Gyanesh Kumar SIR Controversy: ਨਵੀਂ ਦਿੱਲੀ ਵਿੱਚ ਪ੍ਰੈਸ ਕਾਨਫਰੰਸ ਕਰ ਕੇ ਅੱਜ ਕੌਕਰੋਚ ਜਨਤਾ ਪਾਰਟੀ (CJP) ਦੇ ਸੰਸਥਾਪਕ ਅਭਿਜੀਤ ਦੀਪਕੇ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਦੇਸ਼ ਦੇ ਲੋਕਤੰਤਰ ਲਈ ਸਭ ਤੋਂ ਵੱਡਾ ਖਤਰਾ ਦੱਸਿਆ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਗਿਆਨੇਸ਼ ਕੁਮਾਰ ਨੂੰ ਤੁਰੰਤ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ ਅਤੇ ਜੇਕਰ ਉਹ 48 ਘੰਟਿਆਂ ਦੇ ਅੰਦਰ ਅਸਤੀਫ਼ਾ ਨਹੀਂ ਦਿੰਦੇ ਤਾਂ ਪਾਰਟੀ ਵੱਲੋਂ ਪੂਰੇ ਦੇਸ਼ ਵਿੱਚ ਵੱਡੇ ਪੱਧਰ ‘ਤੇ ਅੰਦੋਲਨ ਸ਼ੁਰੂ ਕੀਤਾ ਜਾਵੇਗਾ।
ਇਹ ਸਾਰਾ ਵਿਵਾਦ ਇੱਕ ਮੀਡੀਆ ਰਿਪੋਰਟ ਤੋਂ ਬਾਅਦ ਸਾਹਮਣੇ ਆਇਆ ਹੈ, ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਚੋਣ ਕਮਿਸ਼ਨਰ ਸੁਖਬੀਰ ਸਿੰਘ ਸੰਧੂ ਅਤੇ ਵਿਵੇਕ ਜੋਸ਼ੀ ਨੇ ਵੋਟਰ ਸੂਚੀਆਂ ਦੀ ਵਿਸ਼ੇਸ਼ ਮੁੜ ਸੁਧਾਈ (SIR) ‘ਤੇ ਸਵਾਲ ਉਠਾਏ ਸਨ ਪਰ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਅਣਸੁਣਿਆ ਕਰ ਦਿੱਤਾ ਗਿਆ ਸੀ। ਅਭਿਜੀਤ ਦੀਪਕੇ ਨੇ ਕਿਹਾ ਕਿ ਇਸ ਰਿਪੋਰਟ ਤੋਂ ਸਾਬਤ ਹੁੰਦਾ ਹੈ ਕਿ ਚੋਣ ਕਮਿਸ਼ਨਰ ਨੇ ਦੇਸ਼ ਦੇ ਲੋਕਤੰਤਰ ਨੂੰ ਪੁੱਠਾ ਗੇੜਾ ਦੇ ਦਿੱਤਾ ਹੈ ਅਤੇ ਹੁਣ ਜਨਤਾ ਇਹ ਤੈਅ ਨਹੀਂ ਕਰਦੀ ਕਿ ਕਿਸ ਨੂੰ ਵੋਟ ਪਾਉਣੀ ਹੈ, ਸਗੋਂ ਸਰਕਾਰ ਇਹ ਤੈਅ ਕਰ ਰਹੀ ਹੈ ਕਿ ਕਿਸ ਦੀ ਵੋਟ ਬਣੇਗੀ ਅਤੇ ਕਿਸ ਦੀ ਨਹੀਂ।
ਵੋਟਾਂ ਕੱਟਣ ਅਤੇ ਸੱਤਾਧਾਰੀ ਪਾਰਟੀ ਨੂੰ ਫਾਇਦਾ ਪਹੁੰਚਾਉਣ ਦੇ ਦੋਸ਼
ਪ੍ਰੈਸ ਕਾਨਫਰੰਸ ਦੌਰਾਨ ਵੱਖ-ਵੱਖ ਸੂਬਿਆਂ ਵਿੱਚ ਵੋਟਰ ਸੂਚੀਆਂ ਵਿੱਚੋਂ ਨਾਂ ਕੱਟਣ ਦੇ ਅੰਕੜੇ ਸਾਹਮਣੇ ਲਿਆਂਦੇ ਗਏ। ਸੀ.ਜੇ.ਪੀ. ਮੁਖੀ ਨੇ ਦੋਸ਼ ਲਗਾਇਆ ਕਿ ਐਸ.ਆਈ.ਆਰ. (SIR) ਪ੍ਰਕਿਰਿਆ ਤਹਿਤ ਕਰੀਬ 13 ਕਰੋੜ ਵੋਟਾਂ ਰੱਦ ਕਰ ਦਿੱਤੀਆਂ ਗਈਆਂ ਹਨ ਅਤੇ ਗਿਆਨੇਸ਼ ਕੁਮਾਰ ਸਿਰਫ਼ ਇਸ ਲਈ ਕੰਮ ਕਰ ਰਹੇ ਹਨ ਤਾਂ ਜੋ ਭਾਜਪਾ ਸੱਤਾ ਵਿੱਚ ਬਣੀ ਰਹੇ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਵਿਰੋਧੀ ਧਿਰ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜੋ ਕਿ ਕਿਸੇ ਵੀ ਤਰ੍ਹਾਂ ਨਿਰਪੱਖ ਚੋਣਾਂ ਦਾ ਹਿੱਸਾ ਨਹੀਂ ਹੈ।
ਉਨ੍ਹਾਂ ਮਹਾਰਾਸ਼ਟਰ ਅਤੇ ਹੋਰ ਰਾਜਾਂ ਦੀਆਂ ਉਦਾਹਰਣਾਂ ਦਿੰਦਿਆਂ ਕਿਹਾ ਕਿ ਸ਼ਿਵ ਸੈਨਾ ਅਤੇ ਐਨ.ਸੀ.ਪੀ. ਨੂੰ ਤੋੜਿਆ ਗਿਆ ਅਤੇ ਉਨ੍ਹਾਂ ਦੇ ਅਧਿਕਾਰਕ ਚੋਣ ਨਿਸ਼ਾਨ ਖੋਹ ਕੇ ਦੂਜੇ ਧੜਿਆਂ ਨੂੰ ਦੇ ਦਿੱਤੇ ਗਏ। ਪਾਰਟੀ ਦਾ ਕਹਿਣਾ ਹੈ ਕਿ ਚੋਣ ਕਮਿਸ਼ਨ ਦੀ ਮਿਲੀਭੁਗਤ ਨਾਲ ਪੂਰੇ ਦੇਸ਼ ਵਿੱਚ ਚੋਣ ਪ੍ਰਕਿਰਿਆ ਨੂੰ ਪ੍ਰਭਾਵਿਤ ਕੀਤਾ ਜਾ ਰਿਹਾ ਹੈ ਅਤੇ ਇਸ ਪੂਰੇ ਵਰਤਾਰੇ ਪਿੱਛੇ ਕਰਤਾ ਧਰਤਾ ਗਿਆਨੇਸ਼ ਕੁਮਾਰ ਖੁਦ ਹਨ।






