ਵੱਖ-ਵੱਖ ਜਨਤਕ ਜਮਹੂਰੀ ਜਥੇਬੰਦੀਆਂ ਵੱਲੋਂ ਦਿੜਬਾ ਹਲਕੇ ਦੇ ਪਿੰਡ ਤੂਰਬੰਜਾਰਾ ਦੇ ਗੁਲਜ਼ਾਰ ਸਿੰਘ ਖੁਦਕੁਸ਼ੀ ਕੇਸ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਨਾਮਜ਼ਦ ਕਰਨ, ਪੀੜਤ ਪਰਿਵਾਰ ਨੂੰ ਢੁਕਵਾਂ ਮੁਆਵਜ਼ਾ, ਇੱਕ ਜੀਅ ਨੂੰ ਸਰਕਾਰੀ ਨੌਕਰੀ ਅਤੇ ਐੱਸ.ਸੀ./ਐੱਸ.ਟੀ. ਐਕਟ ਤਹਿਤ ਮਿਲਦੀਆਂ ਸਾਰੀਆਂ ਸਹੂਲਤਾਂ ਦੇਣ ਆਦਿ ਮੰਗਾਂ ਨੂੰ ਲੈ ਕੇ ਵਿਸ਼ਾਲ ਰੋਸ ਮਾਰਚ ਕੀਤਾ ਗਿਆ। ਇਸ ਤੋਂ ਪਹਿਲਾਂ ਡੀ.ਸੀ. ਦਫ਼ਤਰ ਅੱਗੇ ਵਿਸ਼ਾਲ ਰੋਸ ਧਰਨਾ ਦਿੰਦਿਆਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਅਤੇ ਬੁਲਾਰਿਆਂ ਵੱਲੋਂ ਸਰਕਾਰ ਉੱਪਰ ਤਿੱਖੇ ਸ਼ਬਦੀ ਹਮਲੇ ਕੀਤੇ ਗਏ।
ਵੱਖ-ਵੱਖ ਜਨਤਕ ਜਮਹੂਰੀ ਜਥੇਬੰਦੀਆਂ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਕਿਸਾਨ, ਮਜ਼ਦੂਰ ਅਤੇ ਇਨਸਾਫ਼ਪਸੰਦ ਲੋਕ ਡੀ.ਸੀ. ਦਫ਼ਤਰ ਅੱਗੇ ਇਕੱਠੇ ਹੋਏ ਅਤੇ ਕਰੀਬ ਤਿੰਨ ਘੰਟੇ ਰੋਸ ਧਰਨਾ ਦਿੱਤਾ ਗਿਆ। ਇਸ ਮਗਰੋਂ ਦਿੱਲੀ-ਲੁਧਿਆਣਾ ਸਟੇਟ ਹਾਈਵੇਅ-11 ਉੱਪਰ ਸਥਿਤ ਭਗਵਾਨ ਮਹਾਵੀਰ ਚੌਂਕ ਤੱਕ ਵਿਸ਼ਾਲ ਰੋਸ ਮਾਰਚ ਕੀਤਾ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਦੋਸ਼ ਲਾਇਆ ਕਿ ‘ਆਪ’ ਸਰਕਾਰ ਦੇ ਹੁਕਮਾਂ ’ਤੇ ਪੁਲੀਸ ਵੱਲੋਂ ਪਰਿਵਾਰ ਨੂੰ ਮ੍ਰਿਤਕ ਗੁਲਜ਼ਾਰ ਸਿੰਘ ਦੀਆਂ ਅੰਤਿਮ ਰਸਮਾਂ ਵੀ ਨਹੀਂ ਨਿਭਾਉਣ ਦਿੱਤੀਆਂ ਗਈਆਂ ਅਤੇ ਪੁਲੀਸ ਦੇ ਪਹਿਰੇ ਹੇਠ ਜਬਰੀ ਅੰਤਿਮ ਸਸਕਾਰ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨਸ਼ਿਆਂ ਨੂੰ ਠੱਲ੍ਹ ਪਾਉਣ ਵਿੱਚ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ ਅਤੇ ਨਸ਼ਿਆਂ ਬਾਰੇ ਸਵਾਲ ਕਰਨ ’ਤੇ ਹੀ ਇੱਕ ਮਜ਼ਦੂਰ ਨੂੰ ਮੌਤ ਦੇ ਮੂੰਹ ਵਿੱਚ ਧੱਕ ਦਿੱਤਾ ਗਿਆ। ਉਨ੍ਹਾਂ ਹਾਕਮ ਜਮਾਤੀ ਸਿਆਸੀ ਪਾਰਟੀਆਂ ਵੱਲੋਂ ਪੀੜਤ ਪਰਿਵਾਰ ਨਾਲ ਡਟ ਕੇ ਖੜ੍ਹੇ ਮਜ਼ਦੂਰ ਆਗੂਆਂ ’ਤੇ ਚਿੱਕੜ ਉਛਾਲਣ ਦੀ ਸਖ਼ਤ ਨਿਖੇਧੀ ਕੀਤੀ। ਉਨ੍ਹਾਂ ਮੰਗ ਕੀਤੀ ਕਿ ਗੁਲਜ਼ਾਰ ਖੁਦਕੁਸ਼ੀ ਮਾਮਲੇ ਵਿੱਚ ਵਿੱਤ ਮੰਤਰੀ ਨੂੰ ਤੁਰੰਤ ਨਾਮਜ਼ਦ ਕੀਤਾ ਜਾਵੇ, ਜਬਰੀ ਸਸਕਾਰ ਕਰਨ ਵਾਲੇ ਪੁਲੀਸ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।





