ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਅਗਾਮੀ ਪੰਜਾਬ ਚੋਣਾਂ ਦੇ ਮੱਦੇਨਜ਼ਰ ਆਪਣੀ ਸ਼ੁਰੂਆਤ ਅਮਨ-ਕਾਨੂੰਨ ਵਿਵਸਥਾ ਦੇ ਮੁੱਦੇ ’ਤੇ ਕਰਨਗੇ। ਹੁਣ ਜਦੋਂ ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਨਾਲ ਸੂਬੇ ਵਿੱਚ ਅਮਨ-ਕਾਨੂੰਨ ਦਾ ਮਸਲਾ ਮੁੜ ਉੱਭਰਿਆ ਹੈ ਤਾਂ ਪੰਜਾਬ ਕਾਂਗਰਸ ਦੇ ਇੰਚਾਰਜ 16 ਅਕਤੂਬਰ ਤੋਂ ਸੂਬੇ ਵਿੱਚ ਗੈਂਗਵਾਰ ਅਤੇ ਹਿੰਸਾ ਤੋਂ ਪੀੜਤ ਪਰਿਵਾਰਾਂ ਨੂੰ ਮਿਲਣਗੇ। ਇਸ ਤੋਂ ਪਹਿਲਾਂ ਪੰਜਾਬ ਭਾਜਪਾ ਨੇ ਸੂਬੇ ਵਿੱਚ ਨਸ਼ਿਆਂ ਖ਼ਿਲਾਫ਼ ਯਾਤਰਾ ਕੱਢੀ ਹੈ ਅਤੇ ਨਸ਼ਾ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਸੀ।
ਕਾਂਗਰਸ ਵੱਲੋਂ ਜਾਰੀ ਬਿਆਨ ਅਨੁਸਾਰ ਸਚਿਨ ਪਾਇਲਟ ਪੰਜਾਬ ਦੇ 11 ਜ਼ਿਲ੍ਹਿਆਂ ਦਾ ਦੌਰਾ ਕਰਨਗੇ, ਜਿਨ੍ਹਾਂ ਵਿੱਚ ਬਠਿੰਡਾ, ਮਾਨਸਾ, ਲੁਧਿਆਣਾ, ਮੋਗਾ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਗੁਰਦਾਸਪੁਰ, ਪਠਾਨਕੋਟ, ਤਰਨ ਤਾਰਨ ਅਤੇ ਅੰਮ੍ਰਿਤਸਰ ਸ਼ਾਮਲ ਹੋਣਗੇ। ਸਚਿਨ ਪਾਇਲਟ ਪੰਜਾਬ ਵਿੱਚ ਪਿਛਲੇ ਸਮੇਂ ਦੌਰਾਨ ਗੈਂਗਸਟਰਾਂ ਵੱਲੋਂ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕਰਨਗੇ ਅਤੇ ਉਨ੍ਹਾਂ ਨਾਲ ਦੁੱਖ ਸਾਂਝਾ ਕਰਨਗੇ। ਸਚਿਨ ਪਾਇਲਟ ਅਤੇ ਕਾਂਗਰਸ ਪ੍ਰਧਾਨ ਦਾ ਇਹ ਪਹਿਲਾ ਪੰਜਾਬ ਦੌਰਾ ਹੋਵੇਗਾ।
ਸਚਿਨ ਪਾਇਲਟ ਦਾ ਪਹਿਲਾ ਪੰਜ ਦਿਨਾਂ ਪੰਜਾਬ ਦੌਰਾ ਸੂਬਾਈ ਕਾਂਗਰਸ ਦੀ ਅੰਦਰੂਨੀ ਸਥਿਤੀ ਨੂੰ ਵੀ ਜ਼ਾਹਿਰ ਕਰੇਗਾ। ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਦੇ ਅਹੁਦਾ ਸੰਭਾਲਣ ਮੌਕੇ ਕਾਂਗਰਸ ਦੇ ਸੀਨੀਅਰ ਨੇਤਾ ਇੱਕਜੁੱਟ ਨਜ਼ਰ ਆਏ ਸਨ।





