ਪੰਜਾਬ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਪਾਲਣਾ ਹਿਤ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਸਬੰਧੀ ਤਾਲਮੇਲ ਵਾਸਤੇ ਅੱਜ ਸੱਤ ਮੈਂਬਰੀ ਕਮੇਟੀ ਦਾ ਗਠਨ ਕਰ ਦਿੱਤਾ ਹੈ। ਇਹ ਸੱਤ ਮੈਂਬਰੀ ਕਮੇਟੀ ਬੇਅਦਬੀ ਵਿਰੁੱਧ (ਸੋਧ) ਐਕਟ ਦੇ ਮਾਮਲਿਆਂ ਸਬੰਧ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਕਮੇਟੀ ਨਾਲ ਤਾਲਮੇਲ ਕਰੇਗੀ। ਪੰਜਾਬ ਦੇ ਗ੍ਰਹਿ ਵਿਭਾਗ ਦੇ ਵਧੀਕ ਮੁੱਖ ਸਕੱਤਰ ਆਲੋਕ ਸ਼ੇਖਰ ਵੱਲੋਂ ਇਸ ਕਮੇਟੀ ਦੇ ਗਠਨ ਬਾਰੇ ਹੁਕਮ ਜਾਰੀ ਕੀਤੇ ਗਏ ਹਨ।
ਸੱਤ ਮੈਂਬਰੀ ਕਮੇਟੀ ’ਚ ਧਾਰਮਿਕ, ਪ੍ਰਸ਼ਾਸਨਿਕ ਅਤੇ ਨਿਆਂਇਕ ਖੇਤਰ ਦੀਆਂ ਪ੍ਰਸਿੱਧ ਹਸਤੀਆਂ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਕਮੇਟੀ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ, ਸੰਤ ਬਾਬਾ ਸੇਵਾ ਸਿੰਘ ਰਾਮਪੁਰ ਖੇੜਾ, ਸਾਬਕਾ ਜਸਟਿਸ ਜਸਪਾਲ ਸਿੰਘ, ਸਾਬਕਾ ਜਸਟਿਸ ਗੁਰਬੀਰ ਸਿੰਘ, ਸਾਬਕਾ ਆਈ ਪੀ ਐੱਸ ਅਧਿਕਾਰੀ ਜਤਿੰਦਰ ਸਿੰਘ ਔਲਖ ਅਤੇ ਕਾਨੂੰਨ ਅਧਿਕਾਰੀ ਪ੍ਰੀਤ ਇੰਦਰ ਪੌਲ ਸਿੰਘ ਨੂੰ ਸ਼ਾਮਲ ਕੀਤਾ ਗਿਆ ਹੈ।
ਪੰਜਾਬ ਸਰਕਾਰ ਤਰਫ਼ੋਂ ਇਹ ਸੱਤ ਮੈਂਬਰੀ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਕਮੇਟੀ ਨਾਲ ਰੈਗੂਲਰ ਤਾਲਮੇਲ ਰੱਖੇਗੀ ਅਤੇ ਵਿਚਾਰ ਵਟਾਂਦਰਾ ਕਰੇਗੀ। ਇਸੇ ਤਰ੍ਹਾਂ ਸੁਝਾਵਾਂ ਦੀ ਰਿਪੋਰਟ ਅਗਲੇਰੀ ਕਾਰਵਾਈ ਲਈ ਪੰਜਾਬ ਸਰਕਾਰ ਨੂੰ ਪੇਸ਼ ਕਰੇਗੀ।






