ਪੰਜਾਬ ਸਰਕਾਰ ਨੇ ਮੁਲਾਜ਼ਮਾਂ ਨਾਲ ਬਣੀ ਦਰਾੜ ਨੂੰ ਭਰਨ ਲਈ ਪਹਿਲੀ ਅਕਤੂਬਰ ਤੋਂ ਸਰਕਾਰੀ ਮੁਲਾਜ਼ਮਾਂ ਨੂੰ ਪੰਜਾਹ ਫ਼ੀਸਦੀ ਡੀ ਏ ਦੇਣ ਦਾ ਐਲਾਨ ਕੀਤਾ ਹੈ। ਅੱਜ ਮੁੱਖ ਮੰਤਰੀ ਅਤੇ ਸਾਂਝੀ ਤਾਲਮੇਲ ਕਮੇਟੀ ਵਿਚਾਲੇ ਮਹਿੰਗਾਈ ਭੱਤੇ ਨੂੰ ਲੈ ਕੇ ਸਹਿਮਤੀ ਬਣ ਗਈ ਹੈ। ਮੁੱਖ ਮੰਤਰੀ ਨਿਵਾਸ ’ਤੇ ਹੋਈ ਮੀਟਿੰਗ ’ਚ ਹੋਏ ਫ਼ੈਸਲਿਆਂ ਤੋਂ ਕੈਬਨਿਟ ਮੰਤਰੀ ਅਮਨ ਅਰੋੜਾ ਤੇ ਸਾਂਝੀ ਤਾਲਮੇਲ ਕਮੇਟੀ ਨੇ ਸਾਂਝੀ ਪ੍ਰੈੱਸ ਕਾਨਫ਼ਰੰਸ ਕਰਕੇ ਜਾਣੂ ਕਰਾਇਆ। ਪੰਜਾਬ ਸਰਕਾਰ ਨੇ ਸਤੰਬਰ ਦੀ ਤਨਖ਼ਾਹ ਦਾ ਡੀਏ ਅਕਤੂਬਰ ਦੀ ਤਨਖਾਹ ਨਾਲ ਦੋ ਕਿਸ਼ਤਾਂ ਵਿੱਚ ਦੇਣ ਦਾ ਫੈਸਲਾ ਕੀਤਾ ਹੈ।
ਪੰਜਾਬ ਸਰਕਾਰ ਪਹਿਲੀ ਅਕਤੂਬਰ ਤੋਂ 50 ਫ਼ੀਸਦੀ ਮਹਿੰਗਾਈ ਭੱਤਾ ਦੇਵੇਗੀ। ਨਵੇਂ ਫ਼ੈਸਲੇ ਨਾਲ ਹੁਣ ਡੀ ਏ 42 ਫ਼ੀਸਦੀ ਤੋਂ ਵੱਧ ਕੇ 50 ਫ਼ੀਸਦੀ ਹੋ ਗਿਆ ਹੈ। ਪੰਜਾਬ ਸਰਕਾਰ ਦੇ ਮੁਲਾਜ਼ਮਾਂ ਵੱਲੋਂ 60 ਫ਼ੀਸਦੀ ਡੀ ਏ ਦੀ ਮੰਗ ਕੀਤੀ ਜਾ ਰਹੀ ਸੀ ਪ੍ਰੰਤੂ ਮੀਟਿੰਗ ’ਚ ਮੁਲਾਜ਼ਮ ਆਗੂਆਂ ਨੇ ਪੰਜਾਬ ਸਰਕਾਰ ਦੀ ਪੇਸ਼ਕਸ਼ ਨੂੰ ਸਵੀਕਾਰ ਕਰ ਲਿਆ।
ਸਾਂਝੀ ਮੀਟਿੰਗ ’ਚ ਮੁਲਾਜ਼ਮਾਂ ਆਗੂਆਂ ਨੇ ਬਾਕੀ ਮੰਗਾਂ ਬਾਰੇ ਵੀ ਆਪਣਾ ਪੱਖ ਰੱਖਿਆ ਜਿਨ੍ਹਾਂ ’ਤੇ ਵਿਚਾਰ ਕਰਨ ਦਾ ਮੁੱਖ ਮੰਤਰੀ ਭਗਵੰਤ ਮਾਨ ਨੇ ਭਰੋਸਾ ਦਿੱਤਾ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਡੀ ਏ ’ਚ ਅੱਠ ਫ਼ੀਸਦੀ ਵਾਧੇ ਨਾਲ ਪੰਜਾਬ ਸਰਕਾਰ ’ਤੇ ਕਰੀਬ 250 ਕਰੋੜ ਦਾ ਵਿੱਤੀ ਬੋਝ ਪਵੇਗਾ। ਮੁੱਖ ਮੰਤਰੀ ਵੱਲੋਂ ਬਾਕੀ ਮੁਲਾਜ਼ਮਾਂ ਮੰਗਾਂ ਬਾਰੇ ਮੀਟਿੰਗ ਦੋ ਹਫ਼ਤੇ ਬਾਅਦ ਕੀਤੀ ਜਾਵੇਗੀ। ਮੀਟਿੰਗ ’ਚ ਸਹਿਮਤੀ ਬਣਨ ਮਗਰੋਂ ਮੁਲਾਜ਼ਮ ਆਗੂਆਂ ਤੇ ਮੁੱਖ ਮੰਤਰੀ ਨੇ ਇੱਕ ਦੂਜੇ ਦਾ ਮੂੰਹ ਮਿੱਠਾ ਕਰਾਇਆ।
ਮੁੱਖ ਮੰਤਰੀ ਨਾਲ ਮੀਟਿੰਗ ਮਗਰੋਂ ਮੁਲਾਜ਼ਮ ਸੰਘਰਸ਼ ਸਮਾਪਤ
ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਈ ਮੀਟਿੰਗ ’ਚ ਸਹਿਮਤੀ ਬਣਨ ਮਗਰੋਂ ਪੰਜਾਬ ’ਚ ਕਰੀਬ ਤਿੰਨ ਹਫ਼ਤੇ ਤੋਂ ਚੱਲ ਰਹੇ ਮੁਲਾਜ਼ਮ ਸੰਘਰਸ਼ ਦਾ ਅੱਜ ਸੁਖਾਵਾਂ ਅੰਤ ਹੋਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਮੀਟਿੰਗ ’ਚ ਆਪਣੀ ਵਿੱਤੀ ਮਜਬੂਰੀ ਦਾ ਹਵਾਲਾ ਦੇ ਕੇ ਮੁਲਾਜ਼ਮਾਂ ਨੂੰ ਅੱਠ ਫ਼ੀਸਦੀ ਡੀ ਏ ਨੂੰ ਦੀਵਾਲੀ ਦੇ ਤੋਹਫ਼ੇ ਵਜੋਂ ਦੇਣ ਦਾ ਐਲਾਨ ਕੀਤਾ। ਸਾਂਝੀ ਤਾਲਮੇਲ ਕਮੇਟੀ ਦੇ ਆਗੂਆਂ ਨੇ ਮੁਲਾਜ਼ਮਾਂ ਦੀਆਂ ਮੁਕੰਮਲ ਹੱਕਾਂ ਮੰਗਾਂ ਮੰਨਣ ’ਤੇ ਜ਼ੋਰ ਪਾਇਆ।
ਸਾਂਝੀ ਤਾਲਮੇਲ ਕਮੇਟੀ ਦੇ ਮੁੱਖ ਕਨਵੀਨਰ ਗੁਰਨਾਮ ਸਿੰਘ ਵਿਰਕ ਅਤੇ ਮੈਂਬਰ ਸਤੀਸ਼ ਰਾਣਾ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਮੌਜੂਦਗੀ ’ਚ ਕਿਹਾ ਕਿ ਅੱਜ ਮੀਟਿੰਗ ਸੁਖਾਵੇਂ ਮਾਹੌਲ ’ਚ ਹੋਈ ਜਿਸ ’ਚ ਮੁੱਖ ਮੰਤਰੀ ਨੇ ਚਾਰ ਚਾਰ ਫ਼ੀਸਦੀ ਦੋ ਕਿਸ਼ਤਾਂ ’ਚ ਡੀ ਏ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਡੀ ਏ ਦਾ ਮਾਮਲਾ ਹਾਈ ਕੋਰਟ ’ਚ 21 ਅਗਸਤ ਨੂੰ ਸੁਣਵਾਈ ਅਧੀਨ ਹੈ ਅਤੇ ਉਨ੍ਹਾਂ ਨੂੰ ਅਦਾਲਤ ’ਤੇ ਪੂਰਨ ਭਰੋਸਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਦੂਜੇ ਗੇੜ ਦੀ ਮੀਟਿੰਗ ਅਕਤੂਬਰ ਦੇ ਪਹਿਲੇ ਹਫ਼ਤੇ ਕੀਤੀ ਜਾਵੇਗੀ ਜਿਸ ’ਚ ਬਾਕੀ ਮੰਗਾਂ ਬਾਰੇ ਫ਼ੈਸਲਾ ਲਿਆ ਜਾਵੇਗਾ। ਜੋ ਮੁਲਾਜ਼ਮਾਂ ਦੀਆਂ ਬਾਕੀ ਮੰਗਾਂ ਹਨ,ਉਹ ਅਗਲੀ ਮੀਟਿੰਗ ’ਚ ਵਿਚਾਰੀਆਂ ਜਾਣਗੀਆਂ।
ਆਗੂਆਂ ਨੇ ਦੱਸਿਆ ਕਿ ਅੱਜ ਮੀਟਿੰਗ ’ਚ ਤਿੰਨ ਸਾਲ ਦੇ ਪਰਖ ਕਾਲ ਦੌਰਾਨ ਪੂਰੀ ਤਨਖ਼ਾਹ ਤੇ ਭੱਤੇ ਦੇਣ ਦੀ ਮੰਗ ਰੱਖੀ ਗਈ। ਮਾਣ ਭੱਤਾ ਲੈਣ ਵਾਲੇ ਮੁਲਾਜ਼ਮਾਂ ਦੀ ਮੰਗ ਉਠਾਈ ਗਈ ਅਤੇ ਪੰਜਾਬ ਸਰਕਾਰ ਨੂੰ ਪੁਰਾਣੀ ਪੈਨਸ਼ਨ ਸਕੀਮ ਦੇ ਖ਼ੁਦ ਸਰਕਾਰ ਵੱਲੋਂ 2022 ’ਚ ਜਾਰੀ ਕੀਤੇ ਪੱਤਰ ਦਾ ਚੇਤਾ ਕਰਾਇਆ ਗਿਆ। ਆਮਦਨ ਕਰ ’ਤੇ ਪੰਜਾਬ ਸਰਕਾਰ ਵੱਲੋਂ 200 ਰੁਪਏ ਦੇ ਲਗਾਏ ਟੈਕਸ ਦੀ ਵਾਪਸੀ ਦੀ ਮੰਗ ਕੀਤੀ ਗਈ। ਕੰਪਿਊਟਰ ਅਧਿਆਪਕਾਂ ਨੂੰ ਵਿਭਾਗ ’ਚ ਲੈਣ ਦਾ ਮੁੱਦਾ ਵੀ ਚੁੱਕਿਆ ਗਿਆ।
ਸਰਕਾਰ ਅਤੇ ਮੁਲਾਜ਼ਮਾਂ ਵਿਚਕਾਰ ਖ਼ਤਮ ਹੋਈ ਕੁੜੱਤਣ: ਅਮਨ ਅਰੋੜਾ
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਅੱਜ ਦੀ ਮੀਟਿੰਗ ਨਾਲ ਟਕਰਾਅ ਤੇ ਕੁੜੱਤਣ ਖ਼ਤਮ ਹੋਈ ਹੈ ਤੇ ਮੁਲਾਜ਼ਮਾਂ ਦੇ ਬਾਕੀ ਮਸਲੇ ਵੀ ਹੱਲ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਮੁਲਾਜ਼ਮ ਪਰਿਵਾਰ ਦਾ ਹਿੱਸਾ ਹਨ ਅਤੇ ਡੀ ਏ ਨੂੰ ਲੈ ਕੇ ਅਦਾਲਤ ’ਚ ਚੱਲ ਰਹੇ ਕੇਸ ਬਾਰੇ ਵੀ ਅੱਜ ਮੀਟਿੰਗ ’ਚ ਚਰਚਾ ਹੋਈ ਹੈ।
ਦੱਸਣਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੇ ਮਹੀਨੇ 27 ਅਗਸਤ ਨੂੰ ਮੁਲਾਜ਼ਮ ਆਗੂਆਂ ਨਾਲ ਗੱਲਬਾਤ ਕਰਨ ਤੋਂ ਨਾਂਹ ਕਰ ਦਿੱਤੀ ਸੀ ਜਿਸ ਦਿਨ ਪੰਜਾਬ ’ਚ ਮੁਲਾਜ਼ਮ ਸਮੂਹਿਕ ਛੁੱਟੀ ’ਤੇ ਚਲੇ ਗਏ ਸਨ। ਮੁੱਖ ਮੰਤਰੀ ਮਾਨ ਨੇ ਕਿਹਾ ਸੀ ਕਿ ਗੱਲਬਾਤ ਤੇ ਹੜਤਾਲ ਇਕੱਠੇ ਨਹੀਂ ਚੱਲ ਸਕਦੇ। ਉਸ ਮਗਰੋਂ ਦੋਵਾਂ ਧਿਰਾਂ ’ਚ ਜਮੂਦ ਬਣ ਗਿਆ ਸੀ। ਲੰਘੇ ਕੱਲ੍ਹ ਮੁੱਖ ਮੰਤਰੀ ਨੇ ਮੁਲਾਜ਼ਮ ਜਥੇਬੰਦੀਆਂ ਨੂੰ ਗੱਲਬਾਤ ਦਾ ਸੱਦਾ ਦਿੱਤਾ ਸੀ। ਸੂਬਾ ਸਰਕਾਰ ਅੱਜ ਨਰਮ ਰੌਂਅ ’ਚ ਨਜ਼ਰ ਆ ਰਹੀ ਸੀ।
ਚੇਤੇ ਰਹੇ ਕਿ ਕਰੀਬ ਤਿੰਨ ਹਫ਼ਤੇ ਤੋਂ ਪੰਜਾਬ ਸਰਕਾਰ ਅਤੇ ਮੁਲਾਜ਼ਮ ਜਥੇਬੰਦੀਆਂ ਦਰਮਿਆਨ ਕਾਫ਼ੀ ਤਲਖ਼ੀ ਬਣੀ ਹੋਈ ਸੀ। ਅੱਜ ਦੀ ਮੀਟਿੰਗ ’ਤੇ ਪੰਜਾਬ ਦੇ ਕਰੀਬ 4 ਲੱਖ ਮੁਲਾਜ਼ਮਾਂ ਅਤੇ 3.50 ਲੱਖ ਪੈਨਸ਼ਨਰਾਂ ਦੀਆਂ ਨਜ਼ਰਾਂ ਲੱਗੀਆਂ ਹੋਈਆਂ ਸਨ। ਹੜਤਾਲ ਕਾਰਨ ਪੰਜਾਬ ’ਚ ਦਫ਼ਤਰੀ ਕੰਮ ਵੀ ਪ੍ਰਭਾਵਿਤ ਹੋ ਰਿਹਾ ਸੀ।
ਪਿਛਾਂਹ ਨਜ਼ਰ ਮਾਰੀਏ ਤਾਂ ਮੁਲਾਜ਼ਮ ਸੰਘਰਸ਼ ’ਚ ਬਣੇ ਏਕੇ ਨੇ ਸਰਕਾਰ ਨੂੰ ਪਿਛਾਂਹ ਹਟਣ ਲਈ ਮਜਬੂਰ ਕਰ ਦਿੱਤਾ। ਪੰਜਾਬ ਭਰ ਚੋਂ ਐਤਕੀਂ ਮੁਲਾਜ਼ਮਾਂ ਨੂੰ ਭਰਵਾਂ ਹੁੰਗਾਰਾ ਮਿਲਿਆ। ਸੰਘਰਸ਼ ਦੀ ਪਹਿਲੀ ਜਿੱਤ ਉਸ ਵਕਤ ਹੋਈ ਸੀ ਜਦੋਂ ਸਦਕਾ ਮੁੱਖ ਸਕੱਤਰ ਪੰਜਾਬ ਨੇ ਸੰਘਰਸ਼ੀ ਮੁਲਾਜ਼ਮਾਂ ਖ਼ਿਲਾਫ਼ ਜਾਰੀ ਪੱਤਰ ਵਾਪਸ ਲੈ ਲਏ ਸਨ। ਅੱਜ ਦੂਜੇ ਪੜਾਅ ’ਚ ਮੁੱਖ ਮੰਤਰੀ ਨੇ ਮੀਟਿੰਗ ਕਰਕੇ ਮੁਲਾਜ਼ਮਾਂ ਮੰਗਾਂ ਪ੍ਰਤੀ ਨਰਮੀ ਦਿਖਾਈ ਅਤੇ ਅੱਠ ਫ਼ੀਸਦੀ ਡੀ ਏ ਦੇਣ ਦਾ ਐਲਾਨ ਕਰ ਦਿੱਤਾ।
ਦੱਸਣਯੋਗ ਹੈ ਕਿ ਸਾਂਝੀ ਤਾਲਮੇਲ ਕਮੇਟੀ ਵੱਲੋਂ 18-19 ਸਤੰਬਰ ਨੂੰ ਮੰਤਰੀਆਂ ਤੇ ਵਿਧਾਇਕਾਂ ਦਾ ਘਿਰਾਓ ਕੀਤੇ ਜਾਣ ਦਾ ਪ੍ਰੋਗਰਾਮ ਉਲੀਕਿਆ ਹੋਇਆ ਸੀ। ਮੁਲਾਜ਼ਮਾਂ ਵੱਲੋਂ ਐਲਾਨੇ ਸੰਘਰਸ਼ ਅਨੁਸਾਰ 30 ਸਤੰਬਰ ਨੂੰ ਵਿਧਾਨ ਸਭਾ ਦਾ ਮਾਹੌਲ ਸਿਰਜਿਆ ਜਾਣਾ ਹੈ ਜਿਸ ’ਚ ਸਭਨਾਂ ਵਿਧਾਇਕਾਂ ਨੂੰ ਸ਼ਾਮਲ ਹੋਣ ਦਾ ਸੱਦਾ ਦਿੱਤਾ ਜਾਣਾ ਹੈ। ਇਸੇ ਤਰ੍ਹਾਂ ਸੰਗਰੂਰ ’ਚ 10 ਅਕਤੂਬਰ ਨੂੰ ਵੱਡੀ ਰੈਲੀ ਕੀਤੀ ਜਾਣੀ ਸੀ ਅਤੇ 21-22 ਅਕਤੂਬਰ ਨੂੰ ਮੁੜ ਮਹਾਂ ਹੜਤਾਲ ਕੀਤੀ ਜਾਣੀ ਸੀ।





