ਪਰਵਿੰਦਰ ਸਿੰਘ ਝੋਟਾ ਕਤਲ ਕਾਂਡ ਦੇ ਮਾਮਲੇ ਵਿੱਚ ਅਗਰਵਾਲ ਭਾਈਚਾਰੇ ਨੇ ਵੀ ਇਨਸਾਨੀਅਤ ਦੇ ਨਾਤੇ ਹਮਾਇਤ ਕਰਨ ਦਾ ਐਲਾਨ ਕੀਤਾ ਹੈ। ਸ਼ੁਭਾਸ਼ ਰਾਮ ਡਰਾਮੈਟਿਕ ਕਲੱਬ ਦੇ ਪ੍ਰਧਾਨ ਪ੍ਰਵੀਨ ਗੋਇਲ ਅਤੇ ਪ੍ਰੈਸ ਸਕੱਤਰ ਬਲਜੀਤ ਸ਼ਰਮਾ ਨੇ ਦੱਸਿਆ ਕਿ ਪਰਵਿੰਦਰ ਸਿੰਘ ਝੋਟਾ ਨਸ਼ੇ ਦੇ ਖ਼ਿਲਾਫ਼ ਆਵਾਜ਼ ਚੁੱਕਦਾ ਸੀ। ਉਨ੍ਹਾਂ ਦੱਸਿਆ ਕਿ ਇਸ ਘਟਨਾ ਨੂੰ ਲੈ ਕੇ ਮਾਨਸਾ ਵਿੱਚ ਦੁਸਹਿਰਾ ਉਤਸਵ ਪ੍ਰੋਗਰਾਮ ਅਤੇ ਰਾਮਲੀਲਾ ਪ੍ਰੋਗਰਾਮ ਰੱਦ ਕਰ ਦਿੱਤੇ ਗਏ ਹਨ।
ਉਨ੍ਹਾਂ ਕਿਹਾ ਕਿ ਅਗਰਵਾਲ ਭਾਈਚਾਰੇ ਵੱਲੋਂ ਉਸ ਦੇ ਕਤਲ ਦੀ ਘਟਨਾ ਦੀ ਨਿਖੇਧੀ ਕੀਤੀ ਜਾ ਰਹੀ ਹੈ ਅਤੇ ਮਾਨਸਾ ਅੰਦਰ ਵਾਪਰੀ ਇਹ ਘਟਨਾ ਦੁਖਦਾਈ ਤੇ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਪ੍ਰਤੀ ਸਭ ਨੂੰ ਹਮਦਰਦੀ ਅਤੇ ਸੰਵੇਦਨਾ ਹੈ, ਜਿਸ ਕਰਕੇ ਇਹ ਪ੍ਰੋਗਰਾਮ ਰੱਦ ਕੀਤੇ ਗਏ ਹਨ।
ਜ਼ਿਕਰਯੋਗ ਹੈ ਕਿ ਮਾਨਸਾ ਪੁਲੀਸ ਵੱਲੋਂ ਅੱਜ ਪਰਵਿੰਦਰ ਸਿੰਘ ਝੋਟੇ ਦੇ ਕੇਸ ਵਿੱਚ ਮੈਡੀਕਲ ਸਟੋਰ ਦੇ ਮਾਲਕ ਅਸ਼ਵਨੀ ਕੁਮਾਰ ਅਤੇ ਉਸ ਨੂੰ ਪਨਾਹ ਦੇਣ ਵਾਲੇ ਵਿਪਨ ਗਰਗ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ, ਜਿੱਥੇ ਸੀ ਜੀ ਐੱਮ ਸ੍ਰੀ ਰਾਜਿੰਦਰ ਪ੍ਰਸ਼ਾਦ ਦੀ ਅਦਾਲਤ ਵੱਲੋਂ ਦੋਵਾਂ ਮੁਲਜ਼ਮਾਂ ਨੂੰ 22 ਅਕਤੂਬਰ ਤੱਕ ਪੁਲੀਸ ਰਿਮਾਂਡ ਉੱਤੇ ਭੇਜ ਦਿੱਤਾ ਗਿਆ ਹੈ। ਵੇਰਵਿਆਂ ਅਨੁਸਾਰ ਮੁਲਜ਼ਮਾਂ ਨੂੰ ਵੀਡੀਓ ਕਾਨਫ਼ਰੰਸਿੰਗ ਜ਼ਰੀਏ ਪੇਸ਼ ਕੀਤਾ ਗਿਆ। ਮਾਨਸਾ ਪੁਲੀਸ ਦੇ ਇੱਕ ਅਧਿਕਾਰੀ ਵੱਲੋਂ ਇਸ ਦੀ ਪੁਸ਼ਟੀ ਕੀਤੀ ਗਈ ਹੈ।
ਪਰਵਿੰਦਰ ਝੋਟੇ ਦੀ ਹੱਤਿਆ ਕਰਨ ਮਗਰੋਂ ਫਰਾਰ ਹੋਏ ਮੈਡੀਕਲ ਸਟੋਰ ਦੇ ਮਾਲਕ ਅਸ਼ਵਨੀ ਕੁਮਾਰ ਨੂੰ ਬੀਤੇ ਦਿਨ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਥਾਣਾ ਸਿਟੀ-2 ਪੁਲੀਸ ਨੇ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਫ਼ੌਜੀ ਭੀਮ ਸਿੰਘ ਦੇ ਬਿਆਨ ’ਤੇ ਦੁਕਾਨਦਾਰ ਅਸ਼ਵਨੀ ਕੁਮਾਰ ਅਤੇ ਹੋਰਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਬਠਿੰਡਾ ਰੇਂਜ ਦੇ ਡੀ ਆਈ ਜੀ ਹਰਜੀਤ ਸਿੰਘ ਨੇ ਦੱਸਿਆ ਸੀ ਕਿ ਮਾਮਲੇ ’ਚ ਤਿੰਨ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।





