Punjab Congress Protest: ਪੰਜਾਬ ਕਾਂਗਰਸ ਵੱਲੋਂ ਅੱਜ ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਚੰਡੀਗੜ੍ਹ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਵੱਡੀ ਗਿਣਤੀ ਕਾਂਗਰਸੀ ਵਰਕਰ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਅੱਗੇ ਵਧੇ ਤਾਂ ਪੁਲੀਸ ਨੇ ਬੈਰੀਕੇਡ ਲਗਾ ਕੇ ਪ੍ਰਦਰਸ਼ਨਕਾਰੀਆਂ ਨੂੰ ਰੋਕ ਦਿੱਤਾ। ਇਸ ਦੌਰਾਨ ਪੁਲੀਸ ਅਤੇ ਪ੍ਰਦਰਸ਼ਨਕਾਰੀਆਂ ਵਿਚਕਾਰ ਖਿੱਚ ਧੂਹ ਹੋਈ ਅਤੇ ਪੁਲੀਸ ਨੇ ਪ੍ਰਦਰਸ਼ਨਕਾਰੀਆਂ ਉੱਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ।
ਇਸ ਮੌਕੇ ਸੰਬੋਧਨ ਕਰਦਿਆਂ ਵੜਿੰਗ ਨੇ ਦਿੜ੍ਹਬਾ ਦੇ ਗੁਲਜ਼ਾਰ ਸਿੰਘ ਦੀ ਖ਼ੁਦਕੁਸ਼ੀ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਗੁਲਜ਼ਾਰ ਸਿੰਘ ਨੇ ਆਪਣੇ ਆਖਰੀ ਬਿਆਨ ਵਿੱਚ ਸਪੱਸ਼ਟ ਕਿਹਾ ਸੀ ਕਿ ਉਸ ਦੀ ਖ਼ੁਦਕੁਸ਼ੀ ਲਈ ਚੀਮਾ ਜ਼ਿੰਮੇਵਾਰ ਹਨ।
ਉਨ੍ਹਾਂ ਸ਼ੇਰੋਂ ਪਿੰਡ ਦੇ ਮੋਹਣਜੀਤ ਸਿੰਘ ‘ਤੇ ਪੁਲੀਸ ਵੱਲੋਂ ਕੀਤੇ ਤਸ਼ੱਦਦ ਦਾ ਵੀ ਜ਼ਿਕਰ ਕੀਤਾ, ਜਿਸ ਦਾ ਕਸੂਰ ਸਿਰਫ਼ ਇੰਨਾ ਸੀ ਕਿ ਉਸ ਨੇ ਮੁੱਖ ਮੰਤਰੀ ਨੂੰ ਕਾਲਾ ਝੰਡਾ ਦਿਖਾਉਣ ਦੀ ਹਿੰਮਤ ਕੀਤੀ ਸੀ। ਉਨ੍ਹਾਂ ਜਬਰ ਜਨਾਹ ਦੇ ਇੱਕ ਮੁਲਜ਼ਮ ਨੂੰ ਦਿੱਤੀ ਜਾ ਰਹੀ ਸਰਪ੍ਰਸਤੀ ‘ਤੇ ਮੁੱਖ ਮੰਤਰੀ ਦੀ ਚੁੱਪ ‘ਤੇ ਵੀ ਸਵਾਲ ਚੁੱਕੇ। ਸ੍ਰੀ ਵੜਿੰਗ ਨੇ ਕਿਹਾ ਕਿ ਇੱਕ ਪਾਸੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਅਮਿਤ ਸ਼ਾਹ ਅਤੇ ਦੂਜੇ ਪਾਸੇ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਵਿਚਕਾਰ ਗੁਪਤ ਸਮਝੌਤਾ ਹੋਇਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਚਾਹੁੰਦੀ ਹੈ ਕਿ ‘ਆਪ’ ਗੁਜਰਾਤ ਵਿੱਚ ਭਾਜਪਾ ਵਿਰੋਧੀ ਵੋਟਾਂ ਵੰਡ ਕੇ ਉਸ ਦੀ ਮਦਦ ਕਰੇ ਅਤੇ ਇਸ ਬਦਲੇ ਭਾਜਪਾ ਪੰਜਾਬ ਵਿੱਚ ‘ਆਪ’ ਦੀ ਮਦਦ ਕਰੇਗੀ। ਇਸੇ ਕਾਰਨ ਐਨਫੋਰਸਮੈਂਟ ਡਾਇਰੈਕਟੋਰੇਟ ਭ੍ਰਿਸ਼ਟਾਚਾਰ ਦੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪੰਜਾਬ ਪੁਲੀਸ ਨਾਲ ਮਿਲ ਕੇ ਫਿਕਸ ਮੈਚ ਖੇਡ ਰਹੀ ਹੈ।
ਉਨ੍ਹਾਂ ਸਵਾਲ ਕੀਤਾ ਕਿ ਈਡੀ ਨੇ ਜਿਵੇਂ ਕਾਂਗਰਸੀ ਆਗੂ ਸਾਧੂ ਸਿੰਘ ਧਰਮਸੋਤ ਦੇ ਮਾਮਲੇ ਵਿੱਚ ਤੁਰੰਤ ਗ੍ਰਿਫ਼ਤਾਰੀ ਕੀਤੀ ਸੀ, ਉਵੇਂ ਇੱਥੇ ਕਿਉਂ ਨਹੀਂ ਕਰ ਰਹੀ? ਉਨ੍ਹਾਂ ਕਿਹਾ ਕਿ ਉਸ ਮਾਮਲੇ ਵਿੱਚ ਈਡੀ ਨੇ ਪੰਜਾਬ ਪੁਲੀਸ ਨੂੰ ਐਫਆਈਆਰ ਦਰਜ ਕਰਨ ਲਈ ਨਹੀਂ ਕਿਹਾ ਸੀ ਪਰ ‘ਆਪ’ ਆਗੂਆਂ ਦੇ ਮਾਮਲੇ ਵਿੱਚ ਜਾਣਬੁੱਝ ਕੇ ਢਿੱਲਮੱਠ ਕੀਤੀ ਜਾ ਰਹੀ ਹੈ।
ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਰਾਣਾ ਕੇ.ਪੀ. ਸਿੰਘ, ਅਮਿਤ ਵਿੱਜ, ਬਲਬੀਰ ਸਿੰਘ ਸਿੱਧੂ, ਬ੍ਰਹਮ ਮਹਿੰਦਰਾ, ਕੁਲਜੀਤ ਸਿੰਘ ਨਾਗਰਾ, ਸ਼ਮਸ਼ੇਰ ਸਿੰਘ ਦੂਲੋ, ਗੁਰਜੀਤ ਔਜਲਾ, ਦਲਵੀਰ ਗੋਲਡੀ, ਡਾ. ਰਾਜ ਕੁਮਾਰ ਵੇਰਕਾ, ਹਰਦਿਆਲ ਕੰਬੋਜ, ਕੈਪਟਨ ਸੰਦੀਪ ਸੰਧੂ, ਸਾਧੂ ਸਿੰਘ ਧਰਮਸੋਤ, ਨਿਸ਼ਾਤ ਅਖ਼ਤਰ, ਸੁਖਵਿੰਦਰ ਡੈਨੀ, ਹਰੀ ਖਾਈ, ਲਖਵੀਰ ਲੱਖਾ, ਸ਼ਾਮ ਸੁੰਦਰ ਅਰੋੜਾ, ਮਮਤਾ ਦੱਤਾ, ਕੁਲਬੀਰ ਜ਼ੀਰਾ, ਰਾਕੇਸ਼ ਪਾਂਡੇ, ਪਵਨ ਦੀਵਾਨ, ਸੁਨੀਲ ਦੱਤੀ, ਪਵਨ ਆਦੀਆ, ਮੋਹਿਤ ਮਹਿੰਦਰਾ ਅਤੇ ਹੋਰ ਸ਼ਾਮਲ ਸਨ।






