ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਵਫ਼ਦ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮਿਲ ਕੇ ਮੰਗ ਪੱਤਰ ਸੌਂਪਿਆ। ਵਫ਼ਦ ਨੇ ਸੰਗਰੂਰ ਨਾਲ ਸਬੰਧਤ ਦੋ ਗੰਭੀਰ ਮਾਮਲਿਆਂ—ਤੂਰ ਬੰਜਾਰਾ ਪਿੰਡ ਦੇ ਵਸਨੀਕ ਗੁਲਜ਼ਾਰ ਸਿੰਘ ਦੀ ਮੌਤ ਅਤੇ ਮੋਹਣਜੀਤ ਸਿੰਘ ਨਾਲ ਕਥਿਤ ਤਸ਼ੱਦਦ—ਵਿੱਚ ਨਿਰਪੱਖ ਕਾਰਵਾਈ ਦੀ ਮੰਗ ਕੀਤੀ।
ਇਸ ਮੌਕੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਗੁਲਜ਼ਾਰ ਸਿੰਘ ਨੇ ਵਿੱਤ ਮੰਤਰੀ ਦੀ ਲੋਕ ਮਿਲਣੀ ਦੌਰਾਨ ਆਪਣੇ ਇਲਾਕੇ ਵਿੱਚ ਕਥਿਤ ਤੌਰ ’ਤੇ ਖੁੱਲ੍ਹੇਆਮ ਵਿਕ ਰਹੇ ‘ਚਿੱਟੇ’ ਦਾ ਮੁੱਦਾ ਚੁੱਕਦਿਆਂ ਨਸ਼ਿਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਸੀ। ਉਸ ਦੇ ਪਰਿਵਾਰ ਨੂੰ ਵੀ ਉਸ ਦੇ ਪੁੱਤਰ ਦੀ ‘ਚਿੱਟੇ’ ਦੀ ਗੰਭੀਰ ਲਤ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਸੀ। ਉਨ੍ਹਾਂ ਕਿਹਾ ਕਿ ਮੌਤ ਤੋਂ ਪਹਿਲਾਂ ਗੁਲਜ਼ਾਰ ਸਿੰਘ ਵੱਲੋਂ ਬਣਾਈ ਗਈ ਵੀਡੀਓ ਵਿੱਚ ਕਥਿਤ ਤੌਰ ’ਤੇ ਵਿੱਤ ਮੰਤਰੀ ਸਮੇਤ ਹੋਰਨਾਂ ਦੇ ਨਾਂ ਲਏ ਗਏ ਹਨ, ਜਿਨ੍ਹਾਂ ਨੂੰ ਉਸ ਨੇ ਆਪਣੇ ਨਾਲ ਵਾਪਰੀਆਂ ਘਟਨਾਵਾਂ ਲਈ ਜ਼ਿੰਮੇਵਾਰ ਠਹਿਰਾਇਆ। ਭਾਜਪਾ ਨੇ ਮੰਗ ਕੀਤੀ ਕਿ ਇਸ ਮਾਮਲੇ ਨੂੰ ਸਿਰਫ਼ ਇੱਕ ਆਮ ਖ਼ੁਦਕੁਸ਼ੀ ਕੇਸ ਵਜੋਂ ਨਾ ਦੇਖਿਆ ਜਾਵੇ, ਸਗੋਂ ਲਗਾਏ ਗਏ ਦੋਸ਼ਾਂ ਦੀ ਸੀ.ਬੀ.ਆਈ. ਜਾਂਚ ਕਰਵਾਈ ਜਾਵੇ।
ਭਾਜਪਾ ਨੇ ਮੋਹਣਜੀਤ ਸਿੰਘ ਦੇ ਮਾਮਲੇ ਨੂੰ ਵੀ ਰਾਜਪਾਲ ਦੇ ਧਿਆਨ ਵਿੱਚ ਲਿਆਂਦਾ। ਉਸ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਫੇਰੀ ਦੌਰਾਨ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨਾਲ ਨਜਿੱਠਣ ਦੇ ਤਰੀਕਿਆਂ ਖ਼ਿਲਾਫ਼ ਪ੍ਰਦਰਸ਼ਨ ਕਰਨ ਤੋਂ ਬਾਅਦ ਮੋਹਣਜੀਤ ਸਿੰਘ ਨੂੰ ਹਿਰਾਸਤ ਵਿੱਚ ਲਿਆ ਗਿਆ ਸੀ। ਬਾਅਦ ਵਿੱਚ ਉਸ ਨੇ ਆਪਣੇ ਨਾਲ ਸਰੀਰਕ ਦੁਰਵਿਵਹਾਰ ਅਤੇ ਪੁਲੀਸ ਹਿਰਾਸਤ ਵਿੱਚ ਕਥਿਤ ਤਸ਼ੱਦਦ ਦੇ ਦੋਸ਼ ਲਗਾਏ ਅਤੇ ਉਸ ਨੂੰ ਹਸਪਤਾਲ ਵਿੱਚ ਇਲਾਜ ਦੀ ਲੋੜ ਪਈ।
ਭਾਜਪਾ ਨੇ ਮੰਗ ਕੀਤੀ ਕਿ ਮੋਹਣਜੀਤ ਸਿੰਘ ਨੂੰ ਪ੍ਰਦਰਸ਼ਨ ਵਾਲੀ ਥਾਂ ਤੋਂ ਹਟਾਉਣ ਦੇ ਹੁਕਮ ਦੇਣ ਜਾਂ ਇਸ ਦੀ ਇਜਾਜ਼ਤ ਦੇਣ ਵਾਲੇ ਸਾਰੇ ਸਿਵਲ ਅਧਿਕਾਰੀਆਂ ਅਤੇ ਉਸ ਨੂੰ ਹਟਾਉਣ, ਕੁੱਟਮਾਰ ਜਾਂ ਕਥਿਤ ਤਸ਼ੱਦਦ ਲਈ ਜ਼ਿੰਮੇਵਾਰ ਪਾਏ ਜਾਣ ਵਾਲੇ ਸਾਰੇ ਪੁਲੀਸ ਅਧਿਕਾਰੀਆਂ ਖ਼ਿਲਾਫ਼ ਐੱਫ਼.ਆਈ.ਆਰ. ਦਰਜ ਕੀਤੀ ਜਾਵੇ।






