀ ਪੂਰੀ ਸੰਭਾਵਨਾ ਹੈ।






