ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਅੱਜ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਚੰਡੀਗੜ੍ਹ ਵਿਖੇ ਪਾਰਟੀ ਦਫ਼ਤਰ ਵਿੱਚ ਹੋਈ ਸਾਰੇ ਹਲਕਾ ਇੰਚਾਰਜਾਂ ਅਤੇ ਸੀਨੀਅਰ ਆਗੂਆਂ ਦੀ ਅਹਿਮ ਮੀਟਿੰਗ ਦੌਰਾਨ ਚੋਣ ਰਣਨੀਤੀ ਨੂੰ ਲੈ ਕੇ ਕਈ ਮਹੱਤਵਪੂਰਨ ਫ਼ੈਸਲੇ ਲਏ ਗਏ ਹਨ।
ਮੀਟਿੰਗ ਵਿੱਚ ਉਲੀਕੇ ਗਏ ਪ੍ਰੋਗਰਾਮਾਂ ਤਹਿਤ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ 6 ਅਕਤੂਬਰ ਨੂੰ ਅਟਾਰੀ ਤੋਂ ਘਰ-ਘਰ ਪਹੁੰਚ ਕਰਕੇ ਚੋਣ ਘੋਸ਼ਣਾ ਪੱਤਰ ਬਾਰੇ ਆਮ ਲੋਕਾਂ ਦੀ ਸਲਾਹ ਲੈਣਗੇ। ਇਸ ਦੌਰਾਨ ਸਾਰੇ ਆਗੂ ਆਪਣੇ-ਆਪਣੇ ਹਲਕੇ ਵਿੱਚ ਮੁਹਿੰਮ ਚਲਾਉਣਗੇ। ਇਸ ਦੇ ਨਾਲ ਹੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਵੱਲੋਂ 5 ਅਕਤੂਬਰ ਤੋਂ ‘ਮਾਵਾਂ ਧੀਆਂ ਦੀ ਲਲਕਾਰ ਅਤੇ ਬੰਦ ਕਰੋ ਨਸ਼ੇ ਦਾ ਕਾਰੋਬਾਰ’ ਨਾਮੀ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਜਾਵੇਗੀ।
ਚੋਣ ਸਰਗਰਮੀਆਂ ਨੂੰ ਹੋਰ ਤੇਜ਼ ਕਰਦਿਆਂ 1 ਨਵੰਬਰ ਨੂੰ ਪੰਜਾਬ ਦਿਵਸ ਵਾਲੇ ਦਿਨ ਪਾਰਟੀ ਵੱਲੋਂ ਆਪਣਾ ਅਧਿਕਾਰਤ ਚੋਣ ਘੋਸ਼ਣਾ ਪੱਤਰ ਜਾਰੀ ਕੀਤਾ ਜਾਵੇਗਾ, ਜਦਕਿ 10 ਨਵੰਬਰ ਤੋਂ ਪੰਜਾਬ ਭਰ ਵਿੱਚ ਪਾਰਟੀ ਵੱਲੋਂ ਵਿਸ਼ੇਸ਼ ਯਾਤਰਾ ਕੱਢੀ ਜਾਵੇਗੀ। ਇਸ ਤੋਂ ਇਲਾਵਾ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਹਾੜੇ ’ਤੇ 8 ਦਸੰਬਰ ਨੂੰ ਮੋਗਾ ਦੇ ਕਿੱਲੀ ਚੇਲ੍ਹਾ ਵਿਖੇ ਇੱਕ ਵਿਸ਼ਾਲ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ।
ਅਕਾਲੀ ਦਲ ਨੇ ਕਥਿਤ ਦੁਸ਼ਪ੍ਰਚਾਰ ਵਿਰੁੱਧ ਕਾਰਵਾਈ ਕਰਨ ਲਈ ਅਰਸ਼ਦੀਪ ਕਲੇਰ ਦੀ ਅਗਵਾਈ ਹੇਠ 11 ਮੈਂਬਰੀ ਵਕੀਲਾਂ ਦੀ ਕਮੇਟੀ ਦਾ ਗਠਨ ਵੀ ਕੀਤਾ ਹੈ। ਇਹ ਕਮੇਟੀ ਪਾਰਟੀ ਵਿਰੋਧੀ ਗਤੀਵਿਧੀਆਂ ਨੂੰ ਵਿਚਾਰੇਗੀ ਅਤੇ ਗਲਤ ਪ੍ਰਚਾਰ ਕਰਨ ਵਾਲਿਆਂ ਨੂੰ ਮਾਣਹਾਨੀ ਦੇ ਨੋਟਿਸ ਭੇਜਣ ਸਮੇਤ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਵੇਗੀ।
ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੇ ਕੇਂਦਰ ਸਰਕਾਰ ਵੱਲੋਂ ਲੰਘੇ ਦਿਨ ਕਣਕ ਦੇ ਭਾਅ ਵਿੱਚ ਕੀਤੇ ਗਏ 25 ਰੁਪਏ ਪ੍ਰਤੀ ਕੁਇੰਟਲ ਦੇ ਵਾਧੇ ਨੂੰ ਨਿਗੁਣਾ ਕਰਾਰ ਦਿੱਤਾ ਹੈ। ਪਾਰਟੀ ਆਗੂਆਂ ਨੇ ਆਖਿਆ ਕਿ ਦੇਸ਼ ਵਿੱਚ ਮਹਿੰਗਾਈ ਤੇਜ਼ੀ ਨਾਲ ਵੱਧ ਰਹੀ ਹੈ ਅਤੇ ਖੇਤੀ ਲਾਗਤਾਂ ਵਿੱਚ ਵੀ ਭਾਰੀ ਵਾਧਾ ਹੋ ਚੁੱਕਾ ਹੈ, ਜਿਸ ਕਰਕੇ ਕੇਂਦਰ ਸਰਕਾਰ ਵੱਲੋਂ ਕੀਤਾ ਗਿਆ ਇਹ ਮਾਮੂਲੀ ਵਾਧਾ ਕਿਸਾਨਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਨਾਕਾਫ਼ੀ ਹੈ। ਅਕਾਲੀ ਦਲ ਨੇ ਕੇਂਦਰ ਸਰਕਾਰ ਨੂੰ ਜ਼ੋਰਦਾਰ ਅਪੀਲ ਕੀਤੀ ਹੈ ਕਿ ਉਹ ਕਣਕ ਦੇ ਭਾਅ ਵਿੱਚ ਕੀਤੇ ਗਏ ਇਸ ਵਾਧੇ ਉੱਤੇ ਮੁੜ ਵਿਚਾਰ ਕਰੇ।






