ਸ੍ਰੀ ਆਨੰਦਪੁਰ ਸਾਹਿਬ ਦੀ ਸਰਾਂ ਵਿੱਚ ਵਾਪਰੀ ਘਟਨਾ ਦੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇੱਕ ਪੰਜ ਮੈਂਬਰੀ ਜਾਂਚ ਕਮੇਟੀ ਬਣਾ ਦਿੱਤੀ ਹੈ ਅਤੇ ਇਹ ਕਮੇਟੀ 15 ਦਿਨਾਂ ਵਿੱਚ ਆਪਣੀ ਰਿਪੋਰਟ ਦੇਵੇਗੀ। ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਜਿਨ੍ਹਾਂ ਨੂੰ ਪਹਿਲਾਂ ਮੁਅੱਤਲ ਕੀਤਾ ਗਿਆ ਸੀ, ਨੂੰ ਉਨ੍ਹਾਂ ਦੀਆਂ ਸੇਵਾਵਾਂ ਤੋਂ ਫ਼ਾਰਗ ਕਰ ਦਿੱਤਾ ਗਿਆ ਹੈ।
ਇਹ ਖ਼ੁਲਾਸਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ ਹੈ। ਉਨ੍ਹਾਂ ਇਸ ਮਾਮਲੇ ਵਿੱਚ ਆਪਣਾ ਪੱਖ ਵੀ ਸਪੱਸ਼ਟ ਕਰਦਿਆਂ ਆਖਿਆ ਕਿ ਉਨ੍ਹਾਂ ਨੂੰ ਬਹਿਰੀਨ ਤੋਂ ਆਈ ਬੀਬੀ ਦੀ ਆਮਦ ਬਾਰੇ ਕੋਈ ਜਾਣਕਾਰੀ ਨਹੀਂ ਹੈ ਅਤੇ ਨਾ ਹੀ ਉਸ ਨੇ ਕਦੇ ਮਿਲ ਕੇ ਵਾਪਰੀ ਘਟਨਾ ਬਾਰੇ ਜਾਣਕਾਰੀ ਦਿੱਤੀ ਹੈ। ਉਸ ਵੱਲੋਂ ਲਗਾਏ ਗਏ ਦੋਸ਼ ਬੇਬੁਨਿਆਦ ਹਨ।
ਜਾਂਚ ਵਾਸਤੇ ਬਣਾਈ ਗਈ ਕਮੇਟੀ ਵਿੱਚ ਬਲਦੇਵ ਸਿੰਘ ਕਾਇਮਪੁਰ, ਗੁਰਮੀਤ ਸਿੰਘ ਬੂਹ, ਬੀਬੀ ਗੁਰਿੰਦਰ ਕੌਰ ਭੋਲੂਵਾਲ ਅਤੇ ਗੁਰਬਖ਼ਸ਼ ਸਿੰਘ ਖਾਲਸਾ ਸ਼ਾਮਿਲ ਹਨ, ਜਦੋਂ ਕਿ ਕਮੇਟੀ ਦੇ ਕੋਆਰਡੀਨੇਟਰ ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਹੋਣਗੇ। ਇਹ ਕਮੇਟੀ 15 ਦਿਨਾਂ ਦੇ ਅੰਦਰ ਆਪਣੀ ਰਿਪੋਰਟ ਦੇਵੇਗੀ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਬੀਬੀ ਕਿੱਥੋਂ ਆਈ, ਕਦੋਂ ਆਈ ਅਤੇ ਇਸ ਨੂੰ ਕੌਣ ਲੈ ਕੇ ਆਇਆ, ਇਸ ਬਾਰੇ ਉਨ੍ਹਾਂ ਕੋਲ ਕੋਈ ਜਾਣਕਾਰੀ ਨਹੀਂ ਹੈ। ਉਨ੍ਹਾਂ ਦੱਸਿਆ ਕਿ ਗਿਆਨੀ ਮਲਕੀਤ ਸਿੰਘ ਨੂੰ ਜਦੋਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਥ ਵਿੱਚੋਂ ਛੇਕ ਦਿੱਤਾ ਗਿਆ ਹੈ ਤਾਂ ਸ਼੍ਰੋਮਣੀ ਕਮੇਟੀ ਨੇ ਉਨ੍ਹਾਂ ਨੂੰ ਸਿੱਖ ਸੰਸਥਾ ਦੀਆਂ ਸੇਵਾਵਾਂ ਤੋਂ ਤੁਰੰਤ ਪ੍ਰਭਾਵ ਨਾਲ ਫ਼ਾਰਗ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਮੁਅੱਤਲ ਕੀਤਾ ਗਿਆ ਸੀ। ਉਨ੍ਹਾਂ ਦੇ ਨਾਲ ਸ੍ਰੀ ਆਨੰਦਪੁਰ ਸਾਹਿਬ ਤੋਂ ਇੱਕ ਡਰਾਈਵਰ ਨੂੰ ਵੀ ਮੁਅੱਤਲ ਕੀਤਾ ਗਿਆ ਸੀ।
ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਅਮਰਜੀਤ ਸਿੰਘ ਚਾਵਲਾ ਵੱਲੋਂ ਸ਼੍ਰੋਮਣੀ ਕਮੇਟੀ ਦੀ ਮੈਂਬਰਸ਼ਿਪ ਤੋਂ ਦਿੱਤੇ ਗਏ ਅਸਤੀਫ਼ੇ ਨੂੰ ਵੀ ਤੁਰੰਤ ਪ੍ਰਵਾਨ ਕਰ ਲਿਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਜਿਸ ਦਿਨ ਇਹ ਮਾਮਲਾ ਸਾਹਮਣੇ ਆਇਆ ਸੀ, ਉਸ ਦਿਨ ਹੀ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੂੰ ਇਸ ਮਾਮਲੇ ਦੀ ਜਾਂਚ ਵਾਸਤੇ ਜ਼ਿੰਮੇਵਾਰੀ ਸੌਂਪੀ ਗਈ ਸੀ, ਜੋ ਕਿ ਇਸ ਮਾਮਲੇ ਦੀ ਜਾਂਚ ਕਰ ਰਹੇ ਹਨ। ਉਨ੍ਹਾਂ ਆਖਿਆ ਕਿ ਜਾਂਚ ਕਮੇਟੀ ਦੀ ਰਿਪੋਰਟ ਆਉਣ ਤੋਂ ਬਾਅਦ ਇਸ ਮਾਮਲੇ ਵਿੱਚ ਖੜ੍ਹੇ ਹੋ ਰਹੇ ਹੋਰ ਸਵਾਲਾਂ ਦੇ ਜਵਾਬ ਵੀ ਦਿੱਤੇ ਜਾਣਗੇ।
ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿੱਚ ਪੰਜ ਸਿੰਘ ਸਾਹਿਬਾਨ ਵੱਲੋਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ ਨੂੰ ਪੰਥ ਵਿੱਚੋਂ ਛੇਕ ਦਿੱਤਾ ਗਿਆ ਸੀ ਅਤੇ ਸਿੱਖ ਸੰਗਤ ਨੂੰ ਉਨ੍ਹਾਂ ਨਾਲ ਕਿਸੇ ਵੀ ਤਰ੍ਹਾਂ ਦੀ ਸਾਂਝ ਰੱਖਣ ਤੋਂ ਮਨਾ ਕੀਤਾ ਗਿਆ ਹੈ।
ਦੂਜੇ ਪਾਸੇ, ਅਮਰਜੀਤ ਸਿੰਘ ਚਾਵਲਾ ਦੀ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਇੱਕ ਵੀਡੀਓ ਵਿੱਚ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਲਏ ਗਏ ਫ਼ੈਸਲੇ ’ਤੇ ਸਵਾਲੀਆ ਚਿੰਨ੍ਹ ਲਾਉਂਦਿਆਂ ਆਖਿਆ ਕਿ ਇਸ ਮਾਮਲੇ ਵਿੱਚ ਕੋਈ ਵੀ ਫ਼ੈਸਲਾ ਲੈਣ ਤੋਂ ਪਹਿਲਾਂ ਇੱਕ ਵਾਰ ਉਨ੍ਹਾਂ ਦਾ ਪੱਖ ਜ਼ਰੂਰ ਸੁਣਨਾ ਚਾਹੀਦਾ ਸੀ।






