Punjab Assembly Elections: ਪੰਜਾਬ ਵਿੱਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਚੋਣ ਕਮਿਸ਼ਨ ਦੇ ਸੀਨੀਅਰ ਅਧਿਕਾਰੀਆਂ ਦੀ ਟੀਮ ਚੰਡੀਗੜ੍ਹ ਪੁੱਜੀ। ਅਧਿਕਾਰੀਆਂ ਨੇ ਮੰਗਲਵਾਰ ਨੂੰ ਦੱਸਿਆ ਕਿ ਸੀਨੀਅਰ ਉਪ ਚੋਣ ਕਮਿਸ਼ਨਰ ਦੀ ਅਗਵਾਈ ਹੇਠਲੀ ਟੀਮ ਚੋਣਾਂ ਦੌਰਾਨ ਗ਼ੈਰਕਾਨੂੰਨੀ ਗਤੀਵਿਧੀਆਂ ’ਤੇ ਨਜ਼ਰ ਰੱਖਣ ਵਾਲੀਆਂ ਏਜੰਸੀਆਂ ਨਾਲ ਮੀਟਿੰਗਾਂ ਕਰ ਰਹੀ ਹੈ।
ਅਗਲੇ ਸਾਲ ਦੇ ਸ਼ੁਰੂ ਵਿੱਚ ਪੰਜਾਬ ਦੇ ਨਾਲ-ਨਾਲ ਉੱਤਰ ਪ੍ਰਦੇਸ਼, ਉੱਤਰਾਖੰਡ, ਮਨੀਪੁਰ ਅਤੇ ਗੋਆ ਵਿੱਚ ਵੀ ਵਿਧਾਨ ਸਭਾ ਚੋਣਾਂ ਹੋਣ ਦੀ ਸੰਭਾਵਨਾ ਹੈ।
ਪੰਜਾਬ ਵਿੱਚ ਨਸ਼ਿਆਂ ਦਾ ਮੁੱਦਾ ਅਹਿਮ
ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਇੱਕ ਵੱਡਾ ਸਿਆਸੀ ਅਤੇ ਸਮਾਜਿਕ ਮੁੱਦਾ ਹੈ। ਚੋਣ ਕਮਿਸ਼ਨ ਦੇ ਅਧਿਕਾਰੀਆਂ ਦੀਆਂ ਏਜੰਸੀਆਂ ਨਾਲ ਮੀਟਿੰਗਾਂ ਨੂੰ ਚੋਣਾਂ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਅਹਿਮ ਮੰਨਿਆ ਜਾ ਰਿਹਾ ਹੈ।
ਚੋਣ ਕਮਿਸ਼ਨ ਦੇ ਅਧਿਕਾਰੀ ਪਹਿਲਾਂ ਹੀ ਉੱਤਰਾਖੰਡ ਅਤੇ ਮਨੀਪੁਰ ਦਾ ਦੌਰਾ ਕਰ ਚੁੱਕੇ ਹਨ, ਜਦਕਿ ਉੱਤਰ ਪ੍ਰਦੇਸ਼ ਅਤੇ ਗੋਆ ਦੇ ਦੌਰਿਆਂ ਦੀ ਯੋਜਨਾ ਬਣਾਈ ਜਾ ਰਹੀ ਹੈ।
ਚੋਣਾਂ ਤੋਂ ਪਹਿਲਾਂ ਸੂਬਿਆਂ ਦਾ ਦੌਰਾ ਕਰਦੇ ਹਨ ਕਮਿਸ਼ਨਰ
ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰਨ ਤੋਂ ਪਹਿਲਾਂ ਮੁੱਖ ਚੋਣ ਕਮਿਸ਼ਨਰ ਅਤੇ ਚੋਣ ਕਮਿਸ਼ਨਰ ਉਨ੍ਹਾਂ ਸੂਬਿਆਂ ਦਾ ਦੌਰਾ ਕਰਦੇ ਹਨ, ਜਿੱਥੇ ਵਿਧਾਨ ਸਭਾ ਚੋਣਾਂ ਹੋਣੀਆਂ ਹੁੰਦੀਆਂ ਹਨ।
ਹਾਲ ਹੀ ਵਿੱਚ ਚੋਣ ਕਮਿਸ਼ਨ ਨੇ ਇਨ੍ਹਾਂ ਪੰਜ ਸੂਬਿਆਂ ਸਮੇਤ 17 ਸੂਬਿਆਂ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਮੁੜ ਸੁਧਾਈ ਕਰਵਾਉਣ ਦੇ ਹੁਕਮ ਦਿੱਤੇ ਸਨ। ਕਮਿਸ਼ਨ ਨੇ ਕਿਹਾ ਸੀ ਕਿ ਇਨ੍ਹਾਂ ਪੰਜ ਸੂਬਿਆਂ ਵਿੱਚ ਅਗਲੇ ਸਾਲ ਦੇ ਸ਼ੁਰੂ ਵਿੱਚ ਚੋਣਾਂ ਹੋ ਸਕਦੀਆਂ ਹਨ।
ਪੰਜਾਬ ਵਿਧਾਨ ਸਭਾ ਦਾ ਕਾਰਜਕਾਲ ਮਾਰਚ 2027 ਵਿੱਚ ਹੋਵੇਗਾ ਖ਼ਤਮ
ਉੱਤਰ ਪ੍ਰਦੇਸ਼ ਦੀ 493 ਮੈਂਬਰੀ ਵਿਧਾਨ ਸਭਾ ਦਾ ਕਾਰਜਕਾਲ 22 ਮਈ 2027 ਨੂੰ ਖ਼ਤਮ ਹੋ ਰਿਹਾ ਹੈ। ਮਨੀਪੁਰ ਦੀ 60 ਮੈਂਬਰੀ, ਗੋਆ ਦੀ 40 ਮੈਂਬਰੀ, ਪੰਜਾਬ ਦੀ 117 ਮੈਂਬਰੀ ਅਤੇ ਉੱਤਰਾਖੰਡ ਦੀ 70 ਮੈਂਬਰੀ ਵਿਧਾਨ ਸਭਾ ਦਾ ਕਾਰਜਕਾਲ ਮਾਰਚ 2027 ਵਿੱਚ ਵੱਖ-ਵੱਖ ਤਰੀਕਾਂ ’ਤੇ ਖ਼ਤਮ ਹੋ ਰਿਹਾ ਹੈ।
ਲੋਕ ਪ੍ਰਤੀਨਿਧਤਾ ਕਾਨੂੰਨ, 1950 ਦੀਆਂ ਵਿਵਸਥਾਵਾਂ ਤਹਿਤ ਚੋਣ ਕਮਿਸ਼ਨ ਨੂੰ ਵਿਧਾਨ ਸਭਾ ਦਾ ਕਾਰਜਕਾਲ ਖ਼ਤਮ ਹੋਣ ਤੋਂ ਛੇ ਮਹੀਨੇ ਪਹਿਲਾਂ ਚੋਣਾਂ ਕਰਵਾਉਣ ਦੀ ਇਜਾਜ਼ਤ ਹੈ।






