ਦਿੱਲੀ ਦੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਵਾਪਰੀ ਘਟਨਾ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਵਿਖੇ ਮੰਗ ਪੱਤਰ ਦੇਣ ਪੁੱਜੇ ਆਪ ਦੇ ਵਿਧਾਇਕਾਂ ਦੀ ਇਸ ਕਾਰਵਾਈ ਦੌਰਾਨ ਇੱਕ ਨਵਾਂ ਵਿਵਾਦ ਸ਼ੁਰੂ ਹੋ ਗਿਆ। ਆਪ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਦੋਸ਼ ਲਾਇਆ ਹੈ ਕਿ ਉਸ ਨੂੰ ਰਾਖਵੀਂ ਜਾਤੀ ਦਾ ਹੋਣ ਕਾਰਨ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਤੇ ਜਾਣ ਤੋਂ ਰੋਕਿਆ ਗਿਆ ਹੈ। ਜਦੋਂ ਕਿ ਦੂਜੇ ਪਾਸੇ ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਵੱਲੋਂ ਸਪਸ਼ਟ ਕੀਤਾ ਗਿਆ ਹੈ ਕਿ ਜਾਤ ਪਾਤ ਦੇ ਆਧਾਰ ਤੇ ਕਿਸੇ ’ਤੇ ਕੋਈ ਰੋਕ ਨਹੀਂ ਲਾਈ ਗਈ।
ਆਪ ਦੇ ਵਿਧਾਇਕ ਡਾ ਇੰਦਰਬੀਰ ਸਿੰਘ ਨਿੱਜਰ ਦੀ ਅਗਵਾਈ ਹੇਠ ਅੱਜ ਆਪ ਵਿਧਾਇਕਾਂ ਦਾ ਇੱਕ ਵਫਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਪੁੱਜਿਆ ਸੀ ,ਜਿੱਥੇ ਉਨ੍ਹਾਂ ਨੇ ਇੱਕ ਪੱਤਰ ਦੇ ਕੇ ਮੰਗ ਕੀਤੀ ਕਿ ਦਿੱਲੀ ਦੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਪੁਲੀਸ ਦੇ ਦਾਖਲ ਹੋਣ ਦੇ ਮਾਮਲੇ ਵਿੱਚ ਕਾਰਵਾਈ ਕੀਤੀ ਜਾਵੇ, ਕਿਉਂਕਿ ਇਸ ਨਾਲ ਨਾ ਸਿਰਫ ਸਿੱਖ ਭਾਵਨਾਵਾਂ ਨੂੰ ਠੇਸ ਪੁੱਜੀ ਹੈ ਸਗੋਂ ਗੁਰਦੁਆਰਾ ਸਾਹਿਬ ਦੀ ਮਰਿਆਦਾ ਵੀ ਭੰਗ ਹੋਈ ਹੈ।
ਇਸ ਦੌਰਾਨ ਆਪ ਦੇ ਵਿਧਾਇਕਾਂ ਵਿੱਚ ਸ਼ਾਮਿਲ ਮਨਵਿੰਦਰ ਸਿੰਘ ਗਿਆਸਪੁਰਾ ਨੇ ਦੋਸ਼ ਲਾਇਆ ਕਿ ਉਸ ਨੂੰ ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਦੇ ਅੰਦਰ ਜਾਣ ਤੋਂ ਰੋਕਿਆ ਗਿਆ। ਵਿਧਾਇਕ ਨੇ ਮੀਡੀਆ ਦੇ ਸਾਹਮਣੇ ਲਾਏ ਦੋਸ਼ ਵਿੱਚ ਆਖਿਆ ਕਿ ਉਹ ਛੋਟੀ ਜਾਤ ਨਾਲ ਸੰਬੰਧਿਤ ਹੈ ਅਤੇ ਜਾਤ ਪਾਤ ਦਾ ਵਿਤਕਰਾ ਕਰਦਿਆਂ ਉਸ ਨੂੰ ਅੰਦਰ ਜਾਣ ਤੋਂ ਰੋਕਿਆ ਗਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਪਹਿਲਾਂ ਵੀ ਉਸ ਨਾਲ ਇਸੇ ਆਧਾਰ ਤੇ ਵਿਤਕਰਾ ਹੋ ਚੁੱਕਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸਕੱਤਰੇਤ ਦੇ ਬਾਹਰ ਖੜੇ ਸ੍ਰੀ ਅਕਾਲ ਤਖ਼ਤ ਦੇ ਕਰਮਚਾਰੀਆਂ ਨੇ ਉਨ੍ਹਾਂ ਨੂੰ ਅੰਦਰ ਜਾਣ ਤੋਂ ਰੋਕਿਆ ਅਤੇ ਆਖਿਆ ਕਿ ਸ਼੍ਰੀ ਅਕਾਲ ਤਖਤ ਦੇ ਜਥੇਦਾਰ ਵੱਲੋਂ ਉਸਨੂੰ ਅੰਦਰ ਨਾ ਭੇਜਣ ਦਾ ਆਦੇਸ਼ ਕੀਤਾ ਗਿਆ ਹੈ।
ਇਸ ਸੰਬੰਧ ਵਿੱਚ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਮੀਡੀਆ ਸਲਾਹਕਾਰ ਜਸਕਰਨ ਸਿੰਘ ਨੇ ਇਨ੍ਹਾਂ ਦੋਸ਼ਾਂ ਨੂੰ ਰੱਦ ਕਰਦਿਆਂ ਆਖਿਆ ਕਿ ਗੁਰੂ ਘਰ ਵਿੱਚ ਕਿਸੇ ਨਾਲ ਜਾਤ ਪਾਤ ਦਾ ਕੋਈ ਵਿਤਕਰਾ ਨਹੀਂ ਹੈ ਅਤੇ ਇਹ ਦੋਸ਼ ਬੇਬੁਨਿਆਦ ਹਨ। ਉਨ੍ਹਾਂ ਆਖਿਆ ਕਿ ਰੋਕਣ ਦਾ ਕਾਰਨ ਆਪ ਦੇ ਵਿਧਾਇਕਾਂ ਦੇ ਵਫ਼ਦ ਨੂੰ ਦੱਸਿਆ ਗਿਆ ਸੀ ਅਤੇ ਉਨ੍ਹਾਂ ਨੂੰ ਇਸ ਬਾਰੇ ਬਾਹਰ ਜਾ ਕੇ ਵੀ ਸਪੱਸ਼ਟ ਕਰਨ ਲਈ ਆਖਿਆ ਗਿਆ ਸੀ। ਪਰ ਉਨ੍ਹਾਂ ਨੇ ਅਜਿਹਾ ਕਿਉਂ ਨਹੀਂ ਕੀਤਾ, ਇਸ ਬਾਰੇ ਉਨ੍ਹਾਂ ਕੋਲ ਕੋਈ ਜਾਣਕਾਰੀ ਨਹੀਂ ਹੈ।
ਇਸ ਸਬੰਧ ਵਿੱਚ ਲੋੜ ਪੈਣ ਤੇ ਉਨ੍ਹਾਂ ਕੋਲੋਂ ਵੀ ਸਪਸ਼ਟੀਕਰਨ ਲਿਆ ਜਾ ਸਕਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਵਿਧਾਇਕ ਗਿਆਸਪੁਰਾ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਅਤੇ ਸਿੱਖ ਸੰਸਥਾਵਾਂ ਦੇ ਖ਼ਿਲਾਫ਼ ਕੂੜ ਪ੍ਰਚਾਰ ਕਰਦੇ ਹਨ। ਉਨ੍ਹਾਂ ਆਖਿਆ ਕਿ ਆਪ ਦੇ ਵਿਧਾਇਕਾਂ ਵੱਲੋਂ ਸੌਂਪਿਆ ਗਿਆ ਪੱਤਰ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਸੌਂਪ ਦਿੱਤਾ ਜਾਵੇਗਾ।
ਉਨ੍ਹਾਂ ਆਖਿਆ ਕਿ ਦਿੱਲੀ ਵਿੱਚ ਵਾਪਰੀ ਘਟਨਾ ਦੇ ਸਬੰਧ ਵਿੱਚ ਹੋਰ ਵੀ ਸ਼ਿਕਾਇਤਾਂ ਆਈਆਂ ਹਨ ਅਤੇ ਇਸ ਸਬੰਧ ਵਿੱਚ ਜਥੇਦਾਰ ਸਾਹਿਬਾਨ ਵੱਲੋਂ ਅਗਲੇਰੀ ਕਾਰਵਾਈ ਕੀਤੀ ਜਾਵੇਗੀ । ਇਸ ਸੰਬੰਧ ਵਿੱਚ ਪ੍ਰਬੰਧਕਾਂ ਕੋਲੋਂ ਸਪਸ਼ਟੀਕਰਨ ਮੰਗਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰ ਦੀ ਮਰਿਆਦਾ ਨੂੰ ਕਾਇਮ ਰੱਖਣਾ ਪ੍ਰਬੰਧਕਾਂ ਦੀ ਜਿੰਮੇਵਾਰੀ ਹੈ। ਗੁਰੂ ਘਰ ਦੀ ਮਰਿਆਦਾ ਦੇ ਮੁਤਾਬਿਕ ਨਤਮਸਤਕ ਹੋਣ, ਲੰਗਰ ਤੇ ਰਿਹਾਇਸ਼ ਆਦਿ ਵਾਸਤੇ ਕੋਈ ਵੀ ਗੁਰੂ ਘਰ ਆ ਸਕਦਾ ਹੈ, ਇਸ ਸਬੰਧ ਵਿੱਚ ਕੋਈ ਰੋਕ ਨਹੀਂ ਹੈ। ਪਰ ਗੁਰੂ ਘਰ ਦੇ ਅੰਦਰ ਕਿਸੇ ਨੂੰ ਵੀ ਆਪਣੀ ਸਿਆਸਤ ਕਰਨ ਦੀ ਆਗਿਆ ਨਹੀਂ ਹੈ।






