Rajbir Ghuman Case: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ ਰਾਜਬੀਰ ਘੁੰਮਣ ਅੱਜ ਦੁਪਹਿਰ 2 ਵਜੇ ਚੰਡੀਗੜ੍ਹ ਸਥਿਤ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੇ ਦਫ਼ਤਰ ਪਹੁੰਚੇ। ਉਨ੍ਹਾਂ ਤੋਂ ਮੁੱਖ ਮੰਤਰੀ ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਦੂਜੀ ਵਾਰ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਉਹ 16 ਅਕਤੂਬਰ ਨੂੰ ਸੀਬੀਆਈ ਅੱਗੇ ਪੇਸ਼ ਹੋਏ ਸਨ। ਉਸ ਸਮੇਂ ਜਾਂਚ ਏਜੰਸੀ ਨੇ ਉਨ੍ਹਾਂ ਤੋਂ ਛੇ ਘੰਟੇ ਤੱਕ ਪੁੱਛਗਿੱਛ ਕੀਤੀ ਸੀ।
ਪਿਛਲੀ ਵਾਰ ਪੁੱਛਗਿੱਛ ਤੋਂ ਬਾਅਦ ਰਾਜਬੀਰ ਘੁੰਮਣ ਨੇ ਦੱਸਿਆ ਸੀ ਕਿ ਸੀਬੀਆਈ ਨੇ ਉਨ੍ਹਾਂ ਤੋਂ ਲਗਪਗ 40 ਸਵਾਲ ਪੁੱਛੇ ਸਨ। ਉਨ੍ਹਾਂ ਕਿਹਾ ਸੀ ਕਿ ਉਨ੍ਹਾਂ ਨੇ ਸਾਰੇ ਸਵਾਲਾਂ ਦੇ ਵਿਸਥਾਰ ਨਾਲ ਜਵਾਬ ਦਿੱਤੇ। ਉਨ੍ਹਾਂ ਮੁਤਾਬਕ ਜਾਂਚ ਦੀ ਪ੍ਰਕਿਰਿਆ ਠੀਕ ਢੰਗ ਨਾਲ ਚੱਲੀ ਅਤੇ ਪੁੱਛਗਿੱਛ ਦੌਰਾਨ ਮਾਹੌਲ ਵੀ ਸੁਖਾਵਾਂ ਰਿਹਾ।
ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਸੀ ਕਿ ਸੀਬੀਆਈ ਦੀ ਜਾਂਚ ਪ੍ਰਕਿਰਿਆ ਦੇ ਨਿਯਮਾਂ ਕਾਰਨ ਉਨ੍ਹਾਂ ਦੇ ਵਕੀਲਾਂ ਨੂੰ ਪੁੱਛਗਿੱਛ ਦੌਰਾਨ ਅੰਦਰ ਬੈਠਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਸੀ। ਅੱਜ ਨਿਰਧਾਰਤ ਸਮੇਂ ਅਨੁਸਾਰ ਉਹ ਦੁਪਹਿਰ 2 ਵਜੇ ਮੁੜ ਸੀਬੀਆਈ ਦੇ ਦਫ਼ਤਰ ਪਹੁੰਚੇ।
ਇਸ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਓਐੱਸਡੀ ਰਾਜਬੀਰ ਸਿੰਘ ਘੁੰਮਣ ਖ਼ਿਲਾਫ਼ ਦਰਜ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਸੀਬੀਆਈ ਨੂੰ ਉਨ੍ਹਾਂ ਵਿਰੁੱਧ ਕੋਈ ਵੀ ਸਖ਼ਤ ਕਾਰਵਾਈ ਕਰਨ ਤੋਂ ਰੋਕਿਆ ਹੋਇਆ ਹੈ। ਹਾਲਾਂਕਿ, ਅਦਾਲਤ ਨੇ ਮਾਮਲੇ ਦੀ ਜਾਂਚ ਅਤੇ ਦਰਜ ਐੱਫਆਈਆਰ ’ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਸੀ। ਇਸ ਦੇ ਨਾਲ ਹੀ ਘੁੰਮਣ ਨੂੰ ਜਾਂਚ ਵਿੱਚ ਸ਼ਾਮਲ ਹੋਣ ਦੇ ਹੁਕਮ ਦਿੱਤੇ ਗਏ ਸਨ।
ਹਾਈ ਕੋਰਟ ਨੇ ਸੀਬੀਆਈ ਜਾਂਚ ਦੇ ਦਿੱਤੇ ਸਨ ਹੁਕਮ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 5 ਅਕਤੂਬਰ ਨੂੰ ਇਸ ਭ੍ਰਿਸ਼ਟਾਚਾਰ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪਣ ਦੇ ਹੁਕਮ ਦਿੱਤੇ ਸਨ। ਅਦਾਲਤ ਨੇ ਜਾਂਚ ਏਜੰਸੀ ਨੂੰ ਦੋ ਮਹੀਨਿਆਂ ਦੇ ਅੰਦਰ ਰਿਪੋਰਟ ਪੇਸ਼ ਕਰਨ ਲਈ ਕਿਹਾ ਸੀ। ਇਸ ਫ਼ੈਸਲੇ ਨੂੰ ਚੁਣੌਤੀ ਦਿੰਦਿਆਂ ਪੰਜਾਬ ਸਰਕਾਰ ਨੇ 6 ਅਕਤੂਬਰ ਨੂੰ ਹੀ ਸੁਪਰੀਮ ਕੋਰਟ ਵਿੱਚ ਵਿਸ਼ੇਸ਼ ਇਜਾਜ਼ਤ ਪਟੀਸ਼ਨ (ਐੱਸਐੱਲਪੀ) ਦਾਇਰ ਕਰ ਦਿੱਤੀ ਸੀ।
ਹਾਈ ਕੋਰਟ ਦੇ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਬੈਂਚ ਨੇ 5 ਅਕਤੂਬਰ ਨੂੰ ਜਾਂਚ ਸੀਬੀਆਈ ਦੇ ਹਵਾਲੇ ਕਰਦਿਆਂ ਪੰਜਾਬ ਪੁਲੀਸ ਨੂੰ ਜਾਂਚ ਏਜੰਸੀ ਨਾਲ ਸਹਿਯੋਗ ਕਰਨ ਲਈ ਕਿਹਾ ਸੀ।
ਛੇ ਵਿਅਕਤੀਆਂ ਖ਼ਿਲਾਫ਼ ਦਰਜ ਹੋਈ ਸੀ ਐੱਫਆਈਆਰ
ਸੀਬੀਆਈ ਨੇ 5 ਅਕਤੂਬਰ ਦੀ ਰਾਤ ਨੂੰ ਹੀ ਰਾਜਬੀਰ ਘੁੰਮਣ ਸਮੇਤ ਲਗਪਗ ਛੇ ਵਿਅਕਤੀਆਂ ਖ਼ਿਲਾਫ਼ ਐੱਫਆਈਆਰ ਦਰਜ ਕਰ ਲਈ ਸੀ। ਇਸ ਮਾਮਲੇ ਵਿੱਚ ਸਰਕਾਰੀ ਅਧਿਕਾਰੀਆਂ ਦੇ ਤਬਾਦਲਿਆਂ, ਤਾਇਨਾਤੀਆਂ ਅਤੇ ਟੈਂਡਰਾਂ ਵਿੱਚ ਗੜਬੜੀਆਂ ਹੋਣ ਦੇ ਗੰਭੀਰ ਦੋਸ਼ ਲੱਗੇ ਹਨ। ਇਨ੍ਹਾਂ ਦੋਸ਼ਾਂ ਦੀ ਜਾਂਚ ਸੀਬੀਆਈ ਵੱਲੋਂ ਕੀਤੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 5 ਅਕਤੂਬਰ ਨੂੰ ਇਸ ਭ੍ਰਿਸ਼ਟਾਚਾਰ ਮਾਮਲੇ ਦੀ ਸੀਬੀਆਈ ਜਾਂਚ ਦੇ ਹੁਕਮ ਦਿੱਤੇ ਸਨ ਅਤੇ ਦੋ ਮਹੀਨਿਆਂ ਵਿੱਚ ਰਿਪੋਰਟ ਮੰਗੀ ਸੀ। ਇਸ ਦੇ ਵਿਰੋਧ ਵਿੱਚ ਪੰਜਾਬ ਸਰਕਾਰ ਨੇ 6 ਅਕਤੂਬਰ ਨੂੰ ਹੀ ਸੁਪਰੀਮ ਕੋਰਟ ਵਿੱਚ ਸਪੈਸ਼ਲ ਲੀਵ ਪਟੀਸ਼ਨ (ਐੱਸ ਐੱਲ ਪੀ) ਦਾਇਰ ਕਰ ਦਿੱਤੀ ਸੀ।
ਦੱਸਣਯੋਗ ਹੈ ਕਿ ਹਾਈ ਕੋਰਟ ਦੇ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਬੈਂਚ ਨੇ 5 ਅਕਤੂਬਰ ਨੂੰ ਜਾਂਚ ਸੀਬੀਆਈ ਦੇ ਹਵਾਲੇ ਕਰਦਿਆਂ ਪੰਜਾਬ ਪੁਲੀਸ ਨੂੰ ਸੀ ਬੀ ਆਈ ਨਾਲ ਸਹਿਯੋਗ ਕਰਨ ਲਈ ਕਿਹਾ ਸੀ।ਸੀਬੀਆਈ ਨੇ 5 ਅਕਤੂਬਰ ਦੀ ਰਾਤ ਨੂੰ ਹੀ ਰਾਜਬੀਰ ਘੁੰਮਣ ਸਮੇਤ ਅੱਧੀ ਦਰਜਨ ਵਿਅਕਤੀਆਂ ਖ਼ਿਲਾਫ਼ ਐੱਫਆਈਆਰ ਦਰਜ ਕਰ ਲਈ ਸੀ। ਇਸ ਮਾਮਲੇ ਵਿੱਚ ਤਬਾਦਲਿਆਂ, ਤਾਇਨਾਤੀਆਂ ਅਤੇ ਟੈਂਡਰਾਂ ਵਿੱਚ ਗੜਬੜ ਦੇ ਗੰਭੀਰ ਦੋਸ਼ ਲੱਗੇ ਹਨ।





