Parvinder Jhota Murder: ਨਸ਼ਾ ਵਿਰੋਧੀ ਮੁਹਿੰਮ ਦੇ ਆਗੂ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਮਾਮਲੇ ਵਿੱਚ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਦੀ ਪਤਨੀ ਨੀਲਮ ਰਾਣੀ ਨੂੰ ਅੱਜ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਪਟਿਆਲਾ ਜੇਲ੍ਹ ਭੇਜ ਦਿੱਤਾ ਗਿਆ। ਚਾਰ ਦਿਨਾਂ ਦਾ ਸੀ ਬੀ ਆਈ ਰਿਮਾਂਡ ਖ਼ਤਮ ਹੋਣ ਮਗਰੋਂ ਉਸ ਨੂੰ ਮੁਹਾਲੀ ਸਥਿਤ ਵਿਸ਼ੇਸ਼ ਮੈਜਿਸਟਰੇਟ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਦੌਰਾਨ ਸੀ ਬੀ ਆਈ ਦੇ ਅਧਿਕਾਰੀਆਂ ਨੇ ਹੋਰ ਰਿਮਾਂਡ ਦੀ ਮੰਗ ਨਹੀਂ ਕੀਤੀ।
ਇਸ ਮਾਮਲੇ ਦੇ ਬਾਕੀ ਤਿੰਨ ਮੁਲਜ਼ਮਾਂ ਨੂੰ ਰਿਮਾਂਡ ਖ਼ਤਮ ਹੋਣ ’ਤੇ ਬੁੱਧਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਪਰਵਿੰਦਰ ਝੋਟੇ ਦੀ 13 ਅਕਤੂਬਰ ਨੂੰ ਕੀਤੀ ਗਈ ਸੀ ਹੱਤਿਆ
ਪਰਵਿੰਦਰ ਸਿੰਘ ਉਰਫ਼ ਝੋਟਾ ਦੀ 13 ਅਕਤੂਬਰ ਨੂੰ ਗੋਲੀਆਂ ਲੱਗਣ ਕਾਰਨ ਮਾਨਸਾ ਦੇ ਸਿਵਲ ਹਸਪਤਾਲ ਵਿੱਚ ਮੌਤ ਹੋ ਗਈ ਸੀ। ਇਸ ਮਾਮਲੇ ਵਿੱਚ ਥਾਣਾ ਸਿਟੀ-2 ਮਾਨਸਾ ਦੀ ਪੁਲੀਸ ਨੇ 14 ਅਕਤੂਬਰ ਨੂੰ ਦਰਜ ਐੱਫ ਆਈ ਆਰ ਨੰਬਰ 269 ਤਹਿਤ ਅਸ਼ਵਨੀ ਕੁਮਾਰ ਅਤੇ ਵਿਪਿਨ ਗਰਗ ਨੂੰ 14 ਅਕਤੂਬਰ, ਨੀਲਮ ਰਾਣੀ ਨੂੰ 15 ਅਕਤੂਬਰ ਅਤੇ ਲਾਡੀ ਸਿੰਘ ਨੂੰ 16 ਅਕਤੂਬਰ ਨੂੰ ਗ੍ਰਿਫ਼ਤਾਰ ਕੀਤਾ ਸੀ। ਮੁਲਜ਼ਮਾਂ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ ਦੀਆਂ ਸਬੰਧਤ ਧਾਰਾਵਾਂ ਅਤੇ ਅਸਲਾ ਐਕਟ ਤਹਿਤ ਕਾਰਵਾਈ ਕੀਤੀ ਗਈ ਹੈ।
ਸੀਬੀਆਈ ਨੇ 21 ਅਕਤੂਬਰ ਨੂੰ ਜਾਂਚ ਸੰਭਾਲੀ
ਪਰਿਵਾਰ ਦੀ ਮੰਗ ਅਤੇ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਪੱਤਰ ਮਗਰੋਂ ਸੀ ਬੀ ਆਈ ਨੇ 21 ਅਕਤੂਬਰ ਨੂੰ ਪੰਜਾਬ ਪੁਲੀਸ ਵੱਲੋਂ ਦਰਜ ਐੱਫ ਆਈ ਆਰ ਨੂੰ ਮੁੜ ਦਰਜ ਕਰ ਕੇ ਜਾਂਚ ਸ਼ੁਰੂ ਕੀਤੀ ਸੀ। ਜਾਂਚ ਏਜੰਸੀ ਨੂੰ 23 ਅਕਤੂਬਰ ਨੂੰ ਚਾਰੋਂ ਮੁਲਜ਼ਮਾਂ ਦਾ ਰਿਮਾਂਡ ਮਿਲਿਆ ਸੀ। ਇਸ ਦੌਰਾਨ ਮੁਲਜ਼ਮਾਂ ਤੋਂ ਹੱਤਿਆ ਸਮੇਂ ਦੇ ਹਾਲਾਤ, ਵਾਰਦਾਤ ਦੇ ਮੰਤਵ ਅਤੇ ਵਰਤੇ ਗਏ ਹਥਿਆਰਾਂ ਬਾਰੇ ਪੁੱਛਗਿੱਛ ਕੀਤੀ ਗਈ।






