ਕਾਊਂਟਰ ਇੰਟੈਲੀਜੈਂਸ (ਸੀ ਆਈ), ਅੰਮ੍ਰਿਤਸਰ ਨੇ ਸਰਹੱਦ ਪਾਰੋਂ ਨਸ਼ਾਂ ਅਤੇ ਗ਼ੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕਰਦਿਆਂ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੇ ਕਬਜ਼ੇ ਵਿੱਚੋਂ 5 ਕਿਲੋ ਆਈਸ (ਕ੍ਰਿਸਟਲ ਮੈਥਾਮਫੈਟਾਮਾਈਨ) ਅਤੇ ਤਿੰਨ ਵਿਦੇਸ਼ੀ ਪਿਸਤੌਲ ਬਰਾਮਦ ਕੀਤੇ ਹਨ।
ਦੋਵਾਂ ਮੁਲਜ਼ਮਾਂ ਦੀ ਪਛਾਣ ਚੋਗਾਵਾਂ ਪਿੰਡ ਦੇ ਸੋਹਣ ਸਿੰਘ ਅਤੇ ਅੰਮ੍ਰਿਤਸਰ ਦੇ ਬੰਡਾਲਾ ਪਿੰਡ ਦੇ ਸਲੀਮ ਵਜੋਂ ਹੋਈ ਹੈ।
ਪੁਲੀਸ ਨੇ ਮੈਗਜ਼ੀਨਾਂ ਸਮੇਤ ਦੋ 9 ਐੱਮ ਐੱਮ ਪਿਸਤੌਲ ਅਤੇ ਇੱਕ .30 ਬੋਰ ਦਾ ਪਿਸਤੌਲ ਵੀ ਜ਼ਬਤ ਕੀਤਾ ਹੈ। ਇਸ ਤੋਂ ਇਲਾਵਾ ਖੇਪ ਨੂੰ ਲਿਜਾਣ ਲਈ ਵਰਤੇ ਜਾ ਰਹੇ ਇੱਕ ਮੋਟਰਸਾਈਕਲ ਨੂੰ ਵੀ ਕਬਜ਼ੇ ਵਿੱਚ ਲਿਆ ਹੈ।
ਡੀ ਜੀ ਪੀ ਗੌਰਵ ਯਾਦਵ ਅਨੁਸਾਰ, ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਗਿਰੋਹ ਵਿਦੇਸ਼ੀ ਤਸਕਰਾਂ ਨਾਲ ਮਿਲ ਕੇ ਚਲਾਇਆ ਜਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਨਸ਼ਿਆਂ ਅਤੇ ਹਥਿਆਰਾਂ ਦੀਆਂ ਖੇਪਾਂ ਪ੍ਰਾਪਤ ਕੀਤੀਆਂ ਜਾਂਦੀਆਂ ਸਨ, ਜਿਨ੍ਹਾਂ ਨੂੰ ਬਾਅਦ ਵਿੱਚ ਸਥਾਨਕ ਸਾਥੀਆਂ ਰਾਹੀਂ ਸਪਲਾਈ ਕੀਤਾ ਜਾਂਦਾ ਸੀ।
ਇਹ ਗ੍ਰਿਫ਼ਤਾਰੀਆਂ ਇੱਕ ਗੁਪਤ ਸੂਚਨਾ ਦੇ ਆਧਾਰ ‘ਤੇ ਕੀਤੀਆਂ ਗਈਆਂ ਜਦੋਂ ਦੋਵੇਂ ਸ਼ੱਕੀ ਆਈਸ ਅਤੇ ਹਥਿਆਰਾਂ ਦੀ ਖੇਪ ਪਹੁੰਚਾਉਣ ਦੇ ਸਬੰਧ ਵਿੱਚ ਲੋਪੋਕੇ ਰੋਡ ‘ਤੇ ਮਾਤਾ ਕੌਲਾਂ ਹਸਪਤਾਲ ਦੇ ਨੇੜੇ ਅੱਡਾ ਬੌਲੀ ਕੋਲ ਮਿਲਣ ਵਾਲੇ ਹਨ। ਸੀ ਆਈ ਦੀਆਂ ਟੀਮਾਂ ਨੇ ਛਾਪਾ ਮਾਰ ਕੇ ਸ਼ੱਕੀਆਂ ਨੂੰ ਕਾਬੂ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਨਸ਼ੀਲੇ ਪਦਾਰਥ ਅਤੇ ਹਥਿਆਰ ਬਰਾਮਦ ਕੀਤੇ।
ਪੁਲੀਸ ਨੇ ਗਿਰੋਹ ਦੇ ਇੱਕ ਹੋਰ ਮੁੱਖ ਮੈਂਬਰ ਦੀ ਵੀ ਪਛਾਣ ਕਰ ਲਈ ਹੈ ਅਤੇ ਉਸ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਪੁਲੀਸ ਗਿਰੋਹ ਦੇ ਸਬੰਧਾਂ ਦੀ ਜਾਂਚ ਕਰ ਰਹੀ ਹੈ ਤਾਂ ਜੋ ਹੋਰ ਮੈਂਬਰਾਂ ਦੀ ਪਛਾਣ ਕੀਤੀ ਜਾ ਸਕੇ ਅਤੇ ਤਸਕਰੀ ਦੇ ਕੰਟਰੋਲ ਨੂੰ ਤਾਲਮੇਲ ਕਰ ਰਹੇ ਵਿਦੇਸ਼ੀ ਹੈਂਡਲਰਾਂ ਦਾ ਪਤਾ ਲਗਾਇਆ ਜਾ ਸਕੇ।
ਇੱਥੇ ਸਟੇਟ ਸਪੈਸ਼ਲ ਅਪਰੇਸ਼ਨ ਸੈੱਲ (ਐੱਸ ਐੱਸ ਓ ਸੀ) ਪੁਲੀਸ ਸਟੇਸ਼ਨ ਵਿਖੇ ਐੱਨ ਡੀ ਪੀ ਐੱਸ ਐਕਟ ਦੀਆਂ ਧਾਰਾਵਾਂ 22, 25 ਤੇ 29 ਅਤੇ ਅਰਮਜ਼ ਐਕਟ ਦੀ ਧਾਰਾ 25 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।






